ਚੋਣਾਂ ਤੋਂ ਪਹਿਲਾਂ ਕਰਜ਼ ਮੁਆਫੀ ਲਈ ਕੈਪਟਨ ਸਰਕਾਰ ਨੇ ਫੜੀ ਸਰਗਰਮੀ

ਸ੍ਰੀ ਅਨੰਦਪੁਰ ਸਾਹਿਬ: ਚੋਣਾਂ ਮੌਕੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਤਹਿਤ ਕੈਪਟਨ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਦੇ ਤੀਜੇ ਗੇੜ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਅਤੇ ਇਤਿਹਾਸਕ ਧਰਤੀ ਤੋਂ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਇਸ ਗੇੜ ਦੀ ਸਕੀਮ ਤਹਿਤ ਪੰਜਾਬ ਦੇ 2 ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਮਹਿਰਾਜ ਵਿਚ ਬਠਿੰਡਾ ਤੇ ਮਾਨਸਾ ਦੇ 18,308 ਕਿਸਾਨਾਂ ਨੂੰ ਸਹਿਕਾਰੀ ਕਰਜ਼ੇ ਦੀ 97 ਕਰੋੜ ਦੀ ਰਾਹਤ ਦੇਣ ਲਈ ਰਾਜ ਪੱਧਰੀ ਸਮਾਰੋਹ ਰੱਖੇ ਹੋਏ ਸਨ ਜਿਨ੍ਹਾਂ ਵਿਚ ਕੁੱਝ ਕਿਸਾਨਾਂ ਨੂੰ ਸਟੇਜ ‘ਤੇ ਬੁਲਾ ਕੇ ਕਰਜ਼ਾ ਮੁਆਫੀ ਰਾਹਤ ਦੇ ਸਰਟੀਫਿਕੇਟਾਂ ਦੀ ਵੰਡ ਕੀਤੀ।

ਉਨ੍ਹਾਂ ਕਿਹਾ ਕਿ ਇਸ ਗੇੜ ਤਹਿਤ ਪੰਜਾਬ ਦੇ ਕੁੱਲ 1 ਲੱਖ 42 ਹਜ਼ਾਰ ਕਿਸਾਨਾਂ ਨੂੰ 1009 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਸਕੀਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਕਰੀਬ 2413 ਕਿਸਾਨਾਂ ਦਾ ਕਰੀਬ 17 ਕਰੋੜ 74 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਵੱਲੋਂ ਬਹੁਤ ਜਲਦ ਪੰਜਾਬ ਦੇ ਖੇਤ ਮਜ਼ਦੂਰਾਂ ਦਾ ਵੀ 2 ਲੱਖ ਰੁਪਏ ਤੱਕ ਦੀ ਖੇਤੀਬਾੜੀ ਕਰਜ਼ਾ ਮੁਆਫ ਕੀਤਾ ਜਾਵੇਗਾ। ਕਰਜ਼ਾ ਰਾਹਤ ਦੀ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਵੀ ਪਾ ਦਿੱਤੀ ਗਈ ਹੈ। ਇਸ ਤੋਂ ਪਹਿਲਾ ਵੀ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਦਾ 3.18 ਲੱਖ ਛੋਟੇ ਕਿਸਾਨਾਂ ਨੂੰ 1815 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਤਹਿਤ ਲਾਭ ਪਹੁੰਚਾਉਣ ਤੋਂ ਇਲਾਵਾ ਵਪਾਰਕ ਬੈਂਕਾਂ ਦੇ 1.04 ਲੱਖ ਛੋਟੇ ਕਿਸਾਨਾਂ ਨੂੰ 1689 ਕਰੋੜ ਦੀ ਕਰਜ਼ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਚੰਗਰ ਪੱਟੀ ਦੇ ਕਿਸਾਨਾਂ ਨੂੰ ਸਿੰਚਾਈ ਵਾਲੇ ਪਾਣੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਲਿਫਟ ਇਰੀਗੇਸ਼ਨ ਸਕੀਮ ਦਾ ਨੀਂਹ ਪੱਥਰ ਵੀ ਰੱਖਿਆ। ਅਗਲੇ 3 ਸਾਲਾਂ ‘ਚ 9 ਗੇੜ ਵਿਚ ਮੁਕੰਮਲ ਕੀਤੀ ਜਾਣ ਵਾਲੀ ਇਸ ਸਕੀਮ ਦੇ ਪਹਿਲੇ ਗੇੜ ਚੰਗਰ ਪੱਟੀ ਦੇ 4 ਪਿੰਡਾਂ ਨੂੰ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਗੜ੍ਹਸ਼ੰਕਰ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੀ ਲੋੜੀਂਦੀ ਮੁਰੰਮਤ ਲਈ ਤੁਰਤ 7 ਕਰੋੜ ਰੁਪਏ ਜਾਰੀ ਕਰਨ, ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ 2026 ‘ਚ ਆ ਰਹੇ 400 ਸਾਲਾ ਸਮਾਗਮ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਐਲਾਨ ਕਰਦਿਆਂ ਇਥੋਂ ਦੀ ਨਗਰ ਪੰਚਾਇਤ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕਰਨ, ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਲਈ 2 ਕਰੋੜ ਰੁਪਏ, ਨਗਰ ਕੌਂਸਲ ਨੰਗਲ ਲਈ 2 ਕਰੋੜ ਰੁਪਏ, ਰੂਪਨਗਰ ਲਈ 1.5 ਕਰੋੜ, ਸ੍ਰੀ ਚਮਕੌਰ ਸਾਹਿਬ ਨਗਰ ਪੰਚਾਇਤ ਨੂੰ 50 ਲੱਖ ਅਤੇ ਮੋਰਿੰਡਾ ਨੂੰ 1.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਸ੍ਰੀ ਅਨੰਦਪੁਰ ਸਾਹਿਬ ਵਿਕਾਸ ਅਥਾਰਟੀ ਬਣਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਲਈ 5-5 ਕਰੋੜ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦਾ ਐਲਾਨ ਵੀ ਕੀਤਾ। ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ‘ਚ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜਲ ਸਪਲਾਈਆਂ ਲਈ 26 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਜਾਰੀ ਕੀਤੇ।
___________________________
ਵਿਕਾਸ ਕੰਮ ਛੇਤੀ ਨਿਬੇੜਨ ਦੀਆਂ ਸਖਤ ਹਦਾਇਤਾਂ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ‘ਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਲੋਕਾਂ ਨਾਲ ਰਾਬਤਾ ਵਧਾਉਣ ਲਈ ਸਖਤ ਮਿਹਨਤ ਕਰਨ ਦੇ ਸੱਦੇ ਦਾ ਲਾਜ਼ਮੀ ਅਸਰ ਪੈਣ ਦੀ ਆਸ ਹੈ। ਲੋਕ ਸਭਾ ਚੋਣਾਂ ਵਿਚ ਲਗਭਗ ਦੋ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ ਤੇ ਇਸ ਕਰ ਕੇ ਕੈਪਟਨ ਸਰਕਾਰ ਦਾ ਸਾਰਾ ਜ਼ੋਰ ਵਿਕਾਸ ਕੰਮ ਛੇਤੀ ਨਿਬੇੜਨ ‘ਤੇ ਲੱਗਿਆ ਹੋਇਆ ਹੈ, ਇਸ ਕਰ ਕੇ ਮੁੱਖ ਮੰਤਰੀ ਨੇ ਬਜਟ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨਾਲ ਕੀਤੀਆਂ ਮੀਟਿੰਗਾਂ ਵਿਚ ਮਿਲੀ ਫੀਡਬੈਕ ਦੇ ਆਧਾਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਏਜੰਡੇ ਤਹਿਤ ਅਗਲੇ ਦੋ ਮਹੀਨਿਆਂ ਵਿਚ ਸਖਤ ਮਿਹਨਤ ਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਦੱਸਿਆ ਕਿ ਵਿਕਾਸ ਕੰਮਾਂ ਲਈ ਪੈਸਾ ਜਲਦੀ ਪਹੁੰਚ ਜਾਵੇਗਾ। ਪੈਸਾ ਮਿਲਦੇ ਸਾਰ ਹੀ ਕੰਮ ਸ਼ੁਰੂ ਕਰ ਦਿੱਤੇ ਜਾਣ ਤੇ ਇਨ੍ਹਾਂ ਕੰਮਾਂ ਦੇ ਉਦਘਾਟਨ ਅਗਲੇ ਤਿੰਨ-ਚਾਰ ਦਿਨਾਂ ਅੰਦਰ ਵਿਧਾਇਕਾਂ ਅਤੇ ਮੰਤਰੀਆਂ ਕੋਲੋਂ ਕਰਵਾਏ ਜਾਣ।
___________________________
ਕਰਜ਼ਈ ਕਿਸਾਨਾਂ ਦੀ ਬਾਂਹ ਨਾ ਫੜਨ ‘ਤੇ ਕੇਂਦਰ ‘ਤੇ ਵਰ੍ਹੇ ਕੈਪਟਨ
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆ ਤਾਂ ਪੰਜਾਬ ਸਮੇਤ ਬਾਕੀ ਰਾਜਾਂ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨਹੀਂ ਰੁਕਣਗੀਆਂ।
ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਆਪਣੇ ਪੱਧਰ ‘ਤੇ ਕਿਸਾਨਾਂ ਨੂੰ ਮੁਕੰਮਲ ਤੌਰ ਉਤੇ ਕਰਜ਼ੇ ਦੇ ਜਾਲ ਵਿਚੋਂ ਨਹੀਂ ਕੱਢ ਸਕਦੇ ਹਨ। ਇਸ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਨੇਕਾਂ ਵਾਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਹ ਮਾਮਲਾ ਉਠਾ ਚੁੱਕੇ ਹਨ ਪਰ ਉਹ ਕਿਸਾਨਾਂ ਦੀ ਗੰਭੀਰ ਹਾਲਤ ਨੂੰ ਸਮਝਣ ਵਿਚ ਨਾਕਾਮ ਰਹੇ ਹਨ।