ਤਖਤ ਪਟਨਾ ਸਾਹਿਬ ਵਾਸਤੇ ਸਥਾਈ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਕਾਇਮ

ਅੰਮ੍ਰਿਤਸਰ: ਤਖਤ ਪਟਨਾ ਸਾਹਿਬ ਵਾਸਤੇ ਸਥਾਈ ਤੌਰ ‘ਤੇ ਜਥੇਦਾਰ ਨਿਯੁਕਤ ਕਰਨ ਲਈ ਅਕਾਲ ਤਖਤ ਤੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਿੱਖ ਸੰਪਰਦਾਵਾਂ ਤੇ ਸਿੱਖ ਜਥੇਬੰਦੀਆਂ ਦੀ ਰਾਇ ਨਾਲ ਦੋ ਗੁਰਸਿੱਖਾਂ ਦਾ ਨਾਂ ਅਕਾਲ ਤਖਤ ‘ਤੇ ਦੇਵੇਗੀ ਅਤੇ ਇਨ੍ਹਾਂ ਵਿਚੋਂ ਕਿਸੇ ਇਕ ਨੂੰ ਸਥਾਈ ਜਥੇਦਾਰ ਨਿਯੁਕਤ ਕੀਤਾ ਜਾਵੇਗਾ। ਇਹ ਫੈਸਲਾ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕੀਤਾ ਗਿਆ ਹੈ।

ਇਸ ਦੌਰਾਨ ਤਖਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅੰਮ੍ਰਿਤਸਰ ਵਿਚ ਮੌਜੂਦ ਹੁੰਦਿਆਂ ਹੋਇਆਂ ਵੀ ਕੀਤੇ ਐਲਾਨ ਮੁਤਾਬਕ ਅਕਾਲ ਤਖਤ ਵਿਖੇ ਨਹੀਂ ਪੁੱਜੇ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਤਖਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਰਜਿੰਦਰ ਸਿੰਘ, ਤਖਤ ਕੇਸਗੜ੍ਹ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਅਕਾਲ ਤਖਤ ਤੋਂ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ ਸ਼ਾਮਲ ਸਨ। ਇਕੱਤਰਤਾ ਬਾਰੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਖਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਲੋਂ ਭੇਜੇ ਗਏ ਪੱਤਰ ‘ਤੇ ਵਿਚਾਰ ਕੀਤਾ ਗਿਆ ਹੈ। ਇਹ ਪੱਤਰ ਤਖਤ ਪਟਨਾ ਸਾਹਿਬ ਵਾਸਤੇ ਸਥਾਈ ਜਥੇਦਾਰ ਨਿਯੁਕਤ ਕਰਨ ਲਈ ਭੇਜਿਆ ਗਿਆ ਸੀ, ਜਿਸ ਦੇ ਆਧਾਰ ਉਤੇ ਜਥੇਦਾਰ ਵਾਸਤੇ ਉਮੀਦਵਾਰ ਦੀ ਚੋਣ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ।
ਇਸ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ, ਤਖਤ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਕੋਆਰਡੀਨੇਟਰ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੰਜ ਮੈਂਬਰੀ ਕਮੇਟੀ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਸੰਪਰਦਾਵਾਂ ਆਦਿ ਤੋਂ ਇਸ ਬਾਰੇ ਰਾਇ ਲਵੇਗੀ ਅਤੇ ਅਹੁਦੇ ਦੇ ਯੋਗ ਦੋ ਗੁਰਸਿੱਖ ਵਿਅਕਤੀਆਂ ਦੀ ਚੋਣ ਕਰਕੇ ਇਨ੍ਹਾਂ ਦੇ ਨਾਵਾਂ ਦੀ ਤਜਵੀਜ਼ ਅਕਾਲ ਤਖਤ ‘ਤੇ ਭੇਜੇਗੀ, ਜਿਸ ਵਿਚੋਂ ਇਕ ਉਮੀਦਵਾਰ ਦੀ ਤਖਤ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਚੋਣ ਕੀਤੀ ਜਾਵੇਗੀ।
ਗਿਆਨੀ ਇਕਬਾਲ ਸਿੰਘ ਨੂੰ ਸੇਵਾ ਮੁਕਤ ਕੀਤੇ ਜਾਣ ਤੋਂ ਬਾਅਦ ਆਰਜ਼ੀ ਪ੍ਰਬੰਧ ਵਾਸਤੇ ਗਿਆਨੀ ਰਜਿੰਦਰ ਸਿੰਘ ਨੂੰ ਫਿਲਹਾਲ ਤਖਤ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕੁਝ ਔਰਤਾਂ ਵੱਲੋਂ ਇਥੇ ਸ਼ਿਕਾਇਤ ਪੱਤਰ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ ਗਿਆਨੀ ਇਕਬਾਲ ਸਿੰਘ ‘ਤੇ ਦੋ ਵਿਆਹ ਕਰਕੇ ਪੰਥਕ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿਚ ਅਕਾਲ ਤਖਤ ਦੇ ਜਥੇਦਾਰ ਨੇ ਇਨ੍ਹਾਂ ਔਰਤਾਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਅਕਾਲ ਤਖਤ ਦੇ ਆਦੇਸ਼ ‘ਤੇ ਦੋਸ਼ਾਂ ਦੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਬਣਾਈ ਗਈ ਜਾਂਚ ਕਮੇਟੀ ਨੂੰ ਉਨ੍ਹਾਂ ਮੁੜ ਆਦੇਸ਼ ਕੀਤਾ ਕਿ ਉਹ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਕੇ ਰਿਪੋਰਟ।
___________________________________
ਸਿੱਖ ਨੌਜਵਾਨਾਂ ਨੂੰ ਸਜ਼ਾ ਮਾਮਲੇ ਦੀ ਪੈਰਵੀ ਦੀ ਹਦਾਇਤ
ਨਵਾਂ ਸ਼ਹਿਰ ਦੀ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਨੂੰ ਖਾਲਿਸਤਾਨੀ ਸਾਹਿਤ ਰੱਖਣ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਕੇਸ ਦੀ ਕਾਨੂੰਨੀ ਪੈਰਵੀ ਕੀਤੀ ਜਾਵੇ ਅਤੇ ਆਰਥਿਕ ਸਹਾਇਤਾ ਵੀ ਮੁਹੱਈਆ ਕੀਤੀ ਜਾਵੇ। ਪੰਜ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਇਕੋ ਮੰਚ ਤੋਂ ਇਕੱਠੇ ਹੋ ਕੇ ਮਨਾਇਆ ਜਾਵੇ। ਉਨ੍ਹਾਂ ਤਜਵੀਜ਼ ਦਿੱਤੀ ਹੈ ਕਿ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਵਾਸਤੇ ਤਾਲਮੇਲ ਕਮੇਟੀ ਬਣਾ ਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇ।
___________________________________
ਭੁਪਿੰਦਰ ਸਿੰਘ ਮਿਨਹਾਸ ਨੂੰ ਥਾਪਿਆ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਪ੍ਰਧਾਨ
ਅੰਮ੍ਰਿਤਸਰ: ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਗਠਨ ਬਾਰੇ ਮਹਾਰਾਸ਼ਟਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਬੋਰਡ ਵਿਚ 9 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਭੁਪਿੰਦਰ ਸਿੰਘ ਮਿਨਹਾਸ ਨੂੰ ਬੋਰਡ ਦਾ ਪ੍ਰਧਾਨ ਬਣਾਇਆ ਗਿਆ ਹੈ।
ਮਹਾਰਾਸ਼ਟਰ ਸਰਕਾਰ ਦੇ ਡਿਪਟੀ ਸਕੱਤਰ ਰਵੀ ਰਾਜ ਫਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਦੇ 9 ਮੈਂਬਰਾਂ ਵਿਚ ਭੁਪਿੰਦਰ ਸਿੰਘ ਮਿਨਹਾਸ ਤੋਂ ਇਲਾਵਾ ਰਵਿੰਦਰ ਸਿੰਘ ਬੁੰਗਈ, ਮਨਪ੍ਰੀਤ ਸਿੰਘ ਕੂੰਜੀਵਾਲੇ, ਗੁਰਮੀਤ ਸਿੰਘ ਮਹਾਜਨ, ਗੁਰਦੀਪ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ ਚਾਹਲ ਦੇ ਨਾਂ ਸ਼ਾਮਲ ਹਨ। ਇਹ ਨੋਟੀਫਿਕੇਸ਼ਨ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਅਬਚਲ ਨਗਰ ਸਾਹਿਬ ਐਕਟ 1956 ਤਹਿਤ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਵੱਲੋਂ ਇਸ ਐਕਟ ਵਿਚ ਸੋਧ ਕਰਕੇ ਪ੍ਰਬੰਧਕੀ ਬੋਰਡ ਦਾ ਚੇਅਰਮੈਨ ਸਰਕਾਰ ਵੱਲੋਂ ਨਾਮਜ਼ਦ ਕੀਤਾ ਜਾ ਰਿਹਾ ਸੀ ਜਿਸ ਦਾ ਪਹਿਲਾਂ ਵੀ ਮਹਾਰਾਸ਼ਟਰ ਦੀ ਸਿੱਖ ਸੰਗਤ ਵਲੋਂ ਵਿਰੋਧ ਕੀਤਾ ਗਿਆ ਸੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੂੰ ਅਪੀਲ ਕੀਤੀ ਸੀ ਕਿ ਇਸ ਸੋਧ ਨੂੰ ਰੱਦ ਕੀਤਾ ਜਾਵੇ ਅਤੇ ਸਿੱਖ ਸੰਗਤ ਦੀ ਮੰਗ ਮੁਤਾਬਕ ਬੋਰਡ ਲਈ ਚੁਣੇ ਗਏ ਤੇ ਨਾਮਜ਼ਦ ਕੀਤੇ ਮੈਂਬਰਾਂ ਵਿਚੋਂ ਹੀ ਪ੍ਰਧਾਨ ਨਿਯੁਕਤ ਕੀਤਾ ਜਾਵੇ।
___________________________________
ਸਰਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਵਿਰੋਧ
ਨਾਂਦੇੜ: ਮਹਾਰਾਸ਼ਟਰ ਸਰਕਾਰ ਵੱਲੋਂ ਇਥੋਂ ਦੇ ਗੁਰਦੁਆਰਾ ਤਖਤ ਸ੍ਰੀ ਸੱਚਖੰਡ ਬੋਰਡ ਧਾਰਮਿਕ ਸੰਸਥਾ ‘ਤੇ ਸਰਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਕਾਰਨ ਇਕ ਵਾਰ ਮੁੜ ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਫੈਲ ਗਈ ਹੈ। ਮਹਾਰਾਸ਼ਟਰ ਸਰਕਾਰ ਨੇ ਬੋਰਡ ‘ਤੇ 9 ਮੈਂਬਰਾਂ ਵਾਲਾ ਬੋਰਡ ਨਿਯੁਕਤ ਕੀਤਾ। ਹੈਦਰਾਬਾਦ ਦੇ ਪ੍ਰਤੀਨਿਧੀ, ਸੱਚਖੰਡ ਹਜ਼ੂਰੀ ਖਾਲਸਾ ਦੀਵਾਨ, 2 ਸਿੱਖ ਸੰਸਦ ਮੈਂਬਰਾਂ ਦੀ ਨਿਯੁਕਤੀ ਮੈਂਬਰਾਂ ਦੇ ਤੌਰ ‘ਤੇ ਰੋਕੀ ਗਈ ਹੈ, ਜਿਸ ਨੂੰ ਭਾਜਪਾ ਸਰਕਾਰ ਦੀ ਇਕ ਵੱਡੀ ਸ਼ਰਾਰਤ ਸਮਝਿਆ ਜਾ ਰਿਹਾ ਹੈ। ਸਿੱਖ ਭਾਈਚਾਰੇ ਵੱਲੋਂ ਤਖਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਦੀ ਮੁੱਖ ਡਿਊੜੀ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।