ਲੋਕ ਸਭਾ ਚੋਣਾਂ: ‘ਆਪ’ ਲਈ ਪੰਜਾਬ ਫਤਿਹ ਕਰਨਾ ਵੱਡੀ ਚੁਣੌਤੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਲਈ ਇਸ ਵਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਵੱਡੀ ਚੁਣੌਤੀ ਹੋਣਗੀਆਂ। ਪਿਛਲੀ ਵਾਰ ਆਪ ਪੰਜਾਬ ਵਿਚ 4 ਸੀਟਾਂ ਜਿੱਤ ਕੇ ਵੱਡੀ ਧਿਰ ਵਜੋਂ ਉਭਰੀ ਸੀ ਪਰ ਇਸ ਵਾਰ ਹਾਲਾਤ ਕੁਝ ਵੱਖਰੇ ਹਨ। ਪਾਰਟੀ ਪ੍ਰਧਾਨ ਭਗਵੰਤ ਮਾਨ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਵਿਚ ਕਾਮਯਾਬ ਨਹੀਂ ਹੋ ਸਕੇ। ਬੇਸ਼ੱਕ ਭਗਵੰਤ ਮਾਨ ਪਿਛਲੀ ਵਾਰ ਨਾਲੋਂ ਵੀ ਚੰਗਾ ਪ੍ਰਦਰਸ਼ਨ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਹਾਲਾਤ ਬਦਲ ਚੁੱਕੇ ਹਨ।

ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਐਲਾਨੇ ਉਮੀਦਵਾਰਾਂ ਵਿਚ ਜਲੰਧਰ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ, ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਬਲਜਿੰਦਰ ਸਿੰਘ ਚੌਂਦਾ, ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ, ਫਰੀਦਕੋਟ ਤੋਂ ਪ੍ਰੋæ ਸਾਧੂ ਸਿੰਘ, ਸੰਗਰੂਰ ਤੋਂ ਭਗਵੰਤ ਮਾਨ, ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਤੇ ਹੁਸ਼ਿਆਰਪੁਰ ਤੋਂ ਰਵਜੋਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਬਠਿੰਡਾ, ਲੁਧਿਆਣਾ, ਖਡੂਰ ਸਾਹਿਬ, ਫਿਰੋਜ਼ਪੁਰ ਤੇ ਪਟਿਆਲਾ ਤੋਂ ਉਮੀਦਵਾਰਾਂ ਦਾ ਐਲਾਨ ਹਫਤੇ ਵਿਚ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਸਪਸ਼ਟ ਹੈ ਕਿ ਪਾਰਟੀ ਨੇ ਹੁਣ ਕਿਸੇ ਵੀ ਧਿਰ ਨਾਲ ਗੱਠਜੋੜ ਨਾ ਕਰਨ ਦਾ ਮਨ ਬਣਾ ਲਿਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ‘ਆਪ’ ਨੂੰ ਇਕੱਲੇ ਹੀ ਮੈਦਾਨ ਵਿਚ ਡਟਣ ਦਾ ਨੁਕਸਾਨ ਹੋਏਗਾ। ਇਸ ਦਾ ਵੱਡਾ ਕਾਰਨ ਇਹ ਹੈ ਕਿ ‘ਆਪ’ ਦੀ ਆਪਣੀ ਵੋਟ ਕਈ ਧੜਿਆਂ ਵਿਚ ਵੰਡੀ ਗਈ ਹੈ।
ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਸੱਟ ਸੁਖਪਾਲ ਖਹਿਰਾ ਨੇ ਮਾਰੀ ਹੈ। ਉਨ੍ਹਾਂ ਨਾਲ ਪਾਰਟੀ ਦਾ ਵੱਡਾ ਹਿੱਸਾ ਚਲਾ ਗਿਆ ਹੈ। ਖਹਿਰਾ ਤੋਂ ਇਲਾਵਾ ਪੰਜ ਵਿਧਾਇਕ ਵੀ ਬਾਗੀ ਚੱਲ ਰਹੇ ਹਨ। ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਵੀ ਇਸ ਵਾਰ ਵੱਖਰੀ ਪਾਰਟੀ ਬਣਾ ਕੇ ਡਟ ਗਏ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਐਲਾਨ ਮਗਰੋਂ ਵੀ ਪਾਰਟੀ ਅੰਦਰ ਹਲਚਲ ਵਧ ਗਈ ਹੈ। ਦੂਜੇ ਪਾਸੇ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਨੇ ਬਸਪਾ ਤੇ ਖੱਬੇ ਪੱਖੀ ਵਰਗੀਆਂ ਪੁਰਾਣੀਆਂ ਪਾਰਟੀਆਂ ਨੂੰ ਨਾਲ ਲੈ ਕੇ ਸਾਂਝਾ ਮੋਰਚਾ ਬਣਾ ਲਿਆ ਹੈ। ਇਸ ਮੋਰਚੇ ਵਿਚ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਬਾਗੀ ਸਾਂਸਦ ਧਰਮਵੀਰ ਗਾਂਧੀ ਦੀ ਪਾਰਟੀ ਵੀ ਸ਼ਾਮਲ ਹੈ। ਇਸ ਲਈ ਆਮ ਆਦਮੀ ਪਾਰਟੀ ਲਈ ਸਾਲ 2014 ਵਾਲਾ ਮਾਹੌਲ ਬਣਨਾ ਔਖਾ ਜਾਪਦਾ ਹੈ।
______________________
‘ਆਪ’ ਨੇ ਜਲੰਧਰ ਤੋਂ ਜਸਟਿਸ ਜ਼ੋਰਾ ਸਿੰਘ ਨੂੰ ਉਮੀਦਵਾਰ ਐਲਾਨਿਆ
ਸੰੰਗਰੂਰ: ਆਮ ਆਦਮੀ ਪਾਰਟੀ (ਆਪ) ਵੱਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜਲੰਧਰ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਉਮੀਦਵਾਰ ਬਣਾਇਆ ਹੈ।
ਪਾਰਟੀ ਉਮੀਦਵਾਰਾਂ ਦਾ ਐਲਾਨ ਆਮ ਆਦਮੀ ਪਾਰਟੀ ਦੀ ਇਥੇ ਪ੍ਰਿੰਸੀਪਲ ਬੁੱਧ ਰਾਮ ਦੀ ਚੇਅਰਮੈਨੀ ਹੇਠ ਕਰੀਬ ਦੋ ਘੰਟੇ ਚੱਲੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਵਲੋਂ ਪਹਿਲਾਂ ਹੀ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਦੇ ਇਨ੍ਹਾਂ ਤਿੰਨਾਂ ਹਲਕਿਆਂ ਦੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕਰ ਲਿਆ ਸੀ ਅਤੇ ਤਿੰਨੋਂ ਨਾਂ ਪ੍ਰਵਾਨਗੀ ਲਈ ਪਾਰਟੀ ਦੀ ਪੀæਏæਸੀæ ਕੋਲ ਭੇਜੇ ਸਨ। ਪ੍ਰਵਾਨਗੀ ਮਿਲਣ ਤੋਂ ਬਾਅਦ ਤਿੰਨੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਵਿਚ ਫਰੀਦਕੋਟ ਤੋਂ ਪ੍ਰੋæ ਸਾਧੂ ਸਿੰਘ, ਸੰਗਰੂਰ ਤੋਂ ਭਗਵੰਤ ਮਾਨ, ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ, ਸ੍ਰੀ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਹੁਸ਼ਿਆਰਪੁਰ ਤੋਂ ਰਵਜੋਤ ਸਿੰਘ ਸ਼ਾਮਲ ਹਨ।