ਅਕਾਲੀ ਦਲ ਦੀ ਚਿਤਾਵਨੀ ਦੇ ਬਾਵਜੂਦ ਰਾਸ਼ਟਰੀ ਸਿੱਖ ਸੰਗਤ ਫੈਸਲੇ ‘ਤੇ ਦ੍ਰਿੜ੍ਹ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰ.ਐਸ਼ਐਸ਼ ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ‘ਤੇ ਸਿੱਖ ਧਰਮ ਦੇ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਰਾਸ਼ਟਰੀ ਸਿੱਖ ਸੰਗਤ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 23 ਤੇ 24 ਫਰਵਰੀ ਨੂੰ ਅਹਿਮਦਾਬਾਦ ਵਿਚ ਕਰਾਇਆ ਜਾਵੇਗਾ।

ਦੱਸਣਯੋਗ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸੰਵਿਧਾਨ ਵਿਚ ਸੋਧ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਿਤਾਵਨੀ ਦਿੱਤੀ ਗਈ ਸੀ ਕਿ ਭਾਜਪਾ ਤੇ ਰਾਸ਼ਟਰੀ ਸਿੱਖ ਸੰਗਤ ਸਿੱਖਾਂ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੇ, ਦਾ ਰਾਸ਼ਟਰੀ ਸਿੱਖ ਸੰਗਤ ਨੇ ਵੀ ਸਖਤ ਜਵਾਬ ਦਿੱਤਾ ਸੀ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ, ਜਿਸ ਤੋਂ ਬਾਅਦ ਅਕਾਲੀ-ਭਾਜਪਾ ਵਿਚਾਲੇ ਸਬੰਧ ਮੁੜ ਠੀਕ ਹੋਣ ਦਾ ਦਾਅਵਾ ਕੀਤਾ ਗਿਆ ਸੀ। ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਸੰਗਤ ਦਾ ਇਕ ਵਫਦ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਅਤੇ ਰਾਜਪਾਲ ਓਮ ਪ੍ਰਕਾਸ਼ ਕੋਹਲੀ ਨੂੰ ਮਿਲਿਆ ਸੀ। ਵਫਦ ਨੇ ਸਰਕਾਰ ਨਾਲ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਰੂਪਾਨੀ ਨੇ ਦੱਸਿਆ ਕਿ 23 ਤੇ 24 ਫਰਵਰੀ ਨੂੰ ਅਹਿਮਦਾਬਾਦ ਦੀ ਜੀ.ਐਮ.ਡੀ.ਸੀ. ਗਰਾਊਂਡ ਵਿਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਸ਼ਮੂਲੀਅਤ ਲਈ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਵੀ ਸੱਦਾ ਪੱਤਰ ਭੇਜੇ ਜਾਣਗੇ। ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੀ ਸੰਗਤ ਨੂੰ ਵੀ ਸਮਾਗਮ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਆਪਣੀਆਂ ਉਦਾਸੀਆਂ ਦੌਰਾਨ ਗੁਜਰਾਤ ਵੀ ਗਏ ਸਨ, ਇਸ ਲਈ ਗੁਜਰਾਤ ਵਿਚ ਵੀ ਸਿੱਖ ਸੰਗਤ ਵਲੋਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਸਮੁੱਚੇ ਵਿਸ਼ਵ ਦੇ ਗੁਰੂ ਹਨ ਅਤੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਡਾ. ਮੋਹਨ ਰਾਓ ਭਾਗਵਤ ਵੱਲੋਂ ਐਲਾਨ ਕੀਤਾ ਜਾ ਚੁੱਕਾ ਹੈ ਕਿ ਸਿਰਫ ਸੰਘ ਪਰਿਵਾਰ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿਚ ਵੱਸਦੇ ਭਾਰਤੀ ਗੁਰੂ ਸਾਹਿਬ ਦਾ ਸੁਨੇਹਾ ਘਰ-ਘਰ ਪਹੁੰਚਾਉਣਗੇ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੌਮੀ ਕਮੇਟੀ ਬਣਾਈ ਗਈ ਹੈ ਅਤੇ ਕੌਮੀ ਤੇ ਸੂਬਾ ਪੱਧਰੀ ਕਮੇਟੀਆਂ ਬਣਾ ਕੇ ਇਸ ਸਬੰਧੀ ਸਮਾਗਮ ਕਰਾਉਣ ਦੇ ਆਦੇਸ਼ ਦਿੱਤੇ ਜਾ ਚੁੱਕੇ ਹਨ। ਚਿਤਾਵਨੀ ਦੇ ਬਾਵਜੂਦ ਰਾਸ਼ਟਰੀ ਸਿੱਖ ਸੰਗਤ ਨੇ ਮੁੜ ਆਪਣੇ ਪੱਧਰ ‘ਤੇ ਗੁਰਮਤਿ ਸਮਾਗਮ ਕਰਾਉਣ ਦਾ ਐਲਾਨ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸ਼ੀਸ਼ਾ ਦਿਖਾਇਆ ਹੈ।