ਜਾਗਰੂਕ ਵੋਟਰਾਂ ਦੇ ਸਵਾਲਾਂ ਨੇ ਕਰਵਾਏ ਉਮੀਦਵਾਰਾਂ ਦੇ ਹੱਥ ਖੜ੍ਹੇ

ਚੰਡੀਗੜ੍ਹ: ਲੋਕ ਸਭਾ ਚੋਣ ਲੜ ਰਹੇ ਪ੍ਰਮੁੱਖ ਉਮੀਦਵਾਰਾਂ ਦਾ ਰੈਲੀਆਂ ਮੌਕੇ ਹੋ ਰਿਹਾ ਤਿੱਖਾ ਵਿਰੋਧ ਉਨ੍ਹਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਵਿਰੋਧ ਦੇ ਡਰੋਂ ਜਿਥੇ ਉਮੀਦਵਾਰਾਂ ਨੇ ਆਪਣੀ ਨਿੱਜੀ ਸੁਰੱਖਿਆ ਵਧਾ ਲਈ ਹੈ, ਉਥੇ ਪਾਰਟੀ ਵਰਕਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਵਿਰੋਧੀਆਂ ਦੇ ਨਾਲ ਹੀ ਵਿਰੋਧ ਦੀ ਆੜ ‘ਚ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਮੀਦਵਾਰਾਂ ਤੋਂ ਇਲਾਵਾ ਕਈ ਨੇਤਾਵਾਂ ਨੇ ਆਪਣੀ ਸੁਰੱਖਿਆ ਲਈ ਬਾਊਂਸਰ ਵੀ ਰੱਖ ਲਏ ਹਨ।

ਇਸੇ ਦੇ ਚਲਦਿਆਂ ਰਾਜ ਦੀਆਂ ਖੁਫੀਆ ਏਜੰਸੀਆਂ ਸੁਚੇਤ ਹੋ ਗਈਆਂ ਹਨ। ਵਧੀਕ ਡਾਇਰੈਕਟਰ ਜਨਰਲ ਪੁਲਿਸ (ਸੁਰੱਖਿਆ) ਨੇ ਉਮੀਦਵਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਤੇ ਫਰੀਦਕੋਟ ਤੋਂ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਦੀ ਪਟਿਆਲਾ ਤੋਂ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ, ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ, ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਤੇ ਬਠਿੰਡਾ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੂੰ ਵੋਟਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਈ ਵਾਰ ਤਾਂ ਉਮੀਦਵਾਰਾਂ ਨੂੰ ਰੈਲੀਆਂ ਵੀ ਅੱਧ ਵਿਚਾਲੇ ਛੱਡਣੀਆਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਅ) ਦੇ ਬਠਿੰਡਾ ਤੋਂ ਉਮੀਦਵਾਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਦਾ ਵੀ ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ‘ਚ ਡੇਰਾ ਪ੍ਰੇਮੀਆਂ ਨਾਲ ਤਿੱਖਾ ਬੋਲ ਬੁਲਾਰਾ ਹੋਇਆ। ਇਥੋਂ ਤੱਕ ਕਿ ਵਿਰੋਧ ਤੇ ਵਿਰੋਧ ਦੀ ਆੜ ਹੇਠ ਸ਼ਰਾਰਤੀ ਲੋਕ ਮਹਿਲਾ ਉਮੀਦਵਾਰਾਂ ਨੂੰ ਵੀ ਨਹੀਂ ਬਖਸ਼ਦੇ।
ਬਠਿੰਡਾ ਹਲਕੇ ‘ਚ ਹਰਸਿਮਰਤ ਕੌਰ ਬਾਦਲ ਤੇ ਪ੍ਰੋ. ਬਲਜਿੰਦਰ ਕੌਰ ਨੂੰ ਤਾਂ ਸੜਕ ‘ਤੇ ਧਰਨੇ ਲਗਾਉਣ ਲਈ ਮਜਬੂਰ ਹੋਣਾ ਪਿਆ। ਇਸ ਗੱਲ ‘ਚ ਕੋਈ ਦੋ ਰਾਇ ਨਹੀਂ ਕਿ ਸੂਬੇ ਦੇ ਵੋਟਰ ਪਹਿਲਾਂ ਨਾਲੋਂ ਜਾਗਰੂਕ ਹੋਏ ਹਨ ਤੇ ਉਹ ਉਮੀਦਵਾਰਾਂ ਨੂੰ ਚੋਣ ਜਲਸਿਆਂ ਮੌਕੇ ਸਿੱਧੇ ਸਵਾਲ ਜਵਾਬ ਕਰਨ ਲੱਗੇ ਹਨ। ਅਕਾਲੀ ਦਲ ਲਈ ਬਰਗਾੜੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਚੋਣਾਂ ‘ਚ ਗਲੇ ਦੀ ਹੱਡੀ ਬਣ ਗਿਆ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਂ ਅਜਿਹੇ ਵਿਰੋਧ ਨੂੰ ਠੱਲ੍ਹਣ ਲਈ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਦੌਰੇ ਮੌਕੇ ਚੋਣ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਭਾਵੁਕ ਹੋ ਕੇ ਇਥੋਂ ਤੱਕ ਕਹਿ ਦਿੱਤਾ ਕਿ ‘ਉਹ ਅਰਦਾਸ ਕਰਦੇ ਹਨ ਕਿ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ ਦਾ ਕੱਖ ਨਾ ਰਹੇ’। ਜਿਥੋਂ ਤੱਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਸਵਾਲ ਹੈ, ਉਨ੍ਹਾਂ ਨੂੰ ਕੈਪਟਨ ਸਰਕਾਰ ਵੱਲੋਂ 2 ਵਰ੍ਹਿਆਂ ਦੇ ਕਾਰਜਕਾਲ ਦੌਰਾਨ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਤੇ ਬੇਰੁਜ਼ਗਾਰ ਨੌਜਵਾਨ ਕਾਂਗਰਸ ਉਮੀਦਵਾਰਾਂ ਨੂੰ ਸਵਾਲ ਪੁੱਛਣ ਲਈ ਮੋਹਰੀ ਹਨ। ‘ਆਪ’ ਨੂੰ ਸਿਧਾਂਤਕ ਪੈਂਤੜੇ ‘ਤੇ ਖਰਾ ਨਾ ਉਤਰਨ ਲਈ ਜਵਾਬਦੇਹ ਹੋਣਾ ਪੈ ਰਿਹਾ ਹੈ।
__________________________
ਨਕੋਦਰ ਬੇਅਦਬੀ ਵਰਗੇ ਕਾਂਡ ਤਾਂ ਵਾਪਰਦੇ ਹੀ ਰਹਿੰਦੇ ਨੇ: ਬਾਦਲ
ਜਲੰਧਰ: ਬੇਅਦਬੀ ਮਾਮਲਿਆਂ ‘ਚ ਬੁਰੀ ਤਰ੍ਹਾਂ ਘਿਰੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਪੰਥਕ ਧਿਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਨਕੋਦਰ ਵਰਗੇ ਕਾਂਡ ਤਾਂ ਵਾਪਰਦੇ ਹੀ ਰਹਿੰਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜਦੋਂ ਫਰਵਰੀ 1986 ਵਿਚ ਵਾਪਰੇ ਨਕੋਦਰ ਬੇਅਦਬੀ ਕਾਂਡ ਬਾਰੇ ਸਵਾਲ ਕੀਤਾ ਗਿਆ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹੋ ਜਿਹੇ ਕਾਂਡ ਮਾੜੇ ਤਾਂ ਹਨ ਪਰ ਅਜਿਹੇ ਕਾਂਡ ਵਾਪਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸੜ ਗਈਆਂ ਸਨ। ਰੋਸ ਪ੍ਰਗਟਾ ਰਹੇ ਸਿੱਖਾਂ ‘ਤੇ 4 ਫਰਵਰੀ ਨੂੰ ਪੁਲਿਸ ਵੱਲੋਂ ਚਲਾਈ ਗੋਲੀ ‘ਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।
ਪੰਜਾਬ ਪੁਲਿਸ ਨੇ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਵੀ ਲਾਵਾਰਸ ਕਹਿ ਕੇ ਸਾੜ ਦਿੱਤੀਆਂ ਸਨ। ਸਾਲ 2001 ਵਿਚ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਨਕੋਦਰ ਕਾਂਡ ਬਾਰੇ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਸੀ ਤੇ ਉਸ ਵੇਲੇ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਸਨ, ਜਿਹੜੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਉਮੀਦਵਾਰ ਹਨ।