‘ਆਪ’ ਨੇ ਪੰਜਾਬ ‘ਚ ਪੈਰ ਜਮਾਉਣ ਲਈ ਘੜੀ ਰਣਨੀਤੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ‘ਬਿਜਲੀ ਅੰਦੋਲਨ’ ਰਾਹੀਂ ਪੰਜਾਬ ਵਿਚ ਪੈਰ ਜਮਾ ਕੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਰ ਕਰਨ ਦੇ ਸੁਫਨੇ ਲੈ ਰਹੀ ਹੈ। ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਦਿੱਲੀ ਸੱਦ ਕੇ ‘ਬਿਜਲੀ ਅੰਦੋਲਨ’ ਰਾਹੀਂ ਸੂਬੇ ਦੀ ਸਿਆਸਤ ਸਰ ਕਰਨ ਦੀ ਗੁੜ੍ਹਤੀ ਦਿੱਤੀ ਹੈ। ਆਪ ਵੱਲੋਂ ਪੰਜਾਬ ਅੰਦਰ ਹੱਦੋਂ ਮਹਿੰਗੀਆਂ ਬਿਜਲੀ ਦਰਾਂ ਵਿਰੁੱਧ ਸ਼ੁਰੂ ਕੀਤੇ ਮੋਰਚੇ ਤਹਿਤ ‘ਆਪ’ ਦੇ ਆਗੂ ਅਗਲੇ ਦੋ ਮਹੀਨੇ ਪਿੰਡਾਂ ਅਤੇ ਮੁਹੱਲਿਆਂ ‘ਚ ਜਾ ਕੇ ਮੁਹਿੰਮ ਚਲਾਉਣਗੇ।

ਇਸ ਮੌਕੇ ਵਿਧਾਇਕ ਮੀਤ ਹੇਅਰ ਨੂੰ ਬਿਜਲੀ ਮੋਰਚੇ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇਕ ਬਿਜਲੀ ਮੋਰਚਾ ਕਮੇਟੀ ਗਠਿਤ ਕਰਨ ਦਾ ਫੈਸਲਾ ਲਿਆ ਗਿਆ, ਜੋ ਮਾਹਿਰਾਂ ਦੀ ਮਦਦ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਬਿੱਲਾਂ ਅਤੇ ਮੀਟਰਾਂ ਆਦਿ ਦੀ ਖੁਦ ਜਾਂਚ ਕਰਨ ਦੀ ਟਰੇਨਿੰਗ ਅਤੇ ਜਾਣਕਾਰੀ ਦੇਵੇਗੀ। ਅਮਨ ਅਰੋੜਾ ਨੇ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਬਿਜਲੀ ਦੇ ਮੀਟਰ ਤੇਜ ਚੱਲਦੇ ਹਨ ਅਤੇ ਨਿੱਜੀ ਬਿਜਲੀ ਕੰਪਨੀਆਂ ਰਾਹੀਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਸਮਝੌਤੇ ਰੱਦ ਕਰਨ ਵਾਲੇ ਆਪਣੇ ਚੋਣ ਵਾਅਦੇ ਤੋਂ ਹੀ ਮੁੱਕਰ ਗਏ ਹਨ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਦੀਆਂ ਅਜਿਹੀਆਂ ਲੋਕ ਮਾਰੂ ਨੀਤੀਆਂ ਨੂੰ ਘਰ-ਘਰ ਜਾ ਕੇ ਬੇਪਰਦ ਕੀਤਾ ਜਾਵੇ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਵੀ ਪਿਛਲੀ ਕਾਂਗਰਸ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਗੱਠਜੋੜ ਕੀਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਸ ਬਿਜਲੀ ਮਾਫੀਆ ਨੂੰ ਤੋੜ ਕੇ ਦਿੱਲੀ ਦੇ ਲੋਕਾਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕੀਤੀ ਗਈ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਛੇਤੀ ਹੀ ਬਿਜਲੀ ਦੀਆਂ ਦਰਾਂ ਵਿਚ ਹੋਰ ਕਟੌਤੀ ਕਰਕੇ ਦਿੱਲੀ ਦੇ ਲੋਕਾਂ ਨੂੰ ਹੋਰ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦਿੱਲੀ ਸਰਕਾਰ ਲੋਕਾਂ ਨੂੰ ਰਾਹਤ ਦੇ ਸਕਦੀ ਹੈ ਤਾਂ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਸਸਤੀ ਬਿਜਲੀ ਦੇਣਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਦਾ ਬਿਜਲੀ ਮੋਰਚਾ ਇਕ ਦਿਨ ਕੈਪਟਨ ਸਰਕਾਰ ਨੂੰ ਝੁਕਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਮਹਿੰਗੀ ਬਿਜਲੀ ਅਤੇ ਬਾਦਲ, ਕਾਂਗਰਸੀਆਂ ਵੱਲੋਂ ਕਥਿਤ ਤੌਰ ‘ਤੇ ਨਿੱਜੀ ਬਿਜਲੀ ਕੰਪਨੀਆਂ ਤੋਂ ਖਾਧੇ ਜਾ ਰਹੇ ਮੋਟੇ ਕਮਿਸ਼ਨ ਦਾ ਮੁੱਦਾ ਪਾਰਲੀਮੈਂਟ ‘ਚ ਉਠਾਉਣਗੇ, ਕਿਉਂਕਿ ਇਹ ਦਲਾਲੀ ਸਿੱਧੀ ਆਮ ਬਿਜਲੀ ਖਪਤਕਾਰਾਂ ਦੀਆਂ ਜੇਬਾਂ ‘ਚੋਂ ਦਿੱਤੀ ਜਾ ਰਹੀ ਹੈ।