ਇਸਲਾਮਾਬਾਦ: ਪਾਕਿਸਤਾਨ ਦੀ ਲਹਿੰਦੇ ਪੰਜਾਬ ਦੀ ਅਸੈਂਬਲੀ ਵੱਲੋਂ ਬਜਟ ਇਜਲਾਸ ਦੌਰਾਨ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਲਈ ਲੋੜੀਂਦੇ ਫੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕੌਮਾਂਤਰੀ ਯੂਨੀਵਰਸਿਟੀ ਲਈ ਫੰਡਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਨਾਲ-ਨਾਲ 70 ਏਕੜ ਜ਼ਮੀਨ ਵੀ ਅਲਾਟ ਕੀਤੀ ਗਈ ਹੈ।
ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਵੱਲੋਂ ਯੂਨੀਵਰਸਿਟੀ ਦੀ ਉਸਾਰੀ ਦਾ ਮਾਮਲਾ ਇਸ ਵਰ੍ਹੇ ਦੇ ਵਿਕਾਸ ਪ੍ਰੋਗਰਾਮ ‘ਚ ਸ਼ਾਮਲ ਕੀਤਾ ਗਿਆ ਹੈ। ਸ੍ਰੀ ਨਨਕਾਣਾ ਸਾਹਿਬ ‘ਚ ਗੁਰੂ ਨਾਨਕ ਦੇਵ ਜੀ ਦੇ ਨਾਂ ਉਤੇ ਯੂਨੀਵਰਸਿਟੀ ਬਣਾਉਣ ਲਈ ਪਾਕਿਸਤਾਨ ‘ਚ ਰਹਿ ਰਹੇ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ, ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਕਤ ਐਲਾਨ ਨੂੰ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਕ ਵੱਡਾ ਤੋਹਫਾ ਦੱਸਿਆ ਹੈ। ਉੱਧਰ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਮ ਸ਼ਹਿਜ਼ਾਦ ਨੇ ਕਿਹਾ ਹੈ ਕਿ ਪਾਕਿ ‘ਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਵੱਲੋਂ ਸ਼ਾਂਤੀ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਲਈ ਬਾਬਾ ਗੁਰੂ ਨਾਨਕ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਬਾਅਦ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਖੋਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਸਮਾਜ ‘ਚ ਗੁਰੂ ਨਾਨਕ ਦੇਵ ਜੀ ਦੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਦੀ ਲੋੜ ਮਹਿਸੂਸ ਕਰਦੀ ਹੈ।
ਦੱਸਣਯੋਗ ਹੈ ਕਿ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਾਬਕਾ ਚੇਅਰਮੈਨ ਲੈਫਟੀਨੈਂਟ ਕਰਨਲ ਜ਼ੁਲਫਿਕਾਰ ਅਲੀ ਖਾਂ ਵੱਲੋਂ ਪਹਿਲੀ ਵਾਰ ਸਾਲ 2007 ‘ਚ ਸ੍ਰੀ ਨਨਕਾਣਾ ਸਾਹਿਬ ਵਿਚਲੀ ਵਕਫ ਦੀ ਭੂਮੀ ਉਤੇ 25 ਏਕੜ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਸ ਦੇ 9 ਵਰ੍ਹੇ ਬਾਅਦ ਨਵੰਬਰ 2016 ਵਿਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖੇ ਜਾਣ ਦਾ ਐਲਾਨ ਕੀਤਾ ਗਿਆ, ਪਰ ਪ੍ਰਧਾਨ ਮੰਤਰੀ ਦੇ ਮੌਕੇ ‘ਤੇ ਨਾ ਪਹੁੰਚਣ ਤੇ ਕੁਝ ਦਿਨਾਂ ਬਾਅਦ ਉਦਘਾਟਨ ਲਈ ਲਗਾਇਆ ਗਿਆ ਨੀਂਹ ਪੱਥਰ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਮੈਂਬਰਾਂ ਵੱਲੋਂ ਇਹ ਕਹਿ ਕੇ ਉਖਾੜ ਦਿੱਤਾ ਗਿਆ ਕਿ ਯੂਨੀਵਰਸਿਟੀ ਬਣਾਉਣ ਲਈ ਚੁਣੀ ਗਈ ਭੂਮੀ ਪਹਿਲਾਂ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਵਕੀਲਾਂ ਦੀ ਰਿਹਾਇਸ਼ੀ ਕਾਲੋਨੀ ਤੇ ਕਚਹਿਰੀ ਬਣਾਉਣ ਲਈ ਅਲਾਟ ਕੀਤੀ ਗਈ ਸੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ‘ਤੇ ਉਸਾਰੀ ਜਾਣ ਵਾਲੀ ਉਕਤ ਯੂਨੀਵਰਸਿਟੀ ‘ਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ, ਸਗੋਂ ਦੁਨੀਆਂ ਭਰ ਦੇ ਸਿੱਖਾਂ ਦੇ ਬੱਚੇ ਗਿਆਨ ਹਾਸਲ ਕਰ ਸਕਣਗੇ।