ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਲੋੜੀਂਦੀ ਗਿਣਤੀ ਵਿਚ ਵੀਜ਼ੇ ਨਾ ਦਿੱਤੇ ਜਾਣ ਕਾਰਨ ਸ਼੍ਰੋਮਣੀ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਖੁੰਝ ਗਿਆ ਹੈ ਜਦੋਂਕਿ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਦਿੱਲੀ ਕਮੇਟੀ ਸਮੇਤ ਹੋਰ ਜਥੇਬੰਦੀਆਂ ਦੇ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀæਕੇæ ਨੇ ਸ਼੍ਰੋਮਣੀ ਕਮੇਟੀ ਨੂੰ ਉਸ ਦੇ ਕੋਟੇ ਮੁਤਾਬਕ ਬਣਦੇ ਵੀਜ਼ੇ ਨਾ ਦੇਣ ‘ਤੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ ਤੇ ਆਖਿਆ ਕਿ ਉਹ ਸ਼੍ਰੋਮਣੀ ਕਮੇਟੀ ਦੇ ਇਸ ਬਾਰੇ ਫੈਸਲੇ ਦਾ ਸਮਰਥਨ ਕਰਨਗੇ।
ਵਿਸਾਖੀ ਮਨਾਉਣ ਲਈ ਤਿੰਨ ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਹਰ ਸਾਲ ਪਾਕਿਸਤਾਨ ਰਵਾਨਾ ਹੁੰਦਾ ਹੈ। ਇਹ ਯਾਤਰੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਵਿਸਾਖੀ ਦਿਹਾੜਾ ਮਨਾਉਣ ਮਗਰੋਂ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰ ਕੇ ਦਸ ਦਿਨਾਂ ਬਾਅਦ ਵਾਪਸ ਪਰਤਦੇ ਹਨ, ਪਰ ਇਸ ਵਾਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਯਾਤਰਾ ਵਿਚ ਸ਼ਾਮਲ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਫਰਵਰੀ ਵਿਚ ਸਰਕਾਰ ਨੂੰ ਪਾਕਿਸਤਾਨ ਜਾਣ ਦੇ ਇੱਛੁਕ 1400 ਯਾਤਰੂਆਂ ਦੀ ਸੂਚੀ ਭੇਜੀ ਗਈ ਸੀ, ਪਰ ਹੁਣ ਪਾਕਿਸਤਾਨੀ ਸਫਾਰਤਖਾਨੇ ਵੱਲੋਂ ਸਿਰਫ 300 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਹਾਮੀ ਭਰੀ ਗਈ ਜਿਸ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕਰਦਿਆਂ ਇਸ ਵਾਰ ਜਥਾ ਨਾ ਭੇਜਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਾਕਿਸਤਾਨੀ ਸਫਾਰਤਖਾਨੇ ਨੂੰ ਅਪੀਲ ਕੀਤੀ ਸੀ ਕਿ ਘੱਟੋ ਘੱਟ 70 ਤੋਂ 80 ਫੀਸਦੀ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ ਤਾਂ ਹੀ ਉਹ ਸਿੱਖ ਸ਼ਰਧਾਲੂਆਂ ਦਾ ਜਥਾ ਭੇਜ ਸਕਦੇ ਹਨ। ਵੱਡੀ ਗਿਣਤੀ ਵਿਚ ਵੀਜ਼ੇ ਨਾ ਮਿਲਣ ਕਾਰਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨੀ ਸਫਾਰਤਖਾਨੇ ਵੱਲੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਹਰ ਵਾਰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਸ਼ਰਧਾਲੂਆਂ ਦੀ ਸੂਚੀ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਬਿਨਾਂ ਕਾਰਨ ਦੱਸੇ ਹੀ ਵੀਜ਼ੇ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਪਾਕਿਸਤਾਨੀ ਸਫਾਰਤਖਾਨੇ ਦੇ ਇਸ ਵਤੀਰੇ ਖ਼ਿਲਾਫ਼ ਉਹ ਪਾਕਿਸਤਾਨ ਸਰਕਾਰ ਨੂੰ ਸ਼ਿਕਾਇਤ ਕਰਨਗੇ।
Leave a Reply