ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਵੱਲੋਂ ਤਖਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ (ਬਿਹਾਰ) ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਨੂੰ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ ਹੈ। ਜਥੇਦਾਰ ਹਿੱਤ ਖਿਲਾਫ਼ ਸਿੱਖ ਅਰਦਾਸ ਦੇ ਵਾਕ ਨੂੰ ਵਿਅਕਤੀ ਵਿਸ਼ੇਸ਼ ਲਈ ਵਰਤ ਕੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹਨ।
ਦੱਸਣਯੋਗ ਹੈ ਕਿ ਜਥੇਦਾਰ ਹਿੱਤ ਵੱਲੋਂ ਪਟਨਾ ਵਿਚ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਤੁਲਨਾ ਗੁਰੂ ਸਾਹਿਬ ਨਾਲ ਕੀਤੀ ਗਈ ਸੀ। ਉਨ੍ਹਾਂ ਨੇ ਅਰਦਾਸ ਵਿਚ ਗੁਰੂ ਸਾਹਿਬ ਦੀ ਵਡਿਆਈ ਲਈ ਵਰਤੇ ਜਾਂਦੇ ਵਾਕ ਨਿਤੀਸ਼ ਕੁਮਾਰ ਲਈ ਵਰਤੇ ਸਨ। ਇਸ ਮਾਮਲੇ ਦਾ ਸਿੱਖ ਜਗਤ ਵੱਲੋਂ ਸਖ਼ਤ ਵਿਰੋਧ ਹੋਇਆ ਸੀ ਅਤੇ ਅਕਾਲ ਤਖ਼ਤ ਵੱਲੋਂ ਜਥੇਦਾਰ ਹਿੱਤ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਇਥੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਪੰਜ ਪਿਆਰਿਆਂ ਵਿਚ ਸ਼ਾਮਲ ਗਿਆਨੀ ਕੁਲਵੰਤ ਸਿੰਘ ਅਤੇ ਗਿਆਨੀ ਭਾਗ ਸਿੰਘ ਵੱਲੋਂ ਅਕਾਲ ਤਖ਼ਤ ਦੀ ਫਸੀਲ ਤੋਂ ਅਵਤਾਰ ਸਿੰਘ ਹਿੱਤ ਨੂੰ ਤਨਖਾਹ ਸੁਣਾਈ ਗਈ। ਇਸ ਤਹਿਤ ਆਦੇਸ਼ ਦਿੱਤਾ ਗਿਆ ਕਿ ਉਹ ਸੱਤ ਦਿਨ ਪਟਨਾ ਸਾਹਿਬ ਵਿਖੇ ਰੋਜ਼ਾਨਾ ਇਕ ਘੰਟਾ ਸੰਗਤ ਦੇ ਜੋੜੇ ਸਾਫ ਕਰਨ, ਸੰਗਤ ਦੇ ਜੂਠੇ ਬਰਤਨ ਮਾਂਜਣ ਅਤੇ ਕੀਰਤਨ ਸੁਣਨ। ਇਸੇ ਤਰ੍ਹਾਂ ਪੰਜ ਦਿਨ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਇਕ-ਇਕ ਘੰਟਾ ਇਹ ਤਿੰਨੋਂ ਸੇਵਾਵਾਂ ਪੂਰੀਆਂ ਕੀਤੀਆਂ ਜਾਣ।
ਇਸ ਸੇਵਾ ਦੌਰਾਨ ਦੋਵਾਂ ਥਾਵਾਂ ‘ਤੇ ਤੜਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਹਾਜ਼ਰੀ ਭਰ ਕੇ ਹੁਕਮਨਾਮਾ ਸੁਣਿਆ ਜਾਵੇ ਅਤੇ ਦੋਵਾਂ ਥਾਵਾਂ ਉਤੇ ਸੇਵਾ ਮੁਕੰਮਲ ਹੋਣ ਮਗਰੋਂ ਇਕ-ਇਕ ਅਖੰਡ ਪਾਠ ਕਰਵਾਏ ਜਾਣ। ਇਸ ਤੋਂ ਇਲਾਵਾ ਦੋਵਾਂ ਥਾਵਾਂ ‘ਤੇ 51-51 ਸੌ ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਜਾਵੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜਦੋਂ ਤਕ ਤਨਖਾਹ ਪੂਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਕਿਸੇ ਵੀ ਧਾਰਮਿਕ ਸਟੇਜ ਤੋਂ ਨਹੀਂ ਬੋਲਣਾ ਅਤੇ ਨਾ ਹੀ ਪ੍ਰਬੰਧਕੀ ਕਮੇਟੀ ਦੇ ਕੰਮਕਾਜ ਦੇਖਣੇ ਹਨ। ਇਸ ਸੇਵਾ ਦੌਰਾਨ ਪ੍ਰਬੰਧਕੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਮੈਂਬਰ ਉਸ ਦਾ ਸਹਿਯੋਗ ਨਹੀਂ ਕਰੇਗਾ। ਇਸ ਮਾਮਲੇ ਦੀ ਸਮੁੱਚੀ ਸੁਣਵਾਈ ਪਹਿਲੀ ਵਾਰ ਅਕਾਲ ਤਖ਼ਤ ਦੀ ਫਸੀਲ ਤੋਂ ਸਮੁੱਚੀ ਸੰਗਤ ਦੇ ਸਾਹਮਣੇ ਕੀਤੀ ਗਈ, ਜਿਸ ਤਹਿਤ ਅਵਤਾਰ ਸਿੰਘ ਹਿੱਤ ਅਕਾਲ ਤਖ਼ਤ ਦੇ ਸਾਹਮਣੇ ਹੇਠਾਂ ਹੱਥ ਜੋੜ ਕੇ ਖੜ੍ਹੇ ਸਨ। ਪੰਜ ਜਥੇਦਾਰ ਅਕਾਲ ਤਖ਼ਤ ਦੀ ਫਸੀਲ ‘ਤੇ ਹਾਜ਼ਰ ਸਨ। ਅਵਤਾਰ ਸਿੰਘ ਹਿੱਤ ਉਪਰ ਲੱਗੇ ਦੋਸ਼ ਵੀ ਸੰਗਤ ਦੇ ਸਾਹਮਣੇ ਪੜ੍ਹ ਕੇ ਸੁਣਾਏ ਗਏ ਅਤੇ ਉਨ੍ਹਾਂ ਨੇ ਸੰਗਤ ਦੇ ਸਾਹਮਣੇ ਹੀ ਇਹ ਦੋਸ਼ ਸਵੀਕਾਰ ਕੀਤੇ। ਉਨ੍ਹਾਂ ਮੰਨਿਆ ਕਿ ਉਸ ਕੋਲੋਂ ਭੁਲੇਖੇ ਵਿਚ ਇਹ ਗਲਤੀ ਹੋਈ ਹੈ ਅਤੇ ਉਹ ਇਸ ਮਾਮਲੇ ਵਿਚ ਲਾਈ ਗਈ ਸੇਵਾ ਨੂੰ ਤਨ-ਮਨ ਨਾਲ ਪੂਰਾ ਕਰੇਗਾ।
__________________________________
ਗਿਆਨੀ ਇਕਬਾਲ ਸਿੰਘ ਖਿਲਾਫ਼ ਅਕਾਲ ਤਖਤ ‘ਤੇ ਸ਼ਿਕਾਇਤ
ਅੰਮ੍ਰਿਤਸਰ: ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਇਕ ਮੈਂਬਰ ਕਮਿੱਕਰ ਸਿੰਘ ਮਕੰਦਪੁਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਕ ਸ਼ਿਕਾਇਤ ਪੱਤਰ ਸੌਂਪ ਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ਼ ਗੰਭੀਰ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਬੈਠਣ ਤੋਂ ਰੋਕਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਵਿਅਕਤੀ ਆਪਣੀ ਨਿੱਜੀ ਰੰਜਿਸ਼ ਤਹਿਤ ਅਜਿਹੇ ਦੋਸ਼ ਲਾ ਰਿਹਾ ਹੈ।
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮਾਮਲੇ ਵੀ ਚਰਚਾ ਦਾ ਵਿਸ਼ਾ ਬਣੇ ਰਹੇ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਇਕ ਪਾਸੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤਨਖ਼ਾਹ ਲਾਈ ਗਈ ਹੈ ਅਤੇ ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਵੀ ਸ਼ਿਕਾਇਤ ਪੁੱਜੀ ਹੈ। ਸ਼ਿਕਾਇਤ ਕਰਤਾ ਕਮਿੱਕਰ ਸਿੰਘ ਨੇ ਤਿੰਨ ਸਫ਼ਿਆਂ ਦਾ ਸ਼ਿਕਾਇਤ ਪੱਤਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ ਹੈ। ਇਸ ਵਿਚ ਗੰਭੀਰ ਦੋਸ਼ ਲਾਉਂਦਿਆਂ ਗਿਆਨੀ ਇਕਬਾਲ ਸਿੰਘ ‘ਤੇ ਆਪ ਹੁਦਰੀਆਂ ਕਰਨ, ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਅਤੇ ਇਨ੍ਹਾਂ ਕੰਮਾਂ ਕਾਰਨ ਸਿੱਖ ਕੌਮ ਦੀ ਹੇਠੀ ਹੋਣ ਦਾ ਦਾਅਵਾ ਕੀਤਾ ਹੈ।