ਕਰਤਾਰਪੁਰ ਸਾਹਿਬ ਲਾਂਘੇ ‘ਤੇ ਸਿਆਸਤ ਮੁੜ ਭਖੀ

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨਾਲ ਸਿਆਸਤ ਮੁੜ ਭਖ ਗਈ ਹੈ। ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨੀ ਫ਼ੌਜ ਦੀ ਸਾਜ਼ਿਸ਼ ਵਾਲੇ ਬਿਆਨ ਦਾ ਪ੍ਰਭਾਵ ਇਹੀ ਲਿਆ ਗਿਆ ਕਿ ਕੈਪਟਨ ਲਾਂਘਾ ਖੋਲ੍ਹਣ ਦੇ ਹੱਕ ਵਿਚ ਨਹੀਂ ਹਨ। ਅਕਾਲੀ ਦਲ ਅਤੇ ਹੋਰ ਧਿਰਾਂ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ।
ਕੈਪਟਨ ਨੇ ਹਾਲਾਂਕਿ ਸਪੱਸ਼ਟੀਕਰਨ ਵੀ ਦਿੱਤਾ ਹੈ ਕਿ

ਕਾਂਗਰਸ ਪਾਰਟੀ ਅਤੇ ਉਹ ਨਿੱਜੀ ਤੌਰ ਉਤੇ ਲਾਂਘਾ ਖੋਲ੍ਹਣ ਦੇ ਹੱਕ ਵਿਚ ਰਹੇ ਹਨ ਅਤੇ ਪਾਕਿਸਤਾਨੀ ਵਜ਼ੀਰ-ਏ-ਆਜ਼ਮ ਇਮਰਾਨ ਖਾਨ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੱਕ ਵਾਅਦਾ ਪੂਰਾ ਕਰਨ ਦੀ ਅਪੀਲ ਵੀ ਕੀਤੀ ਹੈ, ਇਸ ਸਭ ਦੇ ਬਾਵਜੂਦ ਪਾਕਿਸਤਾਨ ਨਾਲ ਸਬੰਧਾਂ ਜਾਂ ਲਾਂਘੇ ਬਾਰੇ ਕੈਪਟਨ ਦੇ ਬਿਆਨ ਕਾਂਗਰਸ ਪਾਰਟੀ ਜਾਂ ਉਨ੍ਹਾਂ ਦੀ ਖ਼ੁਦ ਦੀ ਪੁਰਾਣੀ ਸਮਝ ਤੋਂ ਹਟ ਕੇ ਆਉਣ ਕਰਕੇ ਧਿਆਨ ਖਿੱਚਦੇ ਰਹੇ ਹਨ। ਕੈਪਟਨ ਵੱਲੋਂ 26 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਲਾਂਘਾ ਖੋਲ੍ਹਣ ਦੇ ਉਦਘਾਟਨ ਮੌਕੇ ਪਾਕਿਸਤਾਨੀ ਫ਼ੌਜ ਦੇ ਜਨਰਲ ਨੂੰ ਦਿੱਤੀਆਂ ਚਿਤਾਵਨੀਆਂ ਵੀ ਉਵੇਂ ਬੇਲੋੜੀਆਂ ਸਮਝੀਆਂ ਗਈਆਂ ਜਿਵੇਂ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦੀ ਬੁਨਿਆਦ ਰੱਖਦੇ ਹੋਏ ਕਸ਼ਮੀਰ ਦਾ ਕੀਤਾ ਗਿਆ ਜ਼ਿਕਰ। ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ।
ਸਿੱਖ ਸੱਤ ਦਹਾਕਿਆਂ ਤੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਅਰਦਾਸ ਕਰਦੇ ਆਏ ਹਨ ਤੇ ਕਈ ਵਾਰ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇ ਪੱਧਰ ਉੱਤੇ ਗੱਲਬਾਤ ਵੀ ਹੋਈ ਪਰ ਇਮਰਾਨ ਖਾਨ ਦੇ ਹਲਫ਼ਦਾਰੀ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਦੇ ਜਾਣ ਅਤੇ ਉੱਥੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸਿੱਧੂ ਨੂੰ ਲਾਂਘਾ ਖੋਲ੍ਹਣ ਦੀ ਸੂਚਨਾ ਦਿੱਤੀ। ਭਾਰਤ ਵਾਲੇ ਪਾਸੇ ਬਹੁਤ ਸਾਰੇ ਲੋਕਾਂ ਨੇ ਸਿੱਧੂ ਅਤੇ ਬਾਜਵਾ ਦੀ ਜੱਫ਼ੀ ਨੂੰ ਹੀ ਮੁੱਦਾ ਬਣਾ ਲਿਆ। ਇਸੇ ਦੌਰਾਨ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਦੇ ਪੱਧਰ ਉੱਤੇ ਗੱਲਬਾਤ ਹੋਈ ਅਤੇ ਲਾਂਘਾ ਖੋਲ੍ਹਣ ਦਾ ਉਦਘਾਟਨੀ ਦਿਨ ਵੀ ਆਣ ਢੁੱਕਾ। ਇਸ ਵਿਚ ਨਵਜੋਤ ਸਿੱਧੂ ਨੇ ਨਾਮਣਾ ਖੱਟਿਆ, ਭਾਵੇਂ ਕਾਂਗਰਸ, ਭਾਜਪਾ ਅਤੇ ਅਕਾਲੀ ਵੀ ਆਪਣੀ ਪਿੱਠ ਥਾਪੜਦੇ ਰਹੇ।
ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਟੂਰਿਜ਼ਮ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ।
_______________________
ਲਾਂਘੇ ਬਾਰੇ ਸਿਆਸਤ ਨਹੀਂ ਕਰਨੀ ਚਾਹੀਦੀ: ਸਿੱਧੂ
ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਬਾਰੇ ਸਿਆਸਤ ਨਹੀਂ ਕਰਨੀ ਚਾਹੀਦੀ। ਲਾਂਘਾ ਕਿਸਾਨਾਂ ਤੇ ਮਜ਼ਦੂਰਾਂ ਦੀ ਖੁਸ਼ਹਾਲੀ ਦਾ ਰਾਹ ਖੋਲ੍ਹੇਗਾ। ਇਸ ਨਾਲ ਕੌਮਾਂਤਰੀ ਸਰਹੱਦ ‘ਤੇ ਲੱਗੇ ਗ੍ਰਹਿਣ ਛਟ ਜਾਣਗੇ। ਉਨ੍ਹਾਂ ਕਿਹਾ ਕਿ ਲਾਂਘੇ ਬਾਰੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਜੇ ਕੋਈ ਇਸ ਮੁੱਦੇ ‘ਤੇ ਉਨ੍ਹਾਂ ਦੀ ਨਿਖੇਧੀ ਕਰਦਾ ਹੈ ਤਾਂ ਉਹ ਉਸ ਨੂੰ ਅਣਗੌਲਿਆ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਰਹੱਦ ‘ਤੇ ਖੂਨ ਖਰਾਬਾ ਬੰਦ ਹੋਵੇ।
_______________________
ਲਾਂਘੇ ਵਿਰੋਧੀ ਬਿਆਨ ਦੇਣ ਵਾਲਿਆਂ ਦੀ ਆਲੋਚਨਾ
ਜਲੰਧਰ: ਦੱਖਣੀ ਏਸ਼ੀਆ ਖਾਸ ਕਰਕੇ ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਤੇ ਸਦਭਾਵਨਾ ਦੀ ਬਹਾਲੀ ਲਈ ਕੰਮ ਕਰਨ ਵਾਲੀਆਂ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫ਼ੋਕਲੋਰ ਰਿਸਰਚ ਅਕਾਦਮੀ, ਪਾਕਿਸਤਾਨ-ਇੰਡੀਆ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕ੍ਰੇਸੀ, ‘ਸਾਫਮਾ’ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਪਿਛਲੇ ਦਿਨੀਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਕੀਤੇ ਗਏ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ ਅਤੇ ਦੋਵਾਂ ਸਰਕਾਰਾਂ ਨੂੰ ਇਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀ ਬੇਨਤੀ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਸਫਲਤਾ ਨਾਲ ਕਰਤਾਰਪੁਰ ਲਾਂਘਾ ਖੁੱਲ੍ਹ ਜਾਂਦਾ ਹੈ ਅਤੇ ਲੋਕਾਂ ਨੂੰ ਕਰਤਾਰਪੁਰ (ਪਾਕਿਸਤਾਨ) ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦਾ ਅਵਸਰ ਮਿਲਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਸਦਭਾਵਨਾ ਅਤੇ ਵਿਸ਼ਵਾਸ ਦਾ ਮਾਹੌਲ ਪੈਦਾ ਹੋਵੇਗਾ, ਜਿਸ ਨਾਲ ਅੱਗੇ ਲੋਕਾਂ ਲਈ ਅਟਾਰੀ-ਵਾਹਗਾ ਸਰਹੱਦ ਖੋਲ੍ਹਣ ਅਤੇ ਸਾਰੇ ਦੁਵੱਲੇ ਗੁੰਝਲਦਾਰ ਮਸਲੇ ਪੁਰ ਅਮਨ ਗੱਲਬਾਤ ਰਾਹੀਂ ਹੱਲ ਕਰਨ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਉਪਰੋਕਤ ਜਥੇਬੰਦੀਆਂ ਦੇ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਦੇ ਕੁਝ ਆਗੂਆਂ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਵਿਰੁੱਧ ਬਿਆਨ ਦੀ ਸਖਤ ਆਲੋਚਨਾ ਕੀਤੀ।
_______________________
ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਲੰਬਾ ਮਾਰਗ ਬਣੇਗਾ
ਨਵੀਂ ਦਿੱਲੀ: ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਸਬੰਧਤ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਲੋਕ ਸਭਾ ‘ਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਮਨਸੁਖ ਐਲ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ। ਇਹ ਲਾਂਘਾ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਵਾਲੇ ਅਸਥਾਨ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ।
ਸ੍ਰੀ ਮਾਂਡਵੀਆ ਤੋਂ ਸਵਾਲ ਪੁੱਛਿਆ ਗਿਆ ਸੀ ਕਿ ਕੀ ਕੌਮੀ ਰਾਜ ਮਾਰਗ ਅਥਾਰਟੀ ਵੱਲੋਂ ਲਾਂਘੇ ਸਬੰਧੀ ਕਿਸੇ ਪ੍ਰੋਜੈਕਟ ਨੂੰ ਵਿਕਸਤ ਕਰਨ ਦੀ ਕੋਈ ਯੋਜਨਾ ਹੈ। ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ ਤਕ ਲਾਂਘਾ ਵਿਕਸਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੀ ਸੜਕ ਕੱਢਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। ਲਾਂਘਾ ਬਣਾਉਣ ਦਾ ਫੈਸਲਾ 22 ਨਵੰਬਰ ਨੂੰ ਕੇਂਦਰੀ ਵਜ਼ਾਰਤ ‘ਚ ਲਿਆ ਗਿਆ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 28 ਨਵੰਬਰ ਨੂੰ ਮੁਲਕ ‘ਚ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।
_______________________
ਪੱਕੇ ਹੱਲ ਲਈ ਪਾਕਿਸਤਾਨ ਨਾਲ ਜ਼ਮੀਨ ਦਾ ਤਬਾਦਲਾ: ਬਾਜਵਾ
ਅੰਮ੍ਰਿਤਸਰ: ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਲਾਂਘੇ ਦਾ ਪੱਕਾ ਹੱਲ ਕਰਨ ਲਈ ਪਾਕਿਸਤਾਨ ਨਾਲ ਜ਼ਮੀਨ ਦਾ ਤਬਾਦਲਾ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ 2011 ਵਿਚ ਲੋਕ ਸਭਾ ਵਿਚ ਗੁਰਦੁਆਰਾ ਕਰਤਾਰਪੁਰ ਲਾਂਘੇ ਦੇ ਪੱਕੇ ਹੱਲ ਸਬੰਧੀ ਜ਼ਮੀਨ ਤਬਾਦਲਾ ਨੀਤੀ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਆਖਿਆ ਕਿ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਗੁਰਦੁਆਰਾ ਕਰਤਾਰਪੁਰ ਲਾਂਘੇ ਦਾ ਪੱਕਾ ਹੱਲ ਇਹੀ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨਾਲ ਜ਼ਮੀਨ ਦਾ ਤਬਾਦਲਾ ਕਰੇ।