ਸ਼੍ਰੋਮਣੀ ਕਮੇਟੀ ਨੇ 550 ਸਾਲਾ ਸਮਾਗਮਾਂ ਦੀ ਰੂਪ-ਰੇਖਾ ਉਲੀਕੀ

ਸਰਕਾਰ ਨੂੰ ਸਾਂਝੇ ਸਮਾਗਮਾਂ ਦਾ ਸੱਦਾ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ, ਪੰਜਾਬ ਸਰਕਾਰ ਨਾਲ ਰਲ ਕੇ ਇਕ ਮੰਚ ‘ਤੇ ਮਨਾਉਣਾ ਚਾਹੁੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ ਹੈ ਅਤੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਨਗੇ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਉਨ੍ਹਾਂ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਵੀ ਜਾਰੀ ਕੀਤੀ ਹੈ।

ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਰਲ ਕੇ ਇਕੱਠਿਆਂ ਇਕ ਮੰਚ ਤੋਂ ਮਨਾਏ ਜਾਣ ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਵਿਚਾਰ ਚਰਚਾ ਕੀਤੀ ਜਾਵੇਗੀ। ਸੰਸਦੀ ਚੋਣਾਂ ਤੋਂ ਬਾਅਦ ਉਹ ਮੁਲਾਕਾਤ ਲਈ ਸਮਾਂ ਲੈਣਗੇ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 8 ਤੋਂ 12 ਨਵੰਬਰ ਤੱਕ ਹੋਣਗੇ, ਜਿਸ ਵਿਚ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਵੱਖ-ਵੱਖ ਸੂਬਿਆਂ ਦੇ ਰਾਜਪਾਲ ਤੇ ਮੁੱਖ ਮੰਤਰੀ ਸਮੇਤ ਹੋਰ ਸ਼ਖਸੀਅਤਾਂ ਪਹੁੰਚਣਗੀਆਂ। ਇਨ੍ਹਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੇ ਸੁਲਤਾਨਪੁਰ ਲੋਧੀ ਪੁੱਜਣ ਦੀ ਸੰਭਾਵਨਾ ਹੈ ਜਿਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਵੱਡੀ ਗਿਣਤੀ ‘ਚ ਪੁੱਜੀ ਸੰਗਤ ਦੀ ਰਿਹਾਇਸ਼ ਲਈ ਟੈਂਟ ਸਿਟੀ ਉਸਾਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ।
ਇਸ ਸਬੰਧੀ ਉਲੀਕੇ ਪ੍ਰੋਗਰਾਮਾਂ ਦੀ ਰੂਪ ਰੇਖਾ ਦੱਸਦਿਆਂ ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਮੰਜੀ ਸਾਹਿਬ ਦੀਵਾਨ ਹਾਲ ‘ਚ ਅੰਤਰ ਧਰਮ ਸੰਵਾਦ ਸੰਮੇਲਨ ਹੋਵੇਗਾ, 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਢਾਡੀ ਦਰਬਾਰ ਤੇ ਰਾਤ ਨੂੰ ਕਵੀ ਦਰਬਾਰ ਹੋਵੇਗਾ, 10 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਦੇ ਨਾਂ ‘ਤੇ ਮਹਿਲਾ ਸੰਮੇਲਨ ਹੋਵੇਗਾ, 11 ਨਵੰਬਰ ਨੂੰ 101 ਸਿੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਰਾਤ ਨੂੰ ਭਾਈ ਮਰਦਾਨਾ ਨੂੰ ਸਮਰਪਤ ਰਾਗ ਦਰਬਾਰ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਸਮਾਗਮ ਹੋਵੇਗਾ। ਇਸ ਤੋਂ ਇਲਾਵਾ ਹੋਰਨਾਂ ਪ੍ਰੋਗਰਾਮਾਂ ਦੇ ਵੇਰਵੇ ਵੀ ਜਾਰੀ ਕੀਤੇ ਗਏ ਹਨ ਜਿਸ ਤਹਿਤ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਦਾ ਨਗਰ ਕੀਰਤਨ, ਨੇਪਾਲ ਦੇ ਕਾਠਮੰਡੂ ਸਥਿਤ ਗੁਰਦੁਆਰੇ ਤੋਂ, ਕਰਨਾਟਕ ਦੇ ਬਿਦਰ ਸਥਿਤ ਗੁਰਦੁਆਰਾ ਬੇਰ ਸਾਹਿਬ, ਮਟਨ ਤੋਂ ਨਗਰ ਕੀਰਤਨ ਸੁਲਤਾਨਪੁਰ ਲੋਧੀ ਪੁੱਜਣਗੇ। ਇਸੇ ਤਰ੍ਹਾਂ ਬੰਗਲਾਦੇਸ਼ ਦੀ ਢਾਕਾ ਯੂਨੀਵਰਸਿਟੀ, ਨੇਪਾਲ ਦੇ ਕਾਠਮੰਡੂ, ਜੰਮੂ ਕਸ਼ਮੀਰ ਦੀ ਸ੍ਰੀਨਗਰ ਯੂਨੀਵਰਸਿਟੀ, ਕਲਕੱਤਾ ਯੂਨੀਵਰਸਿਟੀ, ਮੁੰਬਈ ਦੇ ਗੁਰੂ ਨਾਨਕ ਖਾਲਸਾ ਕਾਲਜ, ਬੰਗਲੌਰ ਦੇ ਕਰਨਾਟਕ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਅਤੇ ਪਾਕਿਸਤਾਨ ਦੇ ਲਾਹੌਰ ਤੇ ਨਨਕਾਣਾ ਸਾਹਿਬ ‘ਚ ਸੈਮੀਨਾਰ ਹੋਣਗੇ। ਇਸੇ ਤਰ੍ਹਾਂ ਵੱਖ ਵੱਖ ਭਾਸ਼ਾਵਾਂ ਵਿਚ ਪੁਸਤਕਾਂ ਜਾਰੀ ਕੀਤੀਆਂ ਜਾਣਗੀਆਂ।
______________________________
ਸੰਮੇਲਨ ਦੀ ਜ਼ਿੰਮੇਵਾਰੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਸਿੱਖ ਪੰਥ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਵੀ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਅੰਤਰ ਧਰਮ ਸੰਵਾਦ ਸੰਮੇਲਨ ਨੂੰ ਲੈ ਕੇ ਭਾਈ ਮਹਿੰਦਰ ਸਿੰਘ ਨਾਲ ਬੈਠਕ ਵੀ ਕੀਤੀ।
ਦੱਸਣਯੋਗ ਹੈ ਕਿ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਚਮਕ ਲਈ ਸਾਫ ਸਫਾਈ ਦੀ ਸੇਵਾ ਕਰਵਾਈ ਜਾਂਦੀ ਹੈ, ਉਥੇ ਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸੰਤ ਘਾਟ ਨਜ਼ਦੀਕ ਮੂਲ ਮੰਤਰ ਅਸਥਾਨ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ।
______________________________
ਨੇਪਾਲ, ਬੰਗਲਾਦੇਸ਼ ਤੇ ਸ੍ਰੀਲੰਕਾ ‘ਚ ਹੋਣਗੇ ਪ੍ਰਕਾਸ਼ ਪੁਰਬ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਾਰਤ ਤੋਂ ਬਾਹਰ ਨੇਪਾਲ, ਬੰਗਲਾਦੇਸ਼ ਅਤੇ ਸ੍ਰੀਲੰਕਾ ਵਿਚ ਵੀ ਕਰਨ ਦੀ ਯੋਜਨਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਦੇ ਨਾਂ ‘ਤੇ ਉਸਾਰੀ ਜਾਣ ਵਾਲੀ ਯੂਨੀਵਰਸਿਟੀ ਲਈ ਸ਼੍ਰੋਮਣੀ ਕਮੇਟੀ ਨੇ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਦਫਤਰ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਸ਼ ਲੌਂਗੋਵਾਲ ਨੇ ਦੱਸਿਆ ਕਿ ਪਾਕਿਸਤਾਨ ਵਿਚ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ 60 ਏਕੜ ਜਮੀਨ ਗੁਰੂ ਨਾਨਕ ਦੇਵ ਦੇ ਨਾਂ ‘ਤੇ ਬਣਨ ਵਾਲੀ ਯੂਨੀਵਰਸਿਟੀ ਲਈ ਦਿੱਤੀ ਗਈ ਹੈ। ਇਹ ਜਮੀਨ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਹੈ। ਉਨ੍ਹਾਂ ਨੇ ਲਹਿੰਦੇ ਪੰਜਾਬ ਦੀ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੇ ਯੂਨੀਵਰਸਿਟੀ ਦੀ ਉਸਾਰੀ ਜਾਂ ਸ਼ੁਰੂਆਤ ਵੇਲੇ ਉਨ੍ਹਾਂ ਨੂੰ ਕਿਸੇ ਮਦਦ ਦੀ ਲੋੜ ਹੋਵੇਗੀ ਤਾਂ ਸ਼੍ਰੋਮਣੀ ਕਮੇਟੀ ਇਹ ਮਦਦ ਮੁਹੱਈਆ ਕਰਨ ਲਈ ਤਿਆਰ ਹੈ। ਪਾਕਿਸਤਾਨ ਵਿਚ 550 ਸਾਲਾ ਪ੍ਰਕਾਸ਼ ਪੁਰਬ ਇਕੱਠਿਆਂ ਮਨਾਉਣ ਸਬੰਧੀ ਫਿਲਹਾਲ ਕੋਈ ਪ੍ਰੋਗਰਾਮ ਨਹੀਂ ਬਣਿਆ। ਉਨ੍ਹਾਂ ਆਖਿਆ ਕਿ ਦੇਸ਼ ਵਿਚ ਨਵੀਂ ਸਰਕਾਰ ਬਣਨ ਮਗਰੋਂ ਇਸ ਸਬੰਧੀ ਯਤਨ ਸ਼ੁਰੂ ਕੀਤੇ ਜਾਣਗੇ।
ਸ਼ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਦੇਸ਼ ਤੋਂ ਇਲਾਵਾ ਨੇਪਾਲ, ਬੰਗਲਾਦੇਸ਼ ਅਤੇ ਸ੍ਰੀਲੰਕਾ ਵਿਚ ਵੀ ਮਨਾਉਣ ਦੀ ਯੋਜਨਾ ਹੈ। ਇਨ੍ਹਾਂ ਮੁਲਕਾਂ ਵਿਚ ਇਸ ਸਬੰਧੀ ਸੈਮੀਨਾਰ ਅਤੇ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਜ਼ਿੰਮੇਵਾਰੀ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਸੌਂਪੀ ਗਈ ਹੈ, ਜੋ ਤਰੀਕ ਅਤੇ ਜਗ੍ਹਾ ਬਾਰੇ ਫ਼ੈਸਲਾ ਕਰਨਗੇ। ਡਾ. ਰੂਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਚ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਉਸਾਰੇ ਜਾ ਰਹੇ ਮੂਲ ਮੰਤਰ ਅਸਥਾਨ ਬਾਰੇ ਦੱਸਿਆ ਕਿ ਇਸ ਇਮਾਰਤ ਨੂੰ ਵੇਈਂ ਨਾਲ ਜੋੜਿਆ ਗਿਆ ਹੈ।