ਬਠਿੰਡਾ: ਪੰਜਾਬੀ ਲੋਕ ਅਸਲੇ ਲਈ ਇੰਨੇ ਸ਼ੁਦਾਈ ਹੋਏ ਪਏ ਹਨ ਕਿ ਇਸ ਮਾਮਲੇ ਵਿਚ ਉਨ੍ਹਾਂ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਲੰਘੇ ਦੋ ਵਰ੍ਹਿਆਂ ‘ਚ ਪੰਜਾਬ ਵਿਚ ਜਿੰਨੇ ਅਸਲਾ ਲਾਇਸੈਂਸ ਬਣੇ ਹਨ, ਉਨੇ ਜੰਮੂ-ਕਸ਼ਮੀਰ ਨੂੰ ਛੱਡ ਕੇ ਦੇਸ਼ ਦੇ ਹੋਰ ਕਿਸੇ ਸੂਬੇ ‘ਚ ਨਹੀਂ ਬਣੇ। ਉੱਤਰ ਪ੍ਰਦੇਸ਼ ‘ਚ ਦੇਸ਼ ਭਰ ਵਿਚੋਂ ਸਭ ਤੋਂ ਵੱਧ 12.88 ਲੱਖ ਅਸਲਾ ਲਾਇਸੈਂਸ ਹਨ ਅਤੇ ਏਡੇ ਵੱਡੇ ਸੂਬੇ ਵਿਚ ਪਹਿਲੀ ਜਨਵਰੀ 2017 ਤੋਂ ਹੁਣ ਤੱਕ ਸਿਰਫ 11,459 ਨਵੇਂ ਅਸਲਾ ਲਾਇਸੈਂਸ ਬਣੇ ਹਨ ਜਦੋਂ ਕਿ ਪੰਜਾਬ ਵਿਚ ਇਨ੍ਹਾਂ ਦੋ ਵਰ੍ਹਿਆਂ ਦੌਰਾਨ 26,322 ਅਸਲਾ ਲਾਇਸੈਂਸ ਬਣੇ ਹਨ।
ਇਨ੍ਹਾਂ ਦੋ ਸਾਲਾਂ ਦੌਰਾਨ ਹਰਿਆਣਾ ਵਿਚ ਸਿਰਫ 10,238 ਅਤੇ ਰਾਜਸਥਾਨ ਵਿਚ ਸਿਰਫ 6390 ਅਸਲਾ ਲਾਇਸੈਂਸ ਬਣੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਅਸਲਾ ਲਾਇਸੈਂਸਾਂ ਨੂੰ ਯੂਨੀਕ ਸ਼ਨਾਖ਼ਤ ਨੰਬਰ ਨਾਲ ਜੋੜਨ ਲਈ ‘ਨੈਸ਼ਨਲ ਡਾਟਾਬੇਸ ਆਫ ਆਰਮਜ਼ ਲਾਇਸੈਂਸ’ ਤਿਆਰ ਕੀਤਾ ਗਿਆ ਹੈ। ਨਵੇਂ ਡਾਟਾਬੇਸ ਨੇ ਨਵੇਂ ਤੱਥ ਉਜਾਗਰ ਕੀਤੇ ਹਨ, ਜੋ ਚੌਕਸ ਕਰਨ ਵਾਲੇ ਹਨ। ਦੇਸ਼ ਭਰ ਵਿਚ 35.87 ਲੱਖ ਅਸਲਾ ਲਾਇਸੈਂਸ ਹਨ ਜਦੋਂ ਕਿ ਪੰਜਾਬ ਵਿਚ ਹੁਣ ਅਸਲਾ ਲਾਇਸੈਂਸਾਂ ਦੀ ਗਿਣਤੀ 3,85,671 ਹੋ ਗਈ ਹੈ ਜੋ ਕਿ ਪਹਿਲੀ ਜਨਵਰੀ 2017 ਨੂੰ 3,59,349 ਸੀ। ਇਹੋ ਗਿਣਤੀ ਪੰਜਾਬ ਵਿਚ ਜੁਲਾਈ 2011 ਵਿਚ 3,23,492 ਸੀ। ਮਤਲਬ ਕਿ ਪੰਜਾਬ ਵਿਚ ਸਾਢੇ ਸੱਤ ਵਰ੍ਹਿਆਂ ਵਿਚ 62,179 ਨਵੇਂ ਅਸਲਾ ਲਾਇਸੈਂਸ ਬਣੇ ਹਨ। ਹਕੂਮਤ ਬਦਲੀ ਮਗਰੋਂ ਵੀ ਲਾਇਸੈਂਸਾਂ ਨੂੰ ਠੱਲ੍ਹ ਨਹੀਂ ਪਈ ਹੈ।
ਵੇਰਵਿਆਂ ਅਨੁਸਾਰ ਦੇਸ਼ ਵਿਚੋਂ ਪੰਜਾਬ ਅਸਲਾ ਲਾਇਸੈਂਸਾਂ ਦੇ ਮਾਮਲੇ ਵਿਚ ਤੀਸਰੇ ਸਥਾਨ ਹੈ ਜਦੋਂ ਕਿ ਜੰਮੂ ਕਸ਼ਮੀਰ 4.84 ਲੱਖ ਅਸਲਾ ਲਾਇਸੈਂਸਾਂ ਨਾਲ ਦੂਸਰੇ ਨੰਬਰ ਉਤੇ ਹੈ। ਜੰਮੂ-ਕਸ਼ਮੀਰ ਅਜਿਹਾ ਸੂਬਾ ਹੈ ਜਿਥੇ ਲੰਘੇ ਦੋ ਵਰ੍ਹਿਆਂ ਦੌਰਾਨ ਦੇਸ਼ ਭਰ ‘ਚੋਂ ਸਭ ਤੋਂ ਜ਼ਿਆਦਾ 1.15 ਲੱਖ ਅਸਲਾ ਲਾਇਸੈਂਸ ਬਣੇ ਹਨ। ਜੰਮੂ ਕਸ਼ਮੀਰ ਤਾਂ ਗੜਬੜ ਵਾਲਾ ਖਿੱਤਾ ਕਰਾਰ ਦਿੱਤਾ ਹੋਇਆ ਹੈ। ਪੰਜਾਬ ਵਿਚ ਲੋਕ ਕਾਹਦੇ ਲਈ ਸਭ ਕੁੱਝ ਦਾਅ ‘ਤੇ ਲਾ ਦਿੰਦੇ ਹਨ। ਜਦੋਂ ਕਿ ਹਰਿਆਣਾ ਵਿਚ ਸਿਰਫ 1.52 ਲੱਖ ਅਤੇ ਰਾਜਸਥਾਨ ਵਿਚ ਕੇਵਲ 1.40 ਲੱਖ ਅਸਲਾ ਲਾਇਸੈਂਸ ਹਨ। ਮੁਲਕ ਦੇ ਸਿਰਫ ਸੱਤ ਸੂਬੇ ਹੀ ਹਨ ਜਿਥੇ ਅਸਲਾ ਲਾਇਸੈਂਸਾਂ ਦੀ ਗਿਣਤੀ ਇਕ ਲੱਖ ਤੋਂ ਟੱਪੀ ਹੈ। ਮੁਲਕ ਦੀ ਰਾਜਧਾਨੀ ਦਿੱਲੀ ਵਿਚ ਅਸਲਾ ਲਾਇਸੈਂਸਾਂ ਦੀ ਗਿਣਤੀ 40,620 ਅਤੇ ਚੰਡੀਗੜ੍ਹ ਵਿਚ ਇਹੋ ਗਿਣਤੀ 80,858 ਹੈ। ਕੇਰਲ ਵਿਚ ਸਿਰਫ 10,600 ਅਸਲਾ ਲਾਇਸੈਂਸ ਹਨ ਜਦੋਂ ਕਿ ਗੁਜਰਾਤ ਵਿਚ 63,138 ਅਸਲਾ ਲਾਇਸੈਂਸ ਹਨ। ਪੰਜਾਬ ਵਿਚ ਇਸ ਵੇਲੇ ਕਰੀਬ 55 ਲੱਖ ਪਰਿਵਾਰ ਹਨ ਅਤੇ ਇਸ ਹਿਸਾਬ ਨਾਲ ਪੰਜਾਬ ਦੇ ਔਸਤਨ ਹਰ 14ਵੇਂ ਪਰਿਵਾਰ ਕੋਲ ਅਸਲਾ ਲਾਇਸੈਂਸ ਹਨ। ਪੰਜਾਬ ਵਿਚ ਔਸਤਨ 80 ਲੋਕਾਂ ਪਿੱਛੇ ਇਕ ਅਸਲਾ ਲਾਇਸੈਂਸ ਹੈ। ਬਠਿੰਡਾ ਜ਼ਿਲ੍ਹੇ ਵਿਚ ਲੋਕ ਅਸਲਾ ਲਾਇਸੈਂਸ ਲਈ ਵੱਡੀਆਂ ਵੱਡੀਆਂ ਸਿਫਾਰਸ਼ਾਂ ਵੀ ਲਾਉਂਦੇ ਹਨ। ਤਾਹੀਉਂ ਪਿਛਲੇ ਸਮੇਂ ਦੌਰਾਨ ਅਸਲਾ ਲਾਇਸੈਂਸ ਵਾਲੀ ਇਕੱਲੀ ਫਾਈਲ ਦੀ ਕੀਮਤ 20 ਹਜ਼ਾਰ ਕੀਤੀ ਗਈ ਸੀ, ਜੋ ਕਿ ਹੁਣ ਨਵੇਂ ਡਿਪਟੀ ਕਮਿਸ਼ਨਰ ਨੇ ਮੁਫਤ ਦੇਣੀ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਸਰਕਾਰ ਨੇ ਗੱਦੀ ਸੰਭਾਲਣ ਮਗਰੋਂ ਪੰਜਾਬ ਵਿਚ ਪਿਛਲੇ ਦਸ ਵਰ੍ਹਿਆਂ ਦੌਰਾਨ ਬਣੇ ਅਸਲਾ ਲਾਇਸੈਂਸਾਂ ਦੀ ਜਾਂਚ ਵੀ ਕਰਾਈ ਹੈ ਜਿਸ ਵਿਚ ਕੋਈ ਬਹੁਤਾ ਹੱਥ ਪੱਲੇ ਨਹੀਂ ਪਿਆ ਹੈ। ਕੈਪਟਨ ਸਰਕਾਰ ਨੇ ਦਾਅਵਾ ਕੀਤਾ ਕਿ ਗੱਠਜੋੜ ਸਰਕਾਰ ਦੇ ਦਸ ਵਰ੍ਹਿਆਂ ਦੇ ਰਾਜ ਦੌਰਾਨ ਪੰਜਾਬ ਵਿਚ ਕਰੀਬ ਦੋ ਲੱਖ ਅਸਲਾ ਲਾਇਸੈਂਸ ਨਵੇਂ ਬਣੇ ਹਨ। ਜਾਂਚ ਮਗਰੋਂ ਬਠਿੰਡਾ, ਰੋਪੜ ਤੇ ਫਾਜ਼ਿਲਕਾ ਜ਼ਿਲ੍ਹੇ ਹੀ ਸਿਰਫ ਕੁਝ ਲਾਇਸੈਂਸ ਰੱਦ ਕੀਤੇ ਗਏ ਹਨ।
_____________________________
‘ਦੋ ਨੰਬਰ’ ਦੇ ਅਸਲੇ ਦਾ ਕੋਈ ਹਿਸਾਬ ਕਿਤਾਬ ਨਹੀਂ
ਪੰਜਾਬ ਦੇ ਕਾਲੇ ਦਿਨਾਂ ਦੌਰਾਨ ਵੀ ਪੰਜਾਬ ਵਿਚ ਅਸਲਾ ਲਾਇਸੈਂਸ ਕਾਫੀ ਬਣੇ ਸਨ। ਹੁਣ ਜਦੋਂ ਤੋਂ ਗੈਂਗਸਟਰਾਂ ਦੀ ਦਹਿਸ਼ਤ ਵਧੀ ਹੈ, ਉਦੋਂ ਤੋਂ ਮੁੜ ਅਸਲਾ ਲਾਇਸੈਂਸ ਤੇਜ਼ੀ ਨਾਲ ਬਣਨੇ ਸ਼ੁਰੂ ਹੋਏ ਹਨ। ਪੰਜਾਬ ਦੇ ਸਰਦੇ ਪੁੱਜਦੇ ਲੋਕ ਕਾਫੀ ਵੱਡੀ ਰਾਸ਼ੀ ਹਥਿਆਰ ਖਰੀਦਣ ‘ਤੇ ਖਰਚ ਕਰ ਰਹੇ ਹਨ। ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਕਈ ਕਤਲਾਂ ਵਿਚ ਲਾਇਸੈਂਸੀ ਹਥਿਆਰ ਹੀ ਵਰਤੇ ਗਏ ਹਨ। ਜੋ ਪੰਜਾਬ ਵਿਚ ਦੋ ਨੰਬਰ ਦਾ ਅਸਲਾ ਹੈ, ਉਸ ਦਾ ਕੋਈ ਹਿਸਾਬ ਕਿਤਾਬ ਹੀ ਨਹੀਂ। ਪੰਜਾਬ ‘ਚ ਅਸਲੇ ਦੇ ਨਾਂ ਹੇਠ ਗਾਣਿਆਂ ਦੀਆਂ ਐਲਬਮਾਂ ਮਾਰਕੀਟ ‘ਚ ਆ ਚੁੱਕੀਆਂ ਤੇ ਅਸਲੇ ਵਾਲੇ ਗੀਤ ਵੀ ਆਮ ਪ੍ਰਚਲਿਤ ਹਨ। ਪੰਜਾਬੀ ਗਾਇਕੀ ਨੇ ਕਾਫੀ ਹੱਦ ਤੱਕ ਹਥਿਆਰਾਂ ਨੂੰ ਪ੍ਰਚਲਿਤ ਕੀਤਾ ਹੈ। ਇਨ੍ਹਾਂ ਗਾਣਿਆਂ ਕਰ ਕੇ ਕਈ ਵਿਆਹ ਸਮਾਰੋਹਾਂ ‘ਚ ਗੋਲੀਆਂ ਵੀ ਚੱਲੀਆਂ ਹਨ। ਇਸ ਤੋਂ ਇਲਾਵਾ ਲੋਕ ਸੋਸ਼ਲ ਮੀਡੀਆ ਉਤੇ ਆਪਣੇ ਸਟੇਟਸ ਲਈ ਹਥਿਆਰਾਂ ਨਾਲ ਤਸਵੀਰਾਂ ਖਿੱਚ ਕੇ ਪਾਉਂਦੇ ਹਨ।