ਰਵਾਇਤੀ ਧਿਰਾਂ ਨੂੰ ਠਿੱਬੀ ਲਾਉਣ ਲਈ ਪੰਜਾਬ ਵਿਚ ‘ਮਹਾਂਗੱਠਜੋੜ’ ਲਈ ਮੁੜ ਸਰਗਰਮੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਮੈਦਾਨ ਜਿਉਂ-ਜਿਉਂ ਭਖਦਾ ਜਾ ਰਿਹਾ ਹੈ, ਸਿਆਸੀ ਪਾਰਟੀਆਂ ਨੂੰ ਹਾਲਾਤ ਸਮਝ ਆਉਣੇ ਸ਼ੁਰੂ ਹੋ ਗਏ ਹਨ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਟੱਕਰ ਦੇਣ ਦੀ ਕੋਸ਼ਿਸ਼ ਵਿਚ ਜੁਟੀਆਂ ਪਾਰਟੀਆਂ ਨੂੰ ਲੱਗਣ ਲੱਗਾ ਹੈ ਕਿ ਇਕਜੁਟ ਹੋਏ ਬਿਨਾਂ ਉਨ੍ਹਾਂ ਦੇ ਪੱਲੇ ਕੁਝ ਨਹੀਂ ਪੈਣਾ। ਇਸ ਲਈ ਇਕ ਵਾਰ ਫਿਰ ਏਕੇ ਦੀਆਂ ਸੁਰਾਂ ਉੱਭਰਨ ਲੱਗੀਆਂ ਹਨ।

ਸੂਤਰਾਂ ਮੁਤਾਬਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਬਾਕੀ ਸਾਰੀਆਂ ਵਿਰੋਧੀ ਧਿਰਾਂ ਨੂੰ ਇਕ ਪਲੇਟਫਾਰਮ ਉਪਰ ਲਿਆਉਣ ਦੇ ਯਤਨ ਸ਼ੁਰੂ ਹੋਏ ਹਨ। ਇਸ ਲਈ ਪੰਜਾਬ ਏਕਤਾ ਪਾਰਟੀ (ਪੀ.ਈ.ਪੀ.) ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਾਰੀਆਂ ਵਿਰੋਧੀ ਧਿਰਾਂ ਦਾ ਸਾਂਝਾ ਉਮੀਦਵਾਰ ਐਲਾਨਣ ਦੀ ਸਹਿਮਤੀ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਇਸ ਵੇਲੇ ਇਕ ਪਾਸੇ ਬਹੁਜਨ ਸਮਾਜ ਪਾਰਟੀ (ਬਸਪਾ), ਸੀ.ਪੀ.ਆਈ., ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ, ਖਹਿਰਾ ਦੀ ਪੀ.ਈ.ਪੀ., ਡਾ. ਧਰਮਵੀਰ ਗਾਂਧੀ ਦੀ ਨਵਾਂ ਪੰਜਾਬ ਪਾਰਟੀ ਤੇ ਮੰਗਤ ਰਾਮ ਪਾਸਲਾ ਦੀ ਆਰ.ਐਮ.ਪੀ.ਆਈ. ਵੱਲੋਂ ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਦੇ ਬੈਨਰ ਹੇਠ ਸਾਂਝੇ ਤੌਰ ‘ਤੇ ਚੋਣ ਲੜੀ ਜਾ ਰਹੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਸੀ.ਪੀ.ਆਈ. (ਐਮ) ਵੱਲੋਂ ਵੱਖੋ-ਵੱਖਰੇ ਤੌਰ ‘ਤੇ ਚੋਣ ਲੜੀ ਜਾ ਰਹੀ ਹੈ। ਇਸ ਤਰ੍ਹਾਂ ਮੁਕੰਮਲ ਰੂਪ ਵਿਚ ਤੀਜਾ ਫਰੰਟ ਨਾ ਉਸਰਨ ਕਾਰਨ ਸਾਫ ਹੋ ਗਿਆ ਹੈ ਕਿ ਇਨ੍ਹਾਂ ਚੋਣਾਂ ਵਿਚ ਵੀ ਰਵਾਇਤੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਦਾ ਮੁਕਾਬਲਾ ਕਰਨ ਵਾਲੀ ਤੀਸਰੀ ਧਿਰ ਨਹੀਂ ਉਸਰ ਸਕੀ। ਹੁਣ ‘ਆਪ’ ਤੋਂ ਅਸਤੀਫਾ ਦੇ ਚੁੱਕੇ ਸੀਨੀਅਰ ਵਕੀਲ ਐਚ.ਐਸ਼ ਫੂਲਕਾ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇਕੱਠੇ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਵੱਲੋਂ ਇਸ ਦੀ ਸ਼ੁਰੂਆਤ ਖਡੂਰ ਸਾਹਿਬ ਹਲਕੇ ਤੋਂ ਕੀਤੀ ਗਈ ਹੈ।
ਫੂਲਕਾ ਦਾ ਕਹਿਣਾ ਹੈ ਕਿ ਉਹ ਸਾਰੀਆਂ ਵਿਰੋਧੀ ਧਿਰਾਂ ਨੂੰ ਇਕਜੁਟ ਕਰਨ ਦਾ ਮੁੱਢ ਖਡੂਰ ਸਾਹਿਬ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਾਰੀਆਂ ਧਿਰਾਂ ਦੀ ਸਾਂਝੀ ਉਮੀਦਵਾਰ ਬਣਾਉਣ ਤੋਂ ਬੰਨ੍ਹ ਰਹੇ ਹਨ। ਫੂਲਕਾ ਨੇ ਦੱਸਿਆ ਕਿ ਬੀਬੀ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਹੈ। ਉਨ੍ਹਾਂ ਤੋਂ ਬਾਅਦ ਵੀ ਬੀਬੀ ਖਾਲੜਾ ਇਸ ਮਿਸ਼ਨ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਡੂਰ ਸਾਹਿਬ ਤੋਂ ਬੀਬੀ ਖਾਲੜਾ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਦਾ ਸਾਂਝਾ ਉਮੀਦਵਾਰ ਮੰਨਣ ਲਈ ਉਨ੍ਹਾਂ ਨੇ ‘ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨਾਲ ਸੰਪਰਕ ਕੀਤਾ ਹੈ ਤੇ ਹਾਂ ਪੱਖੀ ਗੱਲ ਹੋਈ ਹੈ। ਚੀਮਾ ਨੇ ਕਿਹਾ ਹੈ ਕਿ ਜੇ ਬੀਬੀ ਖਾਲੜਾ ਨੂੰ ਖਹਿਰਾ ਦੀ ਪਾਰਟੀ ਦੀ ਥਾਂ ਸਾਂਝੇ ਉਮੀਦਵਾਰ ਵਜੋਂ ਲੜਾਉਣ ਦਾ ਫੈਸਲਾ ਹੋ ਸਕਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਬੀਬੀ ਨੂੰ ਹਮਾਇਤ ਦੇਣ ਬਾਰੇ ਸੋਚ ਸਕਦੀ ਹੈ।
ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਬਤ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਨੂੰ ਵਾਪਸ ਲੈ ਕੇ ਬੀਬੀ ਖਾਲੜਾ ਦੀ ਮਦਦ ਕਰਨ ਲਈ ਕਿਹਾ ਹੈ ਤੇ ਉਨ੍ਹਾਂ ਦਾ ਹੁੰਗਾਰਾ ਵੀ ਹਾਂ-ਪੱਖੀ ਹੈ। ਉਹ ਇਸ ਸਬੰਧੀ ਜੇਜੇ ਸਿੰਘ ਨੂੰ ਵੀ ਮਿਲੇ ਹਨ ਤੇ ਉਨ੍ਹਾਂ ਨੂੰ ਵੀ ਆਪਣਾ ਨਾਮ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਖਹਿਰਾ ਨਾਲ ਵੀ ਇਸ ਬਾਬਤ ਗੱਲ ਕੀਤੀ ਹੈ।