ਚੰਡੀਗੜ੍ਹ: ਸੂਬੇ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਤੇ ਮੋਦੀ ਸਰਕਾਰ ਵਿਚ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਨੇ ਹਾਲ ਦੀ ਘੜੀ ਵਿਧਾਇਕ ਵਜੋਂ ਅਸਤੀਫਾ ਨਹੀਂ ਦਿੱਤਾ। ਉਹ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਸਨ।
ਵਿਧਾਨ ਸਭਾ ਸਕੱਤਰੇਤ ਦੇ ਸੂਤਰਾਂ ਅਨੁਸਾਰ ਜਲਾਲਾਬਾਦ ਅਤੇ ਫਗਵਾੜਾ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਅਸਤੀਫਾ ਦੇਣ ਸਬੰਧੀ ਇਕੱਠੀ ਰਿਪੋਰਟ ਹੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ ਤੇ ਜ਼ਿਮਨੀ ਚੋਣਾਂ ਦਾ ਐਲਾਨ ਕਮਿਸ਼ਨ ਵੱਲੋਂ ਕੀਤਾ ਜਾਵੇਗਾ। ਕਮਿਸ਼ਨ ਛੇ ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਕਰਾਉਣ ਲਈ ਸੰਵਿਧਾਨਿਕ ਤੌਰ ‘ਤੇ ਪਾਬੰਦ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਫਿਰੋਜਪੁਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ।
ਇਹ ਤੱਥ ਵੀ ਸਾਹਮਣੇ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੇ ਅਸਤੀਫਿਆਂ ਸਬੰਧੀ ਫੈਸਲਾ ਲਟਕ ਗਿਆ ਹੈ। ਸੂਤਰਾਂ ਮੁਤਾਬਕ ਸਪੀਕਰ ਵੱਲੋਂ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਅਸਤੀਫੇ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ 30 ਜੁਲਾਈ ਨੂੰ ਸੱਦਿਆ ਗਿਆ ਹੈ। ਇਸੇ ਤਰ੍ਹਾਂ ‘ਆਪ’ ਦੇ ਇਕ ਹੋਰ ਬਾਗੀ ਵਿਧਾਇਕ ਮਾਸਟਰ ਬਲਦੇਵ ਸਿੰਘ ਖਿਲਾਫ ਦਾਇਰ ਹੋਈ ਪਟੀਸ਼ਨ ‘ਤੇ ਸੁਣਵਾਈ 20 ਅਗਸਤ ਨੂੰ ਹੋਵੇਗੀ। ਇਸ ਤਰ੍ਹਾਂ ਸੂਬੇ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ।
________________________________
ਮੁੜ ਚੋਣ ਮੈਦਾਨ ‘ਚ ਉਤਰਨਗੇ ਸੁਨੀਲ ਜਾਖੜ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਇਕ ਵਾਰ ਫਿਰ ਚੋਣ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ‘ਚ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ ਹਾਰਨ ਮਗਰੋਂ ਜਾਖੜ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਕਾਂਗਰਸ ਹਾਈ ਕਮਾਨ ਨੇ ਪ੍ਰਵਾਨ ਨਹੀਂ ਕੀਤਾ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ ਸੀ ਕਿ ਜਾਖੜ ਦਾ ਅਸਤੀਫਾ ਸਵੀਕਾਰ ਨਾ ਕੀਤਾ ਜਾਵੇ। ਉਚ ਪੱਧਰੀ ਸੂਤਰਾਂ ਅਨੁਸਾਰ ਹੁਣ ਸੂਬਾ ਕਾਂਗਰਸ ਪ੍ਰਧਾਨ ਨੂੰ ਵਿਧਾਨ ਸਭਾ ਜ਼ਿਮਨੀ ਚੋਣ ਲੜਾ ਕੇ ਮੰਤਰੀ ਮੰਡਲ ‘ਚ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੇ ਅਸਤੀਫਾ ਦਿੱਤਾ ਹੋਇਆ ਹੈ।