ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਤੋਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਦਰਜਾ ਖੁੱਸਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਪੰਜਾਬ ਵਿਧਾਨ ਸਭਾ ਵੱਲੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਅਕਾਲੀ ਦਲ ਨੂੰ ਮੁੜ ਵਿਰੋਧ ਧਿਰ ਦਾ ਦਰਜਾ ਮਿਲ ਸਕਦਾ ਹੈ। ਇਸ ਤੋਂ ਪਹਿਲਾਂ ਐਚæਐਸ਼ ਫੂਲਕਾ ਵਿਧਾਇਕ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ, ਦੋਵਾਂ ਤੋਂ ਅਸਤੀਫਾ ਦੇ ਚੁੱਕੇ ਹਨ।
ਇਸ ਤਰ੍ਹਾਂ ਖਹਿਰਾ, ਫੂਲਕਾ ਤੇ ਹੁਣ ਬਲਦੇਵ ਸਿੰਘ ਦੇ ਵਿਧਾਇਕ ਦੇ ਅਹੁਦਿਆਂ ਬਾਰੇ ਵਿਧਾਨ ਸਭਾ ਦੇ ਸਪੀਕਰ ਨੇ ਭਾਵੇਂ ਅਜੇ ਕੋਈ ਫੈਸਲਾ ਨਹੀਂ ਲਿਆ, ਪਰ ਹਾਲਾਤ ਮੁਤਾਬਕ ਕਿਸੇ ਵੇਲੇ ਵੀ ‘ਆਪ’ ਦੇ ਵਿਧਾਇਕਾਂ ਦੀ ਗਿਣਤੀ 20 ਤੋਂ ਘੱਟ ਕੇ 17 ਰਹਿ ਸਕਦੀ ਹੈ ਅਤੇ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਦੇ ਦਰਜੇ ਨੂੰ ਖਤਰਾ ਪੈਦਾ ਹੋ ਸਕਦਾ ਹੈ। ਅਕਾਲੀ ਦਲ-ਭਾਜਪਾ ਗੱਠਜੋੜ ਦੇ 17 ਵਿਧਾਇਕ ਹਨ। ਯਾਦ ਰਹੇ ਕਿ ਸ੍ਰੀ ਖਹਿਰਾ ਜਿਥੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ, ਉਥੇ ਪਾਰਟੀ ਵਿਚੋਂ ਮੁਅੱਤਲ ਕੀਤੇ ਕੰਵਰ ਸੰਧੂ ਫਿਲਹਾਲ ਖਾਮੋਸ਼ ਹਨ। ਬਾਗੀ ਧੜੇ ਨਾਲ ਜੁੜੇ ਹੋਰ 4 ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਜਗਤਾਰ ਸਿੰਘ ਜੱਗਾ, ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਵੀ ਦੁਚਿੱਤੀ ਵਿਚ ਹਨ।
ਦੱਸ ਦਈਏ ਕਿ ਆਪ ਵਿਚੋਂ ਮੁਅੱਤਲੀ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਹੁੰਚ ਕੀਤੀ ਸੀ। ਖਹਿਰਾ ਨੂੰ ਹੁਣ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਨਿਰਧਾਰਤ ਸਮੇਂ ਵਿਚ ਸ੍ਰੀ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ ਹਨ।