ਵਿਵਾਦਾਂ ਵਿਚ ਘਿਰੇ ਤਖਤ ਪਟਨਾ ਸਾਹਿਬ ਦੇ ਜਥੇਦਾਰ ਦੀ ਛੁੱਟੀ

ਚੰਡੀਗੜ੍ਹ: ਵਿਵਾਦਾਂ ਵਿਚ ਰਹਿਣ ਵਾਲੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਕਬਾਲ ਸਿੰਘ ਦੀ ਛੁੱਟੀ ਮਗਰੋਂ ਗਿਆਨੀ ਰਜਿੰਦਰ ਸਿੰਘ ਨੂੰ ਸੇਵਾਵਾਂ ਸੌਂਪ ਦਿੱਤੀਆਂ ਗਈਆਂ ਹਨ।

ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਵਲੋਂ ਬਣਾਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਯਾਦ ਰਹੇ ਕਿ ਇਕਬਾਲ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਨੇ ਅਸਤੀਫੇ ਨੂੰ ਪ੍ਰਵਾਨ ਨਹੀਂ ਕੀਤਾ ਹੈ ਅਤੇ ਪਟਨਾ ਸਾਹਿਬ ਦੀ ਸੰਗਤ ਨੇ ਇਕੱਠੇ ਹੋ ਕੇ ਮੁੜ ਤਖਤ ਦਾ ਕੰਮਕਾਜ ਸੌਂਪ ਦਿੱਤਾ ਹੈ।
ਇਸ ਤੋਂ ਪਹਿਲਾਂ ਗਿਆਨੀ ਇਕਬਾਲ ਸਿੰਘ ਵਲੋਂ ਭੇਜੇ ਆਪਣੇ ਅਸਤੀਫੇ ਵਿਚ ਕਿਹਾ ਗਿਆ ਸੀ ਕਿ ਕੁਝ ਧਾਰਮਿਕ ਅਤੇ ਰਾਜਨੀਤਕ ਲੋਕ ਉਨ੍ਹਾਂ ਖਿਲਾਫ਼ ਸਾਜ਼ਿਸ਼ਾਂ ਘੜ ਕੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਜਿਸ ਨਾਲ ਤਖਤ ਦੀ ਮਾਣ ਮਰਿਆਦਾ ਅਤੇ ਮਾਣ ਸਨਮਾਨ ਨੂੰ ਵੀ ਢਾਹ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਗੁੰਮਰਾਹਕੁਨ ਪ੍ਰਚਾਰ ਕਰਕੇ ਸੰਗਤ ਨੂੰ ਵੀ ਗੁੰਮਰਾਹ ਕੀਤਾ ਜਾ ਰਿਹਾ ਹੈ। ਯਾਦ ਰਹੇ ਕਿ ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿਚ ਘਿਰੇ ਹੋਏ ਸਨ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਕਰਨ ਅਤੇ ਉਨ੍ਹਾਂ ਦੇ ਬੇਟੇ ਵਲੋਂ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸਨ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।