ਪਿੰਡਾਂ ‘ਚ ਵੋਟਾਂ ਨੂੰ ਲੱਗੇ ਖੋਰੇ ਤੋਂ ਅਕਾਲੀ ਫਿਕਰਮੰਦ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਦਿਹਾਤੀ ਖੇਤਰ ਵਿਚ ਵੋਟ ਬੈਂਕ ਨੂੰ ਖੋਰਾ ਲੱਗਣ ਦੇ ਮਾਮਲੇ ਨੂੰ ਖਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ। ਇਹ ਮੁੱਦਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਭਾਰੂ ਰਿਹਾ ਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਦਿਹਾਤੀ ਖੇਤਰ ਵਿਚ ਅਧਾਰ ਮਜ਼ਬੂਤ ਕਰਨ ਲਈ ਕਦਮ ਚੁੱਕਣ ‘ਤੇ ਜ਼ੋਰ ਦਿੱਤਾ। ਅਕਾਲੀ ਦਲ ਵੱਲੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਸੰਸਦੀ ਚੋਣਾਂ ਦੌਰਾਨ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ ਤੇ 35 ਵਿਧਾਨ ਸਭਾ ਹਲਕਿਆਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜ ਦਿੱਤਾ ਗਿਆ ਜਦਕਿ 2017 ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਗੱਠਜੋੜ ਪਾਰਟੀਆਂ ਨੇ 18 ਹਲਕਿਆਂ ‘ਚ ਜਿੱਤ ਹਾਸਲ ਕੀਤੀ ਸੀ। ਪਾਰਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਦਿਹਾਤੀ ਖੇਤਰ ਵਿਚੋਂ ਵੋਟ ਬੈਂਕ ਨੂੰ ਖੋਰਾ ਲੱਗਣ ਦਾ ਮਾਮਲਾ ਚਿੰਤਾਜਨਕ ਹੈ।

ਪਾਰਟੀ ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਰਹੇ ਦਰਬਾਰਾ ਸਿੰਘ ਗੁਰੂ, ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰਨਾਂ ਹਾਰੇ ਹੋਏ ਉਮੀਦਵਾਰਾਂ ਨੇ ਕਿਹਾ ਕਿ ਸੰਸਦੀ ਚੋਣਾਂ ਦੇ ਨਤੀਜਿਆਂ ਨੇ ਸਪਸ਼ਟ ਕੀਤਾ ਹੈ ਕਿ ਪਾਰਟੀ ਨੂੰ ਪੰਜਾਬ ਦੇ ਪਿੰਡਾਂ ਵਿਚੋਂ ਵੋਟ ਸ਼ਹਿਰਾਂ ਦੇ ਮੁਕਾਬਲੇ ਘੱਟ ਪਈ ਹੈ। ਮੀਟਿੰਗ ਦੌਰਾਨ ਕੁਝ ਆਗੂਆਂ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਵਿਚੋਂ ਗੱਠਜੋੜ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੋ ਵੋਟ ਮਿਲੀ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ‘ਤੇ ਹੀ ਪਈ ਹੈ। ਇਸ ਲਈ ਦਿਹਾਤੀ ਖੇਤਰ ਵਿਚੋਂ ਵੋਟ ਘਟਣਾ ਚਿੰਤਾ ਦਾ ਵਿਸ਼ਾ ਹੈ। ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਦਾ ਮੁੱਖ ਅਧਾਰ ਸਿੱਖ ਤੇ ਕਿਸਾਨੀ ਵੋਟ ਰਿਹਾ ਹੈ ਤੇ ਇਹ ਵੋਟ ਮੁੱਖ ਤੌਰ ‘ਤੇ ਪਿੰਡਾਂ ਵਿਚ ਹੀ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਉਤੇ ਲੱਗੇ ਕਰੋੜਾਂ ਰੁਪਏ ਦੇ ਘਪਲੇ ਤੇ ਬੇਨੇਮੀਆਂ ਦੇ ਦੋਸ਼ਾਂ ਸਬੰਧੀ ਵੀ ਚਰਚਾ ਹੋਈ। ਅਕਾਲੀ ਦਲ ਦੀ ਕੋਰ ਕਮੇਟੀ ਵਿਚ ਗੱਠਜੋੜ ਪਾਰਟੀਆਂ ਦੀ ਵੋਟ ਫੀਸਦੀ ਵਧਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਨਾਲੋਂ ਅਲਿਹਦਾ ਹੋਏ ‘ਟਕਸਾਲੀ’ ਆਗੂਆਂ ‘ਤੇ ਗੁਰੂ ਗ੍ਰੰਥ ਸਾਹਿਬ ਦੇ ਸਿਆਸੀਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ‘ਸਿਆਸੀ’ ਸਜ਼ਾ ਇਸੇ ਕਰ ਕੇ ਮਿਲੀ ਹੈ। ਪਾਰਟੀ ਦੀ ਕੋਰ ਕਮੇਟੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਅਤੇ ਛੋਟੇ ਬਾਦਲ ਨੂੰ ਅਣਥੱਕ ਮਿਹਨਤ ਕਰਨ ਤੇ ਚੋਣਾਂ ਦੌਰਾਨ ਪ੍ਰਭਾਵਸ਼ਾਲੀ ਅਗਵਾਈ ਦੇਣ ਦੀ ਪ੍ਰਸ਼ੰਸਾ ਕੀਤੀ। ਪਾਰਟੀ ਨੇ ਕਿਹਾ ਕਿ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਵੱਡੇ ਫਰਕ ਨਾਲ ਫਿਰੋਜ਼ਪੁਰ ਤੋਂ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਬਠਿੰਡਾ ਤੋਂ ਵੀ ਹਰਸਿਮਰਤ ਕੌਰ ਬਾਦਲ ਤੀਜੀ ਵਾਰੀ ਜਿੱਤ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ। ਕੋਰ ਕਮੇਟੀ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਆਗੂਆਂ ਨੇ ਗੁਰੂ ਗ੍ਰੰਥ ਸਾਹਿਬ ਆਸਰੇ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ, ਉਨ੍ਹਾਂ ਨੂੰ ਵੋਟਰਾਂ ਨੇ ਨਕਾਰ ਦਿੱਤਾ ਹੈ।
_________________________
ਪੰਥਕ ਤੇ ਕਿਸਾਨੀ ਵੋਟਾਂ ਖਿੱਚਣ ਲਈ ਰਣਨੀਤੀ
ਚੰਡੀਗੜ੍ਹ: ਪੰਜਾਬ ਦੇ ਦਿਹਾਤੀ ਖੇਤਰ ਵਿਚੋਂ ਪੰਥਕ ਅਤੇ ਕਿਸਾਨੀ ਵੋਟ ਦੇ ਅਕਾਲੀ ਦਲ ਤੋਂ ਦੂਰ ਹੋਣ ਮਗਰੋਂ ਪਾਰਟੀ ਨੇ ਆਪਣੇ ਇਸ ਪੱਕੇ ਵੋਟ ਬੈਂਕ ਨੂੰ ਬਚਾਉਣ ਲਈ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ ਹੈ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਦਿਹਾਤੀ ਖੇਤਰ ਵਿਚਲਾ ਨੌਜਵਾਨ ਤਬਕਾ ਅਕਾਲੀ ਦਲ ਤੋਂ ਦੂਰ ਜਾ ਚੁੱਕਾ ਹੈ। ਇਸ ਲਈ ਪਾਰਟੀ ਦੀ ਪੰਥਕ ਤੇ ਪੁਰਾਣੀ ਦਿੱਖ ਲੋਕਾਂ ਦੇ ਸਾਹਮਣੇ ਲਿਆਉਣ ਲਈ ਜਥੇਬੰਦਕ ਢਾਂਚੇ ਦੇ ਗਠਨ ਦੀ ਰਣਨੀਤੀ ਉਲੀਕੀ ਜਾਵੇ। ਕੋਰ ਕਮੇਟੀ ਵਿਚ ਉਠੇ ਇਸ ਮੁੱਦੇ ਤੋਂ ਬਾਅਦ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਆਧਾਰਿਤ ਇਕ ਕਮੇਟੀ ਬਣਾਈ ਗਈ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਮੇਟੀ ਦੇ ਗਠਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਵਿਸ਼ੇਸ਼ ਕਮੇਟੀ ਦੇ ਗਠਨ ਦਾ ਇਹ ਫੈਸਲਾ ਕੋਰ ਕਮੇਟੀ ਵੱਲੋਂ ਅੰਦਰੂਨੀ ਤੇ ਜਥੇਬੰਦਕ ਮਾਮਲੇ ਵਿਚਾਰਨ ਲਈ ਕੀਤਾ ਗਿਆ ਹੈ। ਇਸ ਗੱਲ ‘ਤੇ ਵੀ ਵਿਚਾਰ ਕੀਤਾ ਗਿਆ ਕਿ ਅਕਾਲੀ ਦਲ ਦਾ ਜਥੇਬੰਦਕ ਸਰੂਪ ਪਾਰਟੀ ਦੇ ਸੰਵਿਧਾਨ ਮੁਤਾਬਕ ਹੀ ਹੋਣਾ ਚਾਹੀਦਾ ਹੈ।