ਫਤਹਿਗੜ੍ਹ ਸਾਹਿਬ: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੀ ਆਮਦ ਹੋਈ।
ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਵਲੋਂ ਜਿਥੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਉਥੇ ਪ੍ਰਸ਼ਾਸਨ ਨੇ ਵੀ ਸੁਰੱਖਿਆ ਨੇ ਪੁਖਤਾ ਪ੍ਰਬੰਧ ਕੀਤੇ। ਸੁਰੱੱਖਿਆ ਦੇ ਮੱਦੇਨਜ਼ਰ 3000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਮੌਕੇ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ ਅਤੇ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸੰਗਤ ਵੱਲੋਂ ਥਾਂ-ਥਾਂ ਲੰਗਰ ਲਾਏ ਗਏ ਸਨ। ਤਿੰਨ ਦਿਨ ਚੱਲੀ ਇਸ ਸਭਾ ਵਿਚ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ।