ਸਾਕਾ ਨੀਲਾ ਤਾਰਾ: 37 ਗੁਰਦੁਆਰਿਆਂ ਵਿਚ ਯਾਦਗਾਰਾਂ ਬਣਾਉਣ ਦਾ ਫੈਸਲਾ

ਅੰਮ੍ਰਿਤਸਰ: ਜੂਨ 1984 ਦੇ ਫੌਜੀ ਹਮਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਇਲਾਵਾ ਜਿਨ੍ਹਾਂ ਹੋਰ 37 ਗੁਰਦੁਆਰਿਆਂ ਵਿਚ ਜਾਨੀ-ਮਾਲੀ ਨੁਕਸਾਨ ਹੋਇਆ ਸੀ, ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਯਾਦ ਨੂੰ ਰੂਪਮਾਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

ਮੀਟਿੰਗ ਦੇ ਵੇਰਵਿਆਂ ਬਾਰੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਸਾਕਾ ਨੀਲਾ ਤਾਰਾ ਸਮੇਂ ਜਿਨ੍ਹਾਂ 37 ਗੁਰਦੁਆਰਿਆਂ ਵਿਚ ਜਾਨੀ-ਮਾਲੀ ਨੁਕਸਾਨ ਹੋਇਆ ਸੀ, ਵਿਖੇ ਵੀ ਯਾਦ ਸਥਾਪਤ ਕੀਤੀ ਜਾਵੇਗੀ। ਇਸ ਸਬੰਧੀ ਸਬ-ਕਮੇਟੀ ਬਣਾਈ ਜਾਵੇਗੀ, ਜੋ ਇਨ੍ਹਾਂ ਗੁਰਦੁਆਰਿਆਂ ਵਿਚ ਹੋਏ ਨੁਕਸਾਨ ਦੇ ਵੇਰਵੇ ਇਕੱਠੇ ਕਰੇਗੀ ਅਤੇ ਇਸ ਨੂੰ ਰੂਪਮਾਨ ਕਰਨ ਬਾਰੇ ਵੀ ਸੁਝਾਅ ਦੇਵੇਗੀ। ਉਨ੍ਹਾਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸ਼ਹੀਦੀ ਯਾਦਗਾਰ ਸਥਾਪਤ ਕੀਤੀ ਜਾ ਚੁੱਕੀ ਹੈ ਪਰ ਇਨ੍ਹਾਂ ਗੁਰਦੁਆਰਿਆਂ ਵਿਚ ਹੁਣ ਤੱਕ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ।
ਵੇਰਵਿਆਂ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਤੋਂ ਇਲਾਵਾ ਜਿਨ੍ਹਾਂ 37 ਗੁਰਦੁਆਰਿਆਂ ਨੂੰ ਫੌਜੀ ਹਮਲੇ ਸਮੇਂ ਨਿਸ਼ਾਨਾ ਬਣਾਇਆ ਗਿਆ ਸੀ, ਵਿਖੇ ਵੀ ਜਾਨੀ-ਮਾਲੀ ਨੁਕਸਾਨ ਹੋਇਆ ਸੀ। ਪਟਿਆਲਾ ਦੇ ਗੁਰਦੁਆਰੇ ਵਿਚ 17 ਵਿਅਕਤੀ ਫੌਜੀ ਹਮਲੇ ਦਾ ਨਿਸ਼ਾਨਾ ਬਣੇ ਸਨ। ਇਸੇ ਤਰ੍ਹਾਂ ਮੁਕਤਸਰ, ਤਰਨ ਤਾਰਨ, ਫਗਵਾੜਾ, ਬੰਗਾ, ਬਟਾਲਾ ਤੇ ਹੋਰ ਗੁਰਦੁਆਰਿਆਂ ਵਿਚ ਵੀ ਜਾਨੀ-ਮਾਲੀ ਨੁਕਸਾਨ ਹੋਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਾਨੀ-ਮਾਲੀ ਨੁਕਸਾਨ ਦੇ ਵੇਰਵੇ ਇਕੱਠੇ ਕਰ ਕੇ ਇਸ ਨੂੰ ਇਨ੍ਹਾਂ ਗੁਰਦੁਆਰਿਆਂ ਵਿਚ ਇਤਿਹਾਸ ਦੇ ਰੂਪ ਵਿਚ ਦਰਸਾਇਆ ਜਾ ਸਕਦਾ ਹੈ। ਮੀਟਿੰਗ ਵਿਚ ਫਤਹਿਗੜ੍ਹ ਸਾਹਿਬ ਵਿਖੇ ਮੁਕਾਬਲਾ ਪ੍ਰੀਖਿਆਵਾਂ ਲਈ ਕੋਚਿੰਗ ਸੈਂਟਰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਆਈæਏæਐਸ, ਆਈæਪੀæਐਸ, ਪੀæਸੀæਐਸ਼ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਕੇਂਦਰ ਖੋਲ੍ਹਿਆ ਜਾਵੇਗਾ। ਸਿੱਖ ਮਾਰਸ਼ਲ ਆਰਟ ਗਤਕਾ ਦੀ ਸਿਖਲਾਈ ਵਾਸਤੇ ਗਤਕਾ ਅਕੈਡਮੀ ਸਥਾਪਤ ਕੀਤੀ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਗ ਲੱਗਣ ਨਾਲ ਦੁਕਾਨਾਂ ਸੜਨ ਦੀ ਵਾਪਰੀ ਘਟਨਾ ਦੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਬ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ, ਜਿਸ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਸਹਾਇਤਾ ਦਿੱਤੀ ਜਾਵੇਗੀ।