ਬਾਦਲਾਂ ਨੂੰ ਟੱਕਰ ਦੇਣ ਲਈ ਬਾਗੀ ਆਗੂਆਂ ਵੱਲੋਂ ਨਵੇਂ ਅਕਾਲੀ ਦਲ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ। ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਧਰਮ ਸਿੰਘ ਨੇ ਅਰਦਾਸ ਕੀਤੀ।

ਅਕਾਲ ਤਖ਼ਤ ‘ਤੇ ਅਰਦਾਸ ਕਰਨ ਲਈ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਸਾਹਮਣੇ ਬਣੇ ਪਲਾਜ਼ਾ ਵਿਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਦੀ ਅਗਵਾਈ ਹੇਠ ਪਾਰਟੀ ਦੇ ਸਮਰਥਕ ਇਕੱਠੇ ਹੋਏ। ਅਕਾਲੀ ਦਲ ਦੀ ਸਥਾਪਨਾ ਲਈ ਅਰਦਾਸ ਕਰਨ ਮਗਰੋਂ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਬਾਦਲ ਪਰਿਵਾਰ ‘ਤੇ ਸਿੱਖ ਸਿਧਾਂਤਾਂ ਦਾ ਘਾਣ ਕਰਨ ਦੇ ਦੋਸ਼ ਲਾਏ। ਇਸ ਮੌਕੇ ਪੜ੍ਹੇ ਗਏ ਮਤੇ ਵਿਚ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫੀ ਦੇਣ, ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਤੇ ਬਹਿਬਲ ਕਲਾਂ ਵਿਚ ਲਾਠੀਆਂ ਅਤੇ ਗੋਲੀਆਂ ਚਲਾ ਕੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਨ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ।
ਮਤੇ ਵਿਚ ਇਹ ਵੀ ਕਿਹਾ ਗਿਆ ਕਿ ਬਾਦਲ ਪਰਿਵਾਰ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਸ੍ਰੀ ਸੇਖਵਾਂ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਡਾ. ਰਤਨ ਸਿੰਘ ਅਜਨਾਲਾ ਤੇ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲਾ ਨੇ ਕੀਤੀ। ਇਸ ਮੌਕੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਾਣਬੁੱਝ ਕੇ ਅਨੇਕਾਂ ਗਲਤੀਆਂ ਕੀਤੀਆਂ, ਸਿੱਖ ਸਿਧਾਂਤਾਂ ਨੂੰ ਢਾਹ ਲਾਈ, ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ 1920 ਦੇ ਸੰਵਿਧਾਨ ਵਾਲੇ ਅਕਾਲੀ ਦਲ ਦੀ ਭਾਵਨਾ ਨੂੰ ਸਾਕਾਰ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਜਾਵੇਗੀ ਅਤੇ ਵਿਸਾਖੀ ਤੱਕ ਪਾਰਟੀ ਦੇ ਮੁਕੰਮਲ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਤੇ ਪਾਰਟੀ ਦੀ ਰਜਿਸਟਰੇਸ਼ਨ ਲਈ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਸਮੂਹ ਪੰਥ ਅਤੇ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰੇਗਾ।
_________________________
ਸ਼੍ਰੋਮਣੀ ਅਕਾਲੀ ਦਲ ਖਿਲਾਫ ਬਣੇ ‘ਅਕਾਲੀ ਦਲਾਂ’ ਨੂੰ ਲੋਕਾਂ ਨੇ ਨਕਾਰਿਆ: ਬਾਦਲ
ਲੰਬੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਾਜ਼ਿਸ਼ਾਂ ਤਹਿਤ ਸਿੱਧੇ-ਅਸਿੱਧੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਕਈ ਵਾਰ ਅਕਾਲੀ ਦਲ ਖੜ੍ਹੇ ਕੀਤੇ ਹਨ। ਇਤਿਹਾਸ ਗਵਾਹ ਹੈ ਕਿ ਕਾਂਗਰਸ ਦੇ ਅਜਿਹੇ ਸਾਜ਼ਿਸ਼ੀ ਤਜਰਬਿਆਂ ਨੂੰ ਪੰਜਾਬੀਆਂ ਅਤੇ ਖਾਲਸਾ ਪੰਥ ਨੇ ਕਦੇ ਨਹੀਂ ਅਪਣਾਇਆ। ਅਜਿਹੇ ਕਦਮ ਚੁੱਕਣ ਵਾਲੇ ਵੱਡੇ-ਵੱਡੇ ਆਗੂਆਂ ਦਾ ਲੋਕਾਂ ਨੇ ਰੱਤੀ ਭਰ ਸਾਥ ਨਹੀਂ ਦਿੱਤਾ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਅਕਾਲੀ ਦਲ ਨੇ ਦੇਸ਼, ਪੰਜਾਬ, ਸਿੱਖ ਪੰਥ ਤੇ ਲੋਕ-ਹਿੱਤਾਂ ਲਈ ਵੱਡੇ ਸੰਘਰਸ਼ ਕੀਤੇ ਹਨ।
_________________________
ਬਾਗੀ ਟਕਸਾਲੀਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ
ਅੰਮ੍ਰਿਤਸਰ: ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਆਦਿ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗੀ। ਸੰਸਦ ਮੈਂਬਰ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦਾ ਸਮਾਂ ਪੂਰਾ ਹੋ ਚੁੱਕਾ ਹੈ। ਜੇਕਰ ਚੋਣਾਂ ਕਰਾਉਣ ਵਿਚ ਅੜਿੱਕਾ ਖੜ੍ਹਾ ਕੀਤਾ ਗਿਆ ਤਾਂ ਉਹ ਇਸ ਸਬੰਧੀ ਕਾਨੂੰਨੀ ਚਾਰਾਜੋਈ ਵੀ ਕਰਨਗੇ। ਉਨ੍ਹਾਂ ਖੁਲਾਸਾ ਕੀਤਾ ਕਿ ਬਾਦਲ ਦਲ ਤੋਂ ਨਾਰਾਜ਼ ਤੇ ਨਿਰਾਸ਼ ਆਗੂਆਂ, ਕਾਰਕੁਨਾਂ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਵੱਲੋਂ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਢਾਹ ਲਾਈ ਗਈ ਹੈ। ਬਿਨਾਂ ਮੁਆਫੀ ਮੰਗਿਆਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਾਉਣਾ, ਬੇਅਦਬੀ ਘਟਨਾਵਾਂ ਅਤੇ ਬਰਗਾੜੀ ਗੋਲੀ ਕਾਂਡ ਸਾਧਾਰਨ ਗਲਤੀਆਂ ਨਹੀਂ ਬਲਕਿ ਬੱਜਰ ਪਾਪ ਹੈ ਜਿਸ ਨੂੰ ਬਖਸ਼ਿਆ ਨਹੀਂ ਜਾ ਸਕਦਾ।