ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿਚ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਗਈ ਹੈ।
ਉਪ ਰਾਸ਼ਟਰਪਤੀ ਨੇ ਇਥੇ ਜਲ੍ਹਿਆਂਵਾਲਾ ਬਾਗ ਦੀ ‘ਯਾਤਰੂ ਕਿਤਾਬ’ ਵਿਚ ਦਰਜ ਕੀਤੀਆਂ ਆਪਣੀਆਂ ਭਾਵਨਾਵਾਂ ਅਤੇ ਸੋਸ਼ਲ ਮੀਡੀਆ ਉਤੇ ਇਕ ਟਵੀਟ ਰਾਹੀਂ ਆਖਿਆ ਕਿ ਜਲ੍ਹਿਆਂਵਾਲਾ ਬਾਗ ਦਾ ਖੂਨੀ ਸਾਕਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਕਿੰਨੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਸਨ। ਇਹ ਸ਼ਰਧਾਂਜਲੀ ਉਨ੍ਹਾਂ ਸਾਰੇ ਬੇਦੋਸ਼ੇ ਦੇਸ਼ ਵਾਸੀਆਂ ਨੂੰ ਹੈ, ਜਿਨ੍ਹਾਂ ਨੇ 1919 ਵਿਚ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਵਿਚ ਆਪਣੀ ਜਾਨ ਕੁਰਬਾਨ ਕੀਤੀ ਸੀ। ਉਹ ਇਥੇ ਆਉਣ ਮਗਰੋਂ ਜਿਥੇ ਗਮਗੀਨ ਮਹਿਸੂਸ ਕਰਦੇ ਹਨ, ਉਥੇ ਸ਼ਹੀਦਾਂ ਵੱਲੋਂ ਦਿੱਤੀ ਕੁਰਬਾਨੀ ‘ਤੇ ਫਖਰ ਵੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਸਾਨੂੰ ਆਪਣੀਆਂ ਗਲਤੀਆਂ ਤੋਂ ਸਿੱਖਿਆ ਲੈਣ ਲਈ ਸੁਚੇਤ ਵੀ ਕਰਦਾ ਹੈ ਅਤੇ ਸਿਖਾਉਂਦਾ ਵੀ ਹੈ ਕਿ ਜ਼ੁਲਮ ਦੀ ਉਮਰ ਘੱਟ ਹੀ ਹੁੰਦੀ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਸਬਕ ਲੈ ਕੇ ਮਨੁੱਖਤਾ ਨੂੰ ਬਿਹਤਰ ਭਵਿੱਖ ਦੇਣ ਦੀ ਦਿਸ਼ਾ ਵੱਲ ਯਤਨ ਕਰਨ।
ਇਸ ਮੌਕੇ ਪ੍ਰਾਰਥਨਾ ਸਭਾ ਵਿਚ ਗੁਰਬਾਣੀ ਦੇ ਕੀਰਤਨ ਤੋਂ ਬਾਅਦ ਉਪ ਰਾਸ਼ਟਰਪਤੀ ਨੇ ਸ਼ਹੀਦਾਂ ਦੀ ਯਾਦ ਵਿਚ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਯਾਦਗਾਰੀ ਸਿੱਕਾ ਸੌ ਰੁਪਏ ਦਾ ਹੈ। ਇਸ ਮੌਕੇ ਇਥੇ ਐਲ਼ਸੀ.ਡੀ. ਸਕਰੀਨ ਉਤੇ ਕੇਂਦਰ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੀ ਸੁੰਦਰਤਾ ਤੇ ਸਾਂਭ ਸੰਭਾਲ ਲਈ 19.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਯੋਜਨਾ ਦੀ ਰੂਪ ਰੇਖਾ ਦਾ ਖੁਲਾਸਾ ਕੀਤਾ ਗਿਆ। ਇਸ ਤਹਿਤ 3-ਡੀ ਹਾਲ ਵਿਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਦਿਖਾਇਆ ਜਾਵੇਗਾ। ਸਮਾਰਕ ਦੀ ਮੁਰੰਮਤ ਕਰਕੇ ਇਸ ਦੇ ਆਲੇ ਦੁਆਲੇ ਦੀ ਦਿੱਖ ਨੂੰ ਸੁਧਾਰਿਆ ਜਾਵੇਗਾ। ਰਾਤ ਵੇਲੇ ਵੱਖ-ਵੱਖ ਭਾਸ਼ਾਵਾਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਚਲਾਇਆ ਜਾਵੇਗਾ।
____________________________
ਪ੍ਰਧਾਨ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਕਾ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਵਿਚ 13 ਅਪਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਗਰੇਜ਼ ਹਾਕਮਾਂ ਵੱਲੋਂ ਮਾਰੇ ਗਏ ਲੋਕਾਂ ਨੂੰ 100ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਨੂੰ ਭਾਰਤ ਦੇ ਨਿਰਮਾਣ ਲਈ ਪ੍ਰੇਰਣਾ ਦਿੰਦੀ ਹੈ ਅਤੇ ਸਾਨੂੰ ਉਨ੍ਹਾਂ ਦੀ ਕੁਰਬਾਨੀ ਉਤੇ ਮਾਣ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘ਅੱਜ ਅਸੀਂ ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ 100ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਭਾਰਤ ਵਾਸੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹਨ ਤੇ ਇਹ ਵਚਨਬੱਧਤਾ ਪ੍ਰਗਟਾਉਂਦੇ ਹਨ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।’
____________________________
ਸ਼ਹੀਦਾਂ ਦੀਆਂ ਕੁਰਬਾਨੀਆਂ ਕਦੇ ਨਹੀਂ ਭੁਲਾਵਾਂਗੇ: ਰਾਹੁਲ
ਅੰਮ੍ਰਿਤਸਰ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਪ੍ਰਤੀ ਆਪਣੀਆਂ ਭਾਵਨਾਵਾਂ ਜਲ੍ਹਿਆਂਵਾਲਾ ਬਾਗ ਵਿਚ ਯਾਤਰੂ ਕਿਤਾਬ ਵਿਚ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਸੀਂ ਦੇਸ਼ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ ਆਜ਼ਾਦੀ ਲਈ ਆਪਣਾ ਸਭ ਕੁਝ ਵਾਰ ਦਿੱਤਾ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਅਤੇ ਵਿਧਾਇਕ ਸ਼ਾਮਲ ਸਨ।
____________________________
ਬ੍ਰਿਟਿਸ਼ ਹਾਈ ਕਮਿਸ਼ਨਰ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ: ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਡੌਮੀਨਿਕ ਐੱਸਕੁਇਤ ਨੇ ਬਰਤਾਨਵੀ ਸਰਕਾਰ ਵੱਲੋਂ ਇਥੇ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦੀ ਸਮਾਰਕ ਵਿਖੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਸੌ ਸਾਲ ਪਹਿਲਾਂ ਵਾਪਰੇ ਇਸ ਖੂਨੀ ਸਾਕੇ ਉਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਸਾਕੇ ਦੀ ਸ਼ਤਾਬਦੀ ਮੌਕੇ ਬਰਤਾਨੀਆ ਦੇ ਹਾਈ ਕਮਿਸ਼ਨਰ ਜਲ੍ਹਿਆਂਵਾਲਾ ਬਾਗ ਪੁੱਜੇ, ਜਿਥੇ ਉਨ੍ਹਾਂ ਸਮਾਰਕ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਅਤੇ ‘ਯਾਤਰੂ ਕਿਤਾਬ’ ਵਿਚ ਦਰਜ ਕੀਤੀਆਂ ਆਪਣੀਆਂ ਭਾਵਨਾਵਾਂ ਵਿਚ ਉਨ੍ਹਾਂ ਆਖਿਆ ਕਿ ਸੌ ਸਾਲ ਪਹਿਲਾਂ ਜਲ੍ਹਿਆਂਵਾਲਾ ਬਾਗ ਵਿਚ ਵਾਪਰੀ ਘਟਨਾ ਇਕ ਸ਼ਰਮਨਾਕ ਕਾਰਾ ਸੀ, ਜਿਸ ਦਾ ਬਰਤਾਨੀਆ ਦੀ ਸਰਕਾਰ ਨੂੰ ਬੇਹੱਦ ਦੁੱਖ ਹੈ। ਉਨ੍ਹਾਂ ਆਖਿਆ ਕਿ ਇਹ ਘਟਨਾ ਭਾਰਤ ਅਤੇ ਬਰਤਾਨੀਆ ਦੇ ਇਤਿਹਾਸ ‘ਤੇ ਇਕ ਧੱਬਾ ਹੈ ਪਰ ਇਸ ਦੇ ਬਾਵਜੂਦ ਦੋਵੇਂ ਦੇਸ਼ 21ਵੀਂ ਸਦੀ ਵਿਚ ਵਿਕਾਸ ਅਤੇ ਸ਼ਾਂਤੀ ਦੇ ਰਾਹ ਉਤੇ ਇਕੱਠੇ ਚੱਲਦੇ ਰਹਿਣਗੇ।