ਵਿੱਤੀ ਸੰਕਟ ਵਿਚ ਫਸੇ ਅਕਾਲੀ ਦਲ ਦੀ ਭੇਟਾ ‘ਤੇ ਟੇਕ

ਚੰਡੀਗੜ੍ਹ: ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲੀ ਵਾਰ ਵਿੱਤੀ ਪੱਖ ਤੋਂ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਤਰਾਂ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਡਾæ ਦਲਜੀਤ ਸਿੰਘ ਚੀਮਾ ਨੇ ਵਹੀ ਖਾਤਾ ਪੇਸ਼ ਕਰਦਿਆਂ ਇੱਕ ਕਰੋੜ ਰੁਪਏ ਤੋਂ ਵੱਧ ਦਾ ਘਾਟਾ ਦੱਸਿਆ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਆਗਾਮੀ ਸੰਸਦੀ ਚੋਣਾਂ ਦੌਰਾਨ ਪ੍ਰਚਾਰ ਲਈ ਉਮੀਦਵਾਰਾਂ ਨੂੰ ਦਿੱਤੇ ਜਾਣ ਵਾਲੇ ਫੰਡ ਅਤੇ ਪਾਰਟੀ ਦੀਆਂ ਗਤੀਵਿਧੀਆਂ ਚਲਾਉਣ ਲਈ ਸੀਨੀਅਰ ਅਕਾਲੀ ਨੇਤਾਵਾਂ ਨੂੰ ਫੰਡ ਦੇਣ ਲਈ ਕਿਹਾ ਗਿਆ ਹੈ।

ਸੀਨੀਅਰ ਨੇਤਾ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਜਥੇਦਾਰਾਂ ਵੱਲੋਂ ਇੱਕ-ਇੱਕ ਲੱਖ ਰੁਪਏ ਦਾ ਚੰਦਾ ਪਾਰਟੀ ਨੂੰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹਰੇਕ ਜਨਰਲ ਸਕੱਤਰ, ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵੱਲੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਵਰਕਿੰਗ ਕਮੇਟੀ ਮੈਂਬਰ 21 ਹਜ਼ਾਰ ਰੁਪਏ ਦਾ ਯੋਗਦਾਨ ਪਾਵੇਗਾ ਤੇ ਜਨਰਲ ਕੌਂਸਲ ਦੇ ਹਰ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਹੈ। ਪਾਰਟੀ ਵੱਲੋਂ ਪਹਿਲੀ ਅਪਰੈਲ ਤੋਂ ਮੈਂਬਰਸ਼ਿਪ ਦੀ ਭਰਤੀ ਵੀ ਸ਼ੁਰੂ ਕੀਤੀ ਜਾਵੇਗੀ ਤੇ ਮੈਂਬਰਸ਼ਿਪ ਰਾਹੀਂ ਵੀ ਫੰਡ ਉਪਲਬਧ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਤੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਸੰਸਦੀ ਚੋਣਾਂ ਦੌਰਾਨ ਉਮੀਦਵਾਰ ਬਣਾਉਣ ਬਾਰੇ ਸਹਿਮਤੀ ਬਣ ਗਈ ਤੇ ਉਮੀਦਵਾਰਾਂ ਦੇ ਐਲਾਨ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਧਿਕਾਰ ਦੇ ਦਿੱਤੇ ਗਏ। ਸੂਤਰਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਹਰਸਿਮਰਤ ਬਾਦਲ ਨੂੰ ‘ਸੁਰੱਖਿਅਤ’ ਸੰਸਦੀ ਹਲਕੇ ਤੋਂ ਚੋਣ ਲੜਾਉਣ ਸਬੰਧੀ ਵੀ ਸੀਨੀਅਰ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਨੂੰ ਸਲਾਹ ਦਿੱਤੀ ਗਈ। ਮੀਟਿੰਗ ਦੌਰਾਨ ਇਸ ਗੱਲ ‘ਤੇ ਵੀ ਵਿਚਾਰ ਕੀਤਾ ਗਿਆ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਸਿਆਸੀ ਸੇਕ ਪੰਜਾਬ ਦੇ ਸੀਮਤ ਖੇਤਰ ਤੱਕ ਹੀ ਮਹਿਸੂਸ ਕੀਤਾ ਜਾ ਸਕਦਾ ਹੈ। ਆਗੂਆਂ ਨੇ ਕਿਹਾ ਕਿ ਆਈæਜੀæ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦੇਣ ਸਮੇਂ ਅਦਾਲਤ ਵੱਲੋਂ ਕੀਤੀਆਂ ਟਿੱਪਣੀਆਂ ਨੇ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਇਸ ਲਈ ਚੋਣ ਪ੍ਰਕਿਰਿਆ ਲੰਮੀ ਹੋਣ ਕਾਰਨ ਪਾਰਟੀ ਨੂੰ ਸਫਾਈ ਦੇਣ ਅਤੇ ਹਾਲਾਤ ਦਾ ਟਾਕਰਾ ਕਰਨ ਦਾ ਮੌਕਾ ਮਿਲ ਗਿਆ ਹੈ। ਅਕਾਲੀ ਦਲ ਨੇ ਕਾਂਗਰਸ ਖਿਲਾਫ ਪ੍ਰਚਾਰ ਮਘਾਉਣ ਲਈ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ-ਖਿਲਾਫੀ ਵਿਰੁੱਧ ਰੋਸ ਵਜੋਂ 16 ਮਾਰਚ ਸੂਬੇ ਦੇ ਸਾਰੇ ਹਲਕਿਆਂ ਵਿਚ ‘ਵਾਅਦਾਖਿਲਾਫੀ ਦਿਵਸ’ ਮਨਾਉਣ ਦਾ ਫੈਸਲਾ ਕੀਤਾ ਹੈ।
ਪਾਰਟੀ ਦੇ ਬੁਲਾਰੇ ਡਾæ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਇੱਕ ਮਤੇ ਵਿਚ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਕਾਂਗਰਸ ਸਰਕਾਰ ਵੱਲੋਂ ਬਣਾਈ ‘ਸਿਟ’ ਦਾ ਸਿਆਸੀਕਰਨ ਕਰਨ ਦੀ ਸਖਤ ਨਿਖੇਧੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ‘ਸਿਟ’ ਮੈਂਬਰ ਆਈæਜੀæ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੇਸ਼ੇਵਰ ਤਰੀਕੇ ਨਾਲ ਜਾਂਚ ਦੀ ਥਾਂ ਸੱਤਾਧਾਰੀ ਧਿਰ ਦੀ ਮਰਜ਼ੀ ਅਨੁਸਾਰ ਜਾਂਚ ਦੇ ਤੱਥਾਂ ਨੂੰ ਤੋੜਿਆ-ਮਰੋੜਿਆ ਜਾ ਰਿਹਾ ਹੈ। ਮੋਦੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਏ ਵੱਡੇ ਫੈਸਲਿਆਂ ਦੀ ਵੀ ਸ਼ਲਾਘਾ ਕੀਤੀ ਗਈ।
__________________________
ਦੋ ਸੰਵਿਧਾਨ ਰੱਖਣ ਦੇ ਦੋਸ਼ ਅਕਾਲੀ ਦਲ ਦੀ ਮਾਨਤਾ ਖਤਮ ਕਰਵਾਉਣ ਲਈ ਮੁਹਿੰਮ
ਚੰਡੀਗੜ੍ਹ: ਸੋਸ਼ਲਿਸਟ ਪਾਰਟੀ (ਇੰਡੀਆ) ਦੇ ਸੀਨੀਅਰ ਆਗੂ ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਖਾਸਕਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ ਅਤੇ ਡਾæ ਦਲਜੀਤ ਸਿੰਘ ਚੀਮਾ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਨੇਤਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਬਣਾ ਕੇ ਲੋਕਾਂ ਨਾਲ ਧੋਖਾਧੜੀ ਕੀਤੀ ਹੈ।
ਅਦਾਲਤ ਵਿਚ ਅਕਾਲੀ ਦਲ ਦੇ ਦੋ ਸੰਵਿਧਾਨ ਹੋਣ ਦੀ ਲੜਾਈ ਲੜ ਰਹੇ ਇਸ ਬਜ਼ੁਰਗ ਸਿਆਸਤਦਾਨ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਤੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਅਕਾਲੀ ਦਲ ਵਿਰੁੱਧ ਚਲਦੇ ਕੇਸਾਂ ਵਿਚ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤ ਵਿਚ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਵੀ ਇਸ ਤਰ੍ਹਾਂ ਦਾ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਸੀਨੀਅਰ ਅਕਾਲੀ ਨੇਤਾਵਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਗੁਰਦੁਆਰਾ ਚੋਣ ਕਮਿਸ਼ਨ ਨੂੰ ਵੱਖਰਾ ਅਤੇ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਵੱਖੋ ਵੱਖਰੇ ਸੰਵਿਧਾਨ ਦਿੰਦਾ ਰਿਹਾ ਹੈ, ਜੋ ਕਿ ਗ਼ੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਨ ਵਾਲੇ ਅਕਾਲੀ ਨੇਤਾਵਾਂ ਖਿਲਾਫ ਪਰਚੇ ਦਰਜ ਹੋਣੇ ਚਾਹੀਦੇ ਹਨ ਤੇ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਗਾਮੀ ਸੰਸਦੀ ਚੋਣਾਂ ਦੌਰਾਨ ਪਾਰਟੀ ਵੱਲੋਂ ਸੰਗਰੂਰ ਅਤੇ ਬਠਿੰਡਾ ਸੰਸਦੀ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।