ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ ਦੇ ਨਾਂ ‘ਤੇ ਬਣਨ ਵਾਲੀ ‘ਵਰਸਿਟੀ ਲਈ ਜ਼ਮੀਨ ਅਲਾਟ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਵੱਲੋਂ ਜਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਲਈ 70 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਇਹ ਯੋਜਨਾ ਅਗਲੇ ਵਿੱਤੀ ਵਰ੍ਹੇ ਦੇ ਵਿਕਾਸ ਪ੍ਰੋਗਰਾਮ ‘ਚ ਸ਼ਾਮਲ ਕੀਤੀ ਜਾਵੇਗੀ ਤੇ ਲੋੜੀਂਦੇ ਫੰਡ ਵੀ ਜਾਰੀ ਕੀਤੇ ਜਾਣਗੇ। ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਇਹ ਯੋਜਨਾ ਸੂਬੇ ਦੇ ਆਉਂਦੇ ਵਿਕਾਸ ਬਜਟ ਦਾ ਮੁੱਖ ਹਿੱਸਾ ਹੋਵੇਗੀ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਸ੍ਰੀ ਨਨਕਾਣਾ ਸਾਹਿਬ ‘ਚ ਇਕ ਪੁਲਿਸ ਲਾਈਨ, ਇਕ ਜੇਲ੍ਹ ਅਤੇ ਨੈਸ਼ਨਲ ਰਜਿਸਟਰੇਸ਼ਨ ਡਾਟਾਬੇਸ ਅਥਾਰਿਟੀ ਵੀ ਸਥਾਪਤ ਕਰੇਗੀ। ਸ੍ਰੀ ਨਨਕਾਣਾ ਸਾਹਿਬ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਉਤੇ ਯੂਨੀਵਰਸਿਟੀ ਬਣਾਉਣ ਲਈ ਪਾਕਿਸਤਾਨ ‘ਚ ਰਹਿ ਰਹੇ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਕਤ ਐਲਾਨ ਨੂੰ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਕ ਵੱਡਾ ਤੋਹਫਾ ਦੱਸਿਆ ਹੈ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਮ ਸ਼ਹਿਜ਼ਾਦ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ‘ਚ ਪਹਿਲੀ ਵਾਰ ਇਕ ਪਾਕਿਸਤਾਨੀ ਯੂਨੀਵਰਸਿਟੀ ਵੱਲੋਂ ਸ਼ਾਂਤੀ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਲਈ ਬਾਬਾ ਗੁਰੂ ਨਾਨਕ ਰਿਸਰਚ ਚੇਅਰਮੈਨ ਦੀ ਸਥਾਪਨਾ ਕੀਤੀ ਹੈ, ਜਿਸ ਦੇ ਬਾਅਦ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਖੋਜ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਸਮਾਜ ‘ਚ ਗੁਰੂ ਨਾਨਕ ਦੇਵ ਜੀ ਦੀ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਦੀ ਲੋੜ ਮਹਿਸੂਸ ਕਰਦੀ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਈ.ਟੀ.ਪੀ.ਬੀ. ਦੇ ਸਾਬਕਾ ਚੇਅਰਮੈਨ ਲੈਫਟੀਨੈਂਟ ਕਰਨਲ ਜ਼ੁਲਫਿਕਾਰ ਅਲੀ ਖਾਂ ਵੱਲੋਂ ਪਹਿਲੀ ਵਾਰ ਸਾਲ 2007 ‘ਚ ਸ੍ਰੀ ਨਨਕਾਣਾ ਸਾਹਿਬ ਵਿਚਲੀ ਵਕਫ ਦੀ ਭੂਮੀ ‘ਤੇ 25 ਹਜ਼ਾਰ ਏਕੜ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਸ ਦੇ 9 ਵਰ੍ਹੇ ਬਾਅਦ ਨਵੰਬਰ 2016 ‘ਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਦੁਆਰਾ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ-ਪੱਥਰ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਪਰ ਪ੍ਰਧਾਨ ਮੰਤਰੀ ਦੇ ਮੌਕੇ ‘ਤੇ ਨਾ ਪਹੁੰਚਣ ਉਤੇ ਕੁਝ ਦਿਨਾਂ ਬਾਅਦ ਉਦਘਾਟਨ ਲਈ ਲਗਾਇਆ ਗਿਆ ਨੀਂਹ-ਪੱਥਰ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਮੈਂਬਰਾਂ ਦੁਆਰਾ ਇਹ ਕਹਿ ਕੇ ਉਖਾੜ ਦਿੱਤਾ ਗਿਆ ਕਿ ਯੂਨੀਵਰਸਿਟੀ ਬਣਾਉਣ ਲਈ ਚੁਣੀ ਗਈ ਭੂਮੀ ਪਹਿਲਾਂ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਵਕੀਲਾਂ ਦੀ ਰਿਹਾਇਸ਼ੀ ਕਾਲੋਨੀ ਤੇ ਕਚਹਿਰੀ ਬਣਾਉਣ ਲਈ ਅਲਾਟ ਕੀਤੀ ਗਈ ਸੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ‘ਤੇ ਉਸਾਰੀ ਜਾਣ ਵਾਲੀ ਉਕਤ ਯੂਨੀਵਰਸਿਟੀ ‘ਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਸਿੱਖਾਂ ਦੇ ਬੱਚੇ ਗਿਆਨ ਹਾਸਲ ਕਰਨਗੇ।
_______________________________
‘ਵਰਸਿਟੀ ਲਈ ਹਰ ਸੰਭਵ ਸਹਿਯੋਗ ਦਿਆਂਗੇ: ਲੌਂਗੋਵਾਲ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸਥਾਪਤ ਕਰਨ ਲਈ 70 ਏਕੜ ਜ਼ਮੀਨ ਅਲਾਟ ਕੀਤੇ ਜਾਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਸ ‘ਵਰਸਿਟੀ ਲਈ ਪਾਕਿ ਸਰਕਾਰ ਵੱਲੋਂ ਮੰਗ ਕਰਨ ‘ਤੇ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਲੌਂਗੋਵਾਲ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸ੍ਰੀ ਨਨਕਾਣਾ ਸਾਹਿਬ ਤੇ ਪਾਕਿਸਤਾਨ ‘ਚ ਗੁਰਮਤਿ ਸਮਾਗਮ ਤੇ ਸੈਮੀਨਾਰ ਆਦਿ ਕਰਨ ਸਬੰਧੀ ਦੇਸ਼ ‘ਚ ਲੋਕ ਸਭਾ ਚੋਣਾਂ ਉਪਰੰਤ ਨਵੀਂ ਸਰਕਾਰ ਦੇ ਗਠਨ ਬਾਅਦ ਹੀ ਪਾਕਿ ਸਰਕਾਰ ਨਾਲ ਗੱਲਬਾਤ ਕਰਕੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਣਾਈ ਜਾਵੇਗੀ।