ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸਹਿਮਤੀ

ਚੰਡੀਗੜ੍ਹ: ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸਹਿਮਤ ਹੋਣ ਦੇ ਆਸਾਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਕਮੇਟੀ ਨੂੰ ਕਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਨ ਤਾਂ ਕਿ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਬਹੁਤ ਵੱਡੇ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਅਕਾਲ ਤਖਤ ਦੇ ਜਥੇਦਾਰ ਨੇ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਦੇ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣੇ ਚਾਹੀਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ ਤੇ ਇਸ ਸਿਲਸਿਲੇ ‘ਚ ਸਮਾਂ ਵੀ ਮੰਗਿਆ ਸੀ।
ਜਥੇਦਾਰ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 550ਵੇਂ ਗੁਰਪੁਰਬ ਮੌਕੇ ਸਾਂਝੀ ਸਟੇਜ ਲਾਉਣ ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਦੇ ਆਸਾਰ ਬਣੇ ਲਈ ਤਿਆਰ ਹੈ ਜਿਸ ਵਿਚ ਪੰਜਾਬ ਸਰਕਾਰ, ਕੇਂਦਰ ਸਰਕਾਰ ਹੋਰ ਸਰਕਾਰਾਂ ਦੇ ਪ੍ਰਤੀਨਿਧ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਉਹ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੂੰ ਸੱਦਾ ਦੇ ਆਏ ਹਨ ਤੇ ਇਸ ਤੋਂ ਪਹਿਲਾਂ ਕੁਝ ਹੋਰ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਗੁਰਪੁਰਬ ਸਮਾਗਮਾਂ ਲਈ ਮੰਤਰੀਆਂ ਦੀ ਕਮੇਟੀ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਬਕਾਇਦਾ ਲਿਖਤੀ ਸੱਦਾ ਪੱਤਰ ਦੇਣ ਅਤੇ ਸਮਾਗਮਾਂ ਦੀ ਸਫਲਤਾ ਲਈ ਅਗਵਾਈ ਤੇ ਸਹਿਯੋਗ ਲਈ ਬੇਨਤੀ ਕਰਨ। ਇਸ ਸਬੰਧੀ ਬਣਾਈ ਮੰਤਰੀਆਂ ਦੀ ਕਮੇਟੀ ਵਿਚ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਓ.ਪੀ. ਸੋਨੀ ਸ਼ਾਮਲ ਹਨ। ਉਨ੍ਹਾਂ ਨੂੰ ਪ੍ਰਬੰਧਾਂ ਦਾ ਹਰ ਰੋਜ਼ ਸਮੀਖਿਆ ਕਰਨ ਲਈ ਵੀ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਮੰਤਰੀਆਂ ਦੀ ਕਮੇਟੀ ਨੂੰ ਗੁਰਪੁਰਬ ਮੌਕੇ ਦਸ ਰੋਜ਼ਾ ਸਮਾਗਮਾਂ ਲਈ ਪੰਜ ਨਵੰਬਰ ਤੋਂ ਲੈ ਕੇ 15 ਨਵੰਬਰ ਤਕ ਰੂਪ ਰੇਖਾ ਤਿਆਰ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਕਿਹਾ ਕਿ ਉਹ 136 ਕਿਲੋਮੀਟਰ ਲੰਮੇ ਗੁਰੂ ਨਾਨਕ ਦੇਵ ਜੀ ਮਾਰਗ ਦੇ ਨਵੀਨੀਕਰਨ ਦੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਕਿਹਾ ਕਿ ਵਿਰਾਸਤੀ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਇਆ ਜਾਵੇ। ਮੁੱਖ ਮੰਤਰੀ ਨੇ ਲੜਕੀਆਂ ਲਈ ਸੁਲਤਾਨਪੁਰ ਲੋਧੀ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ ਕਲਾਸਾਂ ਵੀ ਇਸੇ ਸੈਸ਼ਨ ਤੋਂ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪਹਿਲੇ ਤਿੰਨ ਸਾਲ ਕਾਲਜ ਵਿਚ ਮੁਫਤ ਸਿੱਖਿਆ ਦਿੱਤੀ ਜਾਵੇਗੀ। ਗੁਰਪੁਰਬ ਤੋਂ ਪਹਿਲਾਂ ਤਿਆਰੀਆਂ ਦੇ ਪਾਸਾਰ ਅਤੇ ਪ੍ਰਚਾਰ ਲਈ ਸਾਈਕਲ ਰੈਲੀ, ਕਬੱਡੀ ਚੈਂਪੀਅਨਸ਼ਿਪ ਕਰਵਾਈ ਜਾਵੇਗੀ।
________________________________
ਪ੍ਰਕਾਸ਼ ਪੁਰਬ ਇਕ ਮੰਚ ਤੋਂ ਮਨਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਇਕ ਮੰਚ ਤੋਂ ਮਨਾਉਣ ਬਾਰੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੁੰਗਾਰੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਗੁਰੂ ਸਾਹਿਬ ਦਾ ਇਕਜੁੱਟਤਾ ਦਾ ਸੰਦੇਸ਼ ਵਿਸ਼ਵ ਭਰ ਵਿਚ ਜਾਵੇਗਾ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਆਖਿਆ ਗਿਆ ਸੀ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵੱਖ ਵੱਖ ਨਾ ਮਨਾਏ ਜਾਣ। ਉਨ੍ਹਾਂ ਇਸ ਸਬੰਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਯਤਨ ਕਰਨ ਵਾਸਤੇ ਕਿਹਾ ਸੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ ਸੀ। ਹੁਣ ਇਸੇ ਸਬੰਧ ਵਿਚ ਮੁੱਖ ਮੰਤਰੀ ਨੇ ਵੀ ਹੁੰਗਾਰਾ ਦਿੱਤਾ ਹੈ।
________________________________
ਜਥੇਦਾਰ ਵੱਲੋਂ ਪ੍ਰਕਾਸ਼ ਪੁਰਬ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਹਰ ਸਿੱਖ ਨੂੰ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਵਿਚ ਇਹ ਸੁਨੇਹਾ ਜਾਵੇ ਕਿ ਸਮੁੱਚਾ ਸਿੱਖ ਭਾਈਚਾਰਾ ਇਕ ਹੈ। ਉਨ੍ਹਾਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਇਕ ਮੰਚ ਤੋਂ ਇਕਜੁੱਟਤਾ ਨਾਲ ਮਨਾਉਣ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਤਰ ਜਾਰੀ ਕੀਤੇ ਸਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੀ ਯਤਨਸ਼ੀਲ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਚਾਹੇ ਕਾਂਗਰਸ ‘ਚ ਹੋਵੇ ਜਾਂ ਅਕਾਲੀ ਦਲ ਵਿਚ, ਉਹ ਪਹਿਲਾਂ ਸਿੱਖ ਹੈ ਅਤੇ ਉਸ ਨੂੰ ਇਹ ਪ੍ਰਕਾਸ਼ ਪੁਰਬ ਸਮਾਗਮ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ।