ਬੇਅਦਬੀ ਕਾਂਡ: ਪੁਲਿਸ ਅਫਸਰਾਂ ਦੀਆਂ ਵਧੀਆਂ ਮੁਸ਼ਕਿਲਾਂ

ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਗੋਲੀ ਕਾਂਡ ਵਿਚ ਘਿਰੇ ਪੁਲਿਸ ਅਫਸਰਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਆਈ.ਜੀ. ਪਰਮਰਾਜ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਉਥੇ ਹੀ ਬਹਿਬਲ ਕਲਾਂ ਗੋਲੀ ਕਾਂਡ ਵਿਚ ਗ੍ਰਿਫਤਾਰ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ।

ਫਰੀਦਕੋਟ ਦੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਸਾਬਕਾ ਪੁਲਿਸ ਮੁਖੀ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਮੁੱਚੀ ਪੜਤਾਲ ਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬਹਿਬਲ ਕਲਾਂ ਗੋਲੀ ਕਾਂਡ ਨੂੰ ਘਿਣਾਉਣਾ ਅਪਰਾਧ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਦੂਜੇ ਪਾਸੇ, ਸਾਬਕਾ ਪੁਲਿਸ ਮੁਖੀ ਦੇ ਵਕੀਲਾਂ ਨੇ ਕਿਹਾ ਕਿ ਚਰਨਜੀਤ ਸ਼ਰਮਾ ਦਿਲ ਦੇ ਮਰੀਜ਼ ਹਨ ਤੇ ਉਹ ਪੁਲਿਸ ਰਿਮਾਂਡ ਦੌਰਾਨ ਵੀ ਬਿਮਾਰ ਹੋ ਗਏ ਸਨ। ਉਨ੍ਹਾਂ ਮੰਗ ਕੀਤੀ ਕਿ ਚੱਲਦੇ ਮੁਕੱਦਮੇ ਤਕ ਚਰਨਜੀਤ ਸ਼ਰਮਾ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ। ਅਦਾਲਤ ਨੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਮੁੱਚੀ ਪੜਤਾਲ ਪ੍ਰਭਾਵਿਤ ਹੋ ਸਕਦੀ ਹੈ। ਅਦਾਲਤ ਨੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਮੁੱਚੀ ਪੜਤਾਲ ਪ੍ਰਭਾਵਿਤ ਹੋ ਸਕਦੀ ਹੈ। ਸਾਬਕਾ ਪੁਲਿਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਚਲਦੇ ਮੁਕੱਦਮੇ ਤੱਕ ਜ਼ਮਾਨਤ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ।
ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ 18 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ 26 ਫਰਵਰੀ ਤੱਕ ਉਹ ਪੁਲਿਸ ਰਿਮਾਂਡ ‘ਤੇ ਰਹੇ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਬਕਾਇਦਾ ਚਾਰਜਸ਼ੀਟ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿਭਾਗੀ ਪੜਤਾਲ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਮਰਾਨੰਗਲ ਉਹ ਪਹਿਲੇ ਅਧਿਕਾਰੀ ਹਨ ਜਿਨ੍ਹਾਂ ਨੂੰ ਬੇਅਦਬੀ ਤੇ ਗੋਲੀ ਕਾਂਡ ਨਾਲ ਜੁੜੇ ਮਾਮਲੇ ਵਿਚ ਮੁਅੱਤਲ ਕਰਕੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
_________________________________
ਬਹਿਬਲ ਕਾਂਡ: ਸੁਖਬੀਰ ਨੂੰ ਵੀ ਗ੍ਰਿਫਤਾਰੀ ਦਾ ਡਰ ਸਤਾਉਣ ਲੱਗਾ
ਚੰਡੀਗੜ੍ਹ: ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਾਪਰੀਆਂ ਬੇਅਦਬੀ ਅਤੇ ਪੁਲਿਸ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ ‘ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਕੀਤੀ ਜਾ ਰਹੀ ਤਫਤੀਸ਼ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਆਫਤ ਜਾਪਣ ਲੱਗੀ ਹੈ। ਅਕਾਲੀ ਦਲ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਸਿਟ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂਚ ਨਿਰਪੱਖ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਸਿਟ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵੱਲੋਂ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਵਤੀਰੇ ਦੀ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਟ ਵੱਲੋਂ ਕੀਤੀ ਜਾ ਰਹੀ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਹੈ। ਹਰ ਕੋਈ ਜਾਣਦਾ ਹੈ ਕਿ ਉਸ ਸਮੇਂ ਮਨਤਾਰ ਬਰਾੜ ਸਿਰਫ ਇਕ ਵਿਧਾਇਕ ਸੀ। ਬਾਦਲ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਵਿਚ ਅਕਾਲੀ ਆਗੂਆਂ ਨੂੰ ਫਸਾਉਣ ਦੀ ਕਾਂਗਰਸ ਦੀ ਖੇਡ ਸ਼ੁਰੂ ਤੋਂ ਹੀ ਸਪੱਸ਼ਟ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸੱਚਾਈ ਨੂੰ ਬਾਹਰ ਲਿਆਉਣ ਲਈ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ‘ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਜਿਸ ਤਰੀਕੇ ਨਾਲ ਸਿੱਟ ਵੱਲੋਂ ਮਨਤਾਰ ਸਿੰਘ ਬਰਾੜ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੁਲਿਸ ਅਧਿਕਾਰੀਆਂ ‘ਤੇ ਅਧਾਰਿਤ ਸਿੱਟ ਵੀ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਦੇ ਨਕਸ਼ੇ ਕਦਮਾਂ ਉਤੇ ਚੱਲ ਰਹੀ ਹੈ।
ਰਣਜੀਤ ਸਿੰਘ ਕਾਂਗਰਸੀ ਕਮਿਸ਼ਨ ਵਾਂਗ ਹੀ ਸਿਟ ਵੀ ਬਦਲੇਖੋਰੀ ਦੀ ਸਿਆਸਤ ਕਰਨ ਵਾਸਤੇ ਕਾਂਗਰਸ ਪਾਰਟੀ ਦਾ ਔਜ਼ਾਰ ਬਣ ਚੁੱਕਿਆ ਹੈ।