ਪੰਚਕੂਲਾ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਤਿੰਨ ਸਾਥੀਆਂ ਕੁਲਦੀਪ, ਨਿਰਮਲ ਅਤੇ ਕ੍ਰਿਸ਼ਨ ਲਾਲ ਨੂੰ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਵੱਖਰੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਡੇਰਾ ਮੁਖੀ 20 ਸਾਲਾਂ ਦੀ ਮਿਲੀ ਸਜ਼ਾ ਪੂਰੀ ਕਰਨ ਮਗਰੋਂ ਉਸ ਦੀ ਉਮਰ ਕੈਦ ਦੀ ਸਜ਼ਾ ਸ਼ੁਰੂ ਹੋਵੇਗੀ।
ਜੱਜ ਜਗਦੀਪ ਸਿੰਘ ਦੀ ਅਦਾਲਤ ਵਿਚ ਦੋਸ਼ੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਅਤੇ ਕੁਲਦੀਪ ਸਿੰਘ, ਨਿਰਮਲ ਅਤੇ ਕ੍ਰਿਸ਼ਨ ਲਾਲ ਨੂੰ ਅੰਬਾਲਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੀੜਤ ਪਰਿਵਾਰ 16 ਸਾਲ ਤੋਂ ਇਨਸਾਫ ਲਈ ਜੱਦੋ-ਜਹਿਦ ਕਰ ਰਿਹਾ ਸੀ। ਸੀ.ਬੀ.ਆਈ. ਦੇ ਵਕੀਲ ਵੱਲੋਂ ਡੇਰਾ ਮੁਖੀ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ।
ਇਸ ਮੌਕੇ ਅਹਿਮ ਗਵਾਹ ਖੱਟਾ ਸਿੰਘ ਵੀ ਹਾਜ਼ਰ ਸੀ। ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਧੀ ਸ੍ਰੇਅਸੀ ਨੇ ਕਿਹਾ ਕਿ ਉਸ ਦਾ ਭਰਾ ਅੰਸ਼ੁਲ ਨਾਇਕ ਹੈ, ਜੋ ਇਨਸਾਫ ਹਾਸਲ ਕਰਨ ਲਈ ਨਾ ਥੱਕਿਆ ਅਤੇ ਨਾ ਹੀ ਡਰਿਆ ਹੈ। ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ 24 ਅਕਤੂਬਰ 2002 ਨੂੰ ਸਿਰਸਾ ਵਿਚ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। 21 ਨਵੰਬਰ 2002 ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਰਾਮਚੰਦਰ ਛਤਰਪਤੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਸੀ.ਬੀ.ਆਈ. ਜਾਂਚ ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਰਜ਼ੀ ਲਗਾਈ ਸੀ। ਨਵੰਬਰ 2003 ਵਿਚ ਹਾਈ ਕੋਰਟ ਦੇ ਆਦੇਸ਼ਾਂ ‘ਤੇ ਸੀ.ਬੀ.ਆਈ. ਨੇ ਐਫ਼ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਸਾਲ 2004 ਵਿਚ ਡੇਰਾ ਮੁਖੀ ਨੇ ਜਾਂਚ ਰੁਕਵਾਉਣ ਲਈ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਅਪੀਲ ਖਾਰਜ ਕਰ ਦਿੱਤੀ ਸੀ।
ਰਾਮ ਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਕ ਤਾਕਤਵਰ ਦੁਸ਼ਮਣ ਖਿਲਾਫ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 16 ਸਾਲਾਂ ਬਾਅਦ ਆਪਣੇ ਪਿਤਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ ਮਿਲਿਆ ਹੈ। ਅੰਸ਼ੁਲ ਨੇ ਕਿਹਾ ਕਿ ਇਹ ਇਨਸਾਫ ਸੀ.ਬੀ.ਆਈ. ਅਤੇ ਅਦਾਲਤ ਨੇ ਦਿਵਾਇਆ ਹੈ। ਉਸ ਨੇ ਕਿਹਾ ਕਿ ਉਹ ਸੀ.ਬੀ.ਆਈ. ਦਾ ਧੰਨਵਾਦ ਕਰਦਾ ਹੈ, ਜਿਸ ਨੇ ਇਹ ਮਾਮਲਾ ਸੁਣਿਆ, ਪੜ੍ਹਿਆ ਅਤੇ ਕੋਰਟ ਵਿਚ ਪੇਸ਼ ਕੀਤਾ।
_____________________________
ਸਜ਼ਾ ‘ਤੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਤਸੱਲੀ
ਤਲਵੰਡੀ ਸਾਬੋ: ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਹੱਤਿਆਕਾਂਡ ਵਿਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਸੱਲੀ ਪ੍ਰਗਟ ਕੀਤੀ ਹੈ। ਸਜ਼ਾ ਦੀ ਖਬਰ ਮਿਲਣ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਸਿੱਖਾਂ ਦਾ ਵੱਡਾ ਵਿਰੋਧੀ ਰਿਹਾ ਹੈ ਤੇ ਪਿਛਲੇ ਸਮੇਂ ਵਿਚ ਇਹ ਸਿੱਖ ਵਿਰੋਧੀ ਕਾਰਵਾਈਆਂ ਕਰਕੇ ਸਿੱਖਾਂ ਨੂੰ ਉਕਸਾਉਂਦਾ ਰਿਹਾ ਹੈ। ਬੀਤੇ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਚ ਵੀ ਉਸ ਦੇ ਪੈਰੋਕਾਰਾਂ ਦਾ ਨਾਂ ਸਾਹਮਣੇ ਆਇਆ ਹੈ ਤੇ ਹੁਣ ਉਸ ਨੂੰ ਜੋ ਸਜ਼ਾਵਾਂ ਭੁਗਤਣੀਆਂ ਪੈ ਰਹੀਆਂ ਹਨ, ਉਹ ਗੁਰੂ ਸਾਹਿਬ ਦੀ ਬੇਅਦਬੀ ਦੇ ਸਦਕਾ ਹੀ ਹੈ।
_____________________________
ਦਸਵੇਂ ਗੁਰੂ ਦਾ ਸਵਾਂਗ ਰਚਾਉਣ ਵਾਲਾ ਕੇਸ ਮੁੜ ਖੋਲ੍ਹਣ ਦੀ ਮੰਗ
ਜਲੰਧਰ: ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸੱਤਾ ਵਿਚ ਰਹਿੰਦਿਆਂ ਬਾਦਲ ਸਰਕਾਰ ਵੱਲੋਂ ਚਲਾਨ ਪੇਸ਼ ਨਾ ਕਰਨ ਦੇ ਦੋਸ਼ ਲਾਉਂਦਿਆਂ ਸਿੱਖ ਜਥੇਬੰਦੀਆਂ ਨੇ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਵਾਲ ਕੀਤਾ ਹੈ ਕਿ ਉਹ ਸਪੱਸ਼ਟ ਕਰਨ ਕਿ ਸ਼੍ਰੋਮਣੀ ਕਮੇਟੀ ਨੇ ਇਸ ਕੇਸ ਦੀ ਪੈਰਵੀ ਕਿਉਂ ਨਹੀਂ ਕੀਤੀ? ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ, ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾਂ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦੋ ਸਾਧਵੀਆਂ ਅਤੇ ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਸਾਧਾਰਨ ਜਿਹੇ ਪਰਿਵਾਰਾਂ ਨੇ ਡੇਰਾ ਮੁਖੀ ਨੂੰ ਸਜ਼ਾ ਦਿਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ, ਪਰ ਦਸਵੇਂ ਗੁਰੂ ਦਾ ਸਵਾਂਗ ਰਚਾਉਣ ਦੇ ਮਾਮਲੇ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਕਿਉਂ ਨਹੀਂ ਕਰਵਾਈ ਜਾ ਸਕੀ।