ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਦੇ ਆਦਰਸ਼ਾਂ, ਮਾਨਵਤਾ, ਭਗਤੀ, ਵੀਰਤਾ, ਬਲੀਦਾਨ, ਨਿਰਸਵਾਰਥ ਸੇਵਾ ਦੀ ਸਲਾਹੁਣਾ ਕੀਤੀ ਅਤੇ ਲੋਕਾਂ ਨੂੰ ਦਸਮ ਪਾਤਸ਼ਾਹ ਦੇ ਦਰਸਾਏ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਸਭ ਨੂੰ ਲੋਹੜੀ ਦੀ ਵਧਾਈ ਵੀ ਦਿੱਤੀ।

ਸਿੱਖ ਕੌਮ ਦੀਆਂ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਪੀੜਤਾਂ, ਹੱਕ ਲਈ ਅਤੇ ਅਨਿਆਂ ਖਿਲਾਫ ਲੜਾਈ ਲੜੀ। ਉਨ੍ਹਾਂ ਦੇ ਉਪਦੇਸ਼ ਧਰਮ ਤੇ ਜਾਤ ਦੀਆਂ ਰੁਕਾਵਟਾਂ ਤੋੜਨ ਉਪਰ ਕੇਂਦਰਤ ਸਨ। ਪ੍ਰੇਮ, ਸ਼ਾਂਤੀ ਤੇ ਬਲੀਦਾਨ ਦਾ ਉਨ੍ਹਾਂ ਦਾ ਸੰਦੇਸ਼ ਅੱਜ ਵੀ ਸਮਾਨ ਰੂਪ ਵਿਚ ਪ੍ਰਸੰਗਿਕ ਹੈ। ਉਨ੍ਹਾਂ ਦਸਮ ਪਾਤਸ਼ਾਹ ਵੱਲੋਂ ਦੱਸੇ 11 ਸੂਤਰੀ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਨਾਲ ਕਰਤਾਰਪੁਰ ਸਾਹਿਬ ਲਾਂਘਾ ਬਣਨ ਜਾ ਰਿਹਾ ਹੈ ਅਤੇ ਗੁਰੂ ਨਾਨਕ ਦੇਵ ਦੇ ਦੱਸੇ ਮਾਰਗ ਉਪਰ ਚੱਲਣ ਵਾਲਾ ਹਰ ਸਿੱਖ ਹੁਣ ਦੂਰਬੀਨ ਦੀ ਬਜਾਏ ਆਪਣੀਆਂ ਅੱਖਾਂ ਨਾਲ ਨਾਰੋਵਾਲ ਜਾ ਸਕੇਗਾ ਅਤੇ ਬਿਨਾਂ ਵੀਜ਼ੇ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕੇਗਾ।
ਉਨ੍ਹਾਂ ਕਿਹਾ ਕਿ 1947 ਵਿਚ ਜੋ ਭੁੱਲ ਹੋਈ ਸੀ, ਉਸ ਦਾ ਪਛਤਾਵਾ ਹੈ। ਇਹ ਕੋਰੀਡੋਰ ਉਸ ਨੁਕਸਾਨ ਨੂੰ ਘੱਟ ਕਰਨ ਦਾ ਪ੍ਰਮਾਣਿਕ ਯਤਨ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ 1984 ਵਿਚ ਸ਼ੁਰੂ ਹੋਏ ਅਨਿਆਂ ਦੇ ਦੌਰ ਨੂੰ ਨਿਆਂ ਤੱਕ ਪਹੁੰਚਾਉਣ ਵਿਚ ਜੁਟੀ ਹੋਈ ਹੈ। ਦਹਾਕਿਆਂ ਤਕ ਮਾਵਾਂ, ਭੈਣਾਂ, ਪੁੱਤ-ਧੀਆਂ ਨੇ ਜਿੰਨੇ ਹੰਝੂ ਵਹਾਏ ਹਨ, ਉਨ੍ਹਾਂ ਨੂੰ ਪੂੰਝਣ ਤੇ ਨਿਆਂ ਦਿਵਾਉਣ ਦਾ ਕੰਮ ਹੁਣ ਕਾਨੂੰਨ ਕਰੇਗਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਹੁਣ ਗੁਰੂ ਨਾਨਕ ਦੇਵ ਦੀ 550ਵੀਂ ਜੈਅੰਤੀ ਦੇ ਸਮਾਗਮਾਂ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਸਾਡੀ ਸਰਕਾਰ ਨੂੰ ਇਨ੍ਹਾਂ ਪਵਿੱਤਰ ਮੌਕਿਆਂ ਨਾਲ ਜੁੜਨ ਦਾ ਸੁਭਾਗ ਮਿਲਿਆ ਹੈ। ਯਾਦਗਾਰੀ ਸਿੱਕਾ ਜਾਰੀ ਕਰਨ ਸਮੇਂ ਸ੍ਰੀ ਮੋਦੀ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੇ ਵੀ ਸਮਾਗਮ ‘ਚ ਹਾਜ਼ਰੀ ਭਰੀ।
_________________________
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ
ਅੰਮ੍ਰਿਤਸਰ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮੇ ਮਗਰੋਂ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ‘ਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸ਼ਾਮੀਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਮਿੰਟ ਲਈ ਆਤਿਸ਼ਬਾਜ਼ੀ ਵੀ ਚਲਾਈ ਗਈ। ਸ੍ਰੀ ਹਰਿਮੰਦਰ ਸਾਹਿਬ ਅਤੇ ਇਮਾਰਤਾਂ ‘ਤੇ ਸੁੰਦਰ ਲਾਈਟਾਂ ਲਾਈਆਂ ਗਈਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਧਰਮ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਣਾ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲਤਾੜੇ ਹੋਏ ਲੋਕਾਂ ਨੂੰ ਸੀਨੇ ਨਾਲ ਲਾਇਆ ਅਤੇ ਸਰਦਾਰੀਆਂ ਬਖਸ਼ੀਆਂ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਪਦਾਰਥਵਾਦੀ ਸਮੇਂ ਵਿਚ ਗੁਰੂ ਸਾਹਿਬ ਦਾ ਜੀਵਨ-ਦਰਸ਼ਨ ਵਡਮੁੱਲੀ ਸੇਧ ਦੇਣ ਵਾਲਾ ਹੈ, ਜਿਸ ਅਨੁਸਾਰੀ ਹੋ ਕੇ ਆਪਣਾ ਜੀਵਨ ਸੁਖਾਵਾਂ ਬਣਾ ਸਕਦੇ ਹਾਂ।
_________________________
ਪਾਕਿਸਤਾਨ ‘ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ
ਪਿਸ਼ਾਵਰ: ਪਾਕਿਸਤਾਨ ਵਿਚ ਸਿੱਖਾਂ ਨੇ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦਾ 352ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਭਾਰੀ ਸੁਰੱਖਿਆ ਹੇਠ ਇਥੇ ਗੁਰਦੁਆਰਾ ਭਾਈ ਜੋਗਾ ਸਿੰਘ ‘ਚ ਪ੍ਰਕਾਸ਼ ਪੁਰਬ ਸਬੰਧੀ ਤਿੰਨ ਦਿਨਾਂ ਤੱਕ ਚੱਲੇ ਪ੍ਰੋਗਰਾਮ ਦੀ ਸਮਾਪਤੀ ਹੋਈ। ਖ਼ੈਬਰ ਪਖ਼ਤੂਨਖਵਾ ਸੂਬੇ ਦੇ ਔਕਾਫ, ਧਾਰਮਿਕ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਵਿਭਾਗ ਵੱਲੋਂ ਧਾਰਮਿਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਸੀ। ਪੰਜ ਹਜ਼ਾਰ ਤੋਂ ਵੱਧ ਸਿੱਖ ਸ਼ਰਧਾਲੂਆਂ ਨੇ ਨਗਰ ਕੀਰਤਨ ‘ਚ ਹਿੱਸਾ ਲਿਆ। ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਏ ਗਏ। ਗੁਰਪੁਰਬ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਇਸ ਸਮੇਂ ਸੂਬਾ ਵਿਧਾਨ ਸਭਾ ਦੇ ਮੈਂਬਰ ਰਵੀ ਕੁਮਾਰ ਨੇ ਕਿਹਾ ਕਿ ਤਿੰਨ ਦਿਨੀਂ ਸਮਾਗਮਾਂ ਨਾਲ ਘੱਟ ਗਿਣਤੀਆਂ ਦੇ ਧਰਮ ਨੂੰ ਸਮਝਣ ‘ਚ ਸਹਾਇਤਾ ਮਿਲੇਗੀ। ਇਸ ਦੌਰਾਨ ਉਨ੍ਹਾਂ ਸੋਰਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਦੀ 2016 ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।