ਕਾਂਗਰਸ ਵੱਲੋਂ ਸੱਤਾ ਵਿਚ ਆਉਣ ਪਿੱਛੋਂ ਗਰੀਬਾਂ ਦੇ ਦਿਨ ਬਦਲਣ ਦਾ ਐਲਾਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਚੋਣ ਵਾਅਦਾ ਕਰਦਿਆਂ ਦੇਸ਼ ਦੇ ਅਤਿ ਗਰੀਬ ਪਰਿਵਾਰਾਂ ਲਈ ਘੱਟੋ-ਘੱਟ ਆਮਦਨ ਸਕੀਮ ਦਾ ਐਲਾਨ ਕੀਤਾ ਹੈ। ਰਾਹੁਲ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਉਹ ਗਰੀਬ ਵਰਗ ਦੇ 20 ਫੀਸਦੀ ਅਤਿ ਗਰੀਬ ਪਰਿਵਾਰਾਂ ਨੂੰ ਘੱਟੋ-ਘੱਟ ਆਮਦਨ ਵਜੋਂ ਸਾਲਾਨਾ 72000 ਰੁਪਏ ਪ੍ਰਤੀ ਪਰਿਵਾਰ ਦੇਣਗੇ।

ਗਾਂਧੀ ਨੇ ਇਸ ਪੇਸ਼ਕਦਮੀ ਨੂੰ ਗਰੀਬੀ ਦੇ ਖਾਤਮੇ ਲਈ ‘ਆਖਰੀ ਹੱਲਾ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਮੁਲਕ ਦੇ ਪੰਜ ਕਰੋੜ ਪਰਿਵਾਰਾਂ ਭਾਵ 25 ਕਰੋੜ ਲੋਕਾਂ (ਪ੍ਰਤੀ ਪਰਿਵਾਰ ਪੰਜ ਜੀਅ) ਨੂੰ ਗਰੀਬੀ ‘ਚੋਂ ਕੱਢਿਆ ਜਾ ਸਕੇਗਾ। ਕਾਂਗਰਸ ਪ੍ਰਧਾਨ ਨੇ ਗਰੀਬੀ ਦੇ ਖਾਤਮੇ ਲਈ ਇਸ ਸਕੀਮ ਨੂੰ ‘ਇਤਿਹਾਸਕ’ ਕਰਾਰ ਦਿੱਤਾ ਹੈ। ਇਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਹੋਰਨਾਂ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਸਕੀਮ ਦਾ ਐਲਾਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ‘ਬਦਲਾਅ ਦਾ ਸਮਾਂ ਆ ਗਿਆ ਹੈ। ਪੰਜ ਕਰੋੜ ਪਰਿਵਾਰਾਂ ਤੇ 25 ਕਰੋੜ ਲੋਕਾਂ ਨੂੰ ਸਿੱਧੇ ਤੌਰ ‘ਤੇ ਇਸ ਸਕੀਮ ਦਾ ਲਾਹਾ ਮਿਲੇਗਾ।’ ਕਾਂਗਰਸ ਪ੍ਰਧਾਨ ਨੇ ਮਗਰੋਂ ਇਕ ਟਵੀਟ ‘ਚ ਅੱਜ ਦੇ ਦਿਨ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਨੇ ਗਰੀਬੀ ‘ਤੇ ਆਖਰੀ ਹਮਲਾ ਬੋਲਿਆ ਹੈ। ਮੁਲਕ ਦੇ ਪੰਜ ਕਰੋੜ ਅਤਿ ਗਰੀਬ ਲੋਕਾਂ ਨੂੰ ਪ੍ਰਤੀ ਸਾਲ 72000 ਰੁਪਏ ਮਿਲਣਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਸਕੀਮ ਨਾਲ ਸਬੰਧਤ ਵਿੱਤੀ ਅੜਿੱਕਿਆਂ ਦਾ ਅਧਿਐਨ ਕਰਨ ਦੇ ਨਾਲ ਉਘੇ ਅਰਥਸ਼ਾਸਤਰੀਆਂ ਤੇ ਮਾਹਿਰਾਂ ਦੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਇਸ ਸਕੀਮ ਨੂੰ ਅੰਤਿਮ ਰੂਪ ਦਿੱਤਾ ਹੈ। ਇਹ ਵਿੱਤੀ ਤੌਰ ‘ਤੇ ਬਹੁਤ ਚੌਕਸ ਹੋ ਕੇ ਬਣਾਈ ਸਕੀਮ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਸੱਤਾ ਵਿਚ ਆਈ ਤਾਂ ਉਹ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਦੀ ਪਛਾਣ ਕਰੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸੇਧਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਗਰੀਬ ਪਰਿਵਾਰਾਂ ਨੂੰ ਬਹੁਤ ਮੁਸੀਬਤਾਂ ਝੱਲਣੀਆਂ ਪਈਆਂ ਹਨ ਤੇ ਅਸੀਂ ਉਨ੍ਹਾਂ ਨੂੰ ਨਿਆਂ ਦਿਵਾਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ ਮੁਲਕ ਦੇ ਰੱਜੇ ਪੁੱਜਿਆਂ ਦੀਆਂ ਜੇਬਾਂ ਭਰ ਸਕਦੇ ਹਨ ਤਾਂ ਕਾਂਗਰਸ ਵੀ ਗਰੀਬਾਂ ਨੂੰ ਇਹ ਪੈਸਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੁਲਕ ਦੇ 20 ਫੀਸਦੀ ਅਤਿ ਗਰੀਬ ਪਰਿਵਾਰਾਂ ਦੇ ਬੈਂਕ ਖਾਤਿਆਂ ‘ਚ ਸਾਲਾਨਾ 72000 ਰੁਪਏ ਪਾਉਣ ਦੀ ਗਾਰੰਟੀ ਦਿੰਦੀ ਹੈ।
_______________________
ਕੈਪਟਨ ਵੱਲੋਂ ਯੋਜਨਾ ਦਾ ਸਵਾਗਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਭਾਰਤ ਦੇ 20 ਫੀਸਦੀ ਗਰੀਬ ਪਰਿਵਾਰਾਂ ਨੂੰ ਘੱਟੋ-ਘੱਟ ਆਮਦਨ ਵਜੋਂ ਹਰ ਸਾਲ 72000 ਰੁਪਏ ਦੇਣ ਦੇ ਵਾਅਦੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਪਾਰਟੀ ਦਾ ਲੀਹੋਂ ਹਟਵਾਂ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਕਦਮ ਲੋਕ ਸਭਾ ਚੋਣਾਂ ਲਈ ਭਾਜਪਾ ਦੀਆਂ ਮਾਰੂ ਅਤੇ ਫੁਟ ਪਾਊ ਯੋਜਨਾ ਦੇ ਬਿਲਕੁਲ ਉਲਟ ਉਸਾਰੂ ਨੀਤੀਆਂ ‘ਤੇ ਆਧਾਰਿਤ ਹੈ। ਕੈਪਟਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਵਾਅਦੇ ਨੇ ਮੁਲਕ ਦੇ ਗਰੀਬ ਤੋਂ ਗਰੀਬ ਲੋਕਾਂ ਦੇ ਜੀਵਨ ਵਿਚ ਆਸ ਦੀ ਕਿਰਨ ਜਗਾਈ ਹੈ।
_______________________
ਕਾਂਗਰਸ ਦੀ ਆਮਦਨ ਗਾਰੰਟੀ ਸਕੀਮ ਚੋਣ ਸਟੰਟ ਕਰਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੀ ਘੱਟੋ-ਘੱਟ ਆਮਦਨ ਗਾਰੰਟੀ ਸਕੀਮ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ। ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਸਿਰਫ ਵੋਟਾਂ ਲੈਣ ਵਾਸਤੇ ਅਜਿਹੇ ਵਾਅਦੇ ਕਰ ਰਹੀ ਹੈ। ਸ੍ਰੀ ਭੂੰਦੜ ਨੇ ਕਿਹਾ ਕਿ ਘੱਟੋ-ਘੱਟ ਆਮਦਨ ਗਾਰੰਟੀ ਸਕੀਮ ਬਾਰੇ ਦੱਸਦਿਆਂ ਰਾਹੁਲ ਗਾਂਧੀ ਨੇ ਸਭ ਤੋਂ ਗਰੀਬ ਤਬਕੇ ਵਿਚੋਂ 20 ਫੀਸਦੀ ਗਰੀਬਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦੀ ਘੱਟੋ-ਘੱਟ ਆਮਦਨ ਦਾ ਭਰੋਸਾ ਦਿਵਾਇਆ ਹੈ, ਜਿਸ ਦਾ ਭਾਵ ਹੈ ਕਿ 5 ਕਰੋੜ ਪਰਿਵਾਰਾਂ ਅਤੇ 25 ਕਰੋੜ ਲੋਕਾਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ।