ਪਾਕਿਸਤਾਨ ‘ਚ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਪੱਧਰ ‘ਤੇ ਤਿਆਰੀਆਂ

ਇਸਲਾਮਾਬਾਦ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਨੂੰ ਮਨਾਉਣ ਲਈ ਪਾਕਿਸਤਾਨ ਵਿਚ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਲਗਭਗ ਇਕ ਲੱਖ ਸ਼ਰਧਾਲੂਆਂ ਦੀ ਆਮਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ, ਜੋ ਪਾਕਿਸਤਾਨ ਤੋਂ ਪਰਤੇ ਹਨ।

ਮੁੱਖ ਸਕੱਤਰ ਡਾ. ਰੂਪ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਇਕ ਪੱਤਰ ਲੈ ਕੇ ਪਾਕਿਸਤਾਨ ਗਏ ਸਨ, ਜਿਸ ਰਾਹੀਂ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਕਾਸ਼ ਪੁਰਬ ਸਮਾਗਮਾਂ ਲਈ ਲੋੜੀਂਦੇ ਪ੍ਰਬੰਧਾਂ ਵਾਸਤੇ ਉਹ ਹਰ ਸੰਭਵ ਸਹਿਯੋਗ ਦੇਣਗੇ। ਮੁੱਖ ਸਕੱਤਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੀ.ਜੀ.ਪੀ.ਸੀ., ਔਕਾਫ ਬੋਰਡ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਾ ਇਹ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਆਰੰਭ ਹੋ ਕੇ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਵਿਚ ਦਾਖਲ ਹੋਵੇਗਾ ਅਤੇ ਇਥੋਂ ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪੀ.ਜੀ.ਪੀ.ਸੀ. ਤੇ ਔਕਾਫ ਬੋਰਡ ਨੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਕੌਮਾਂਤਰੀ ਸੈਮੀਨਾਰ ਵੀ ਪਾਕਿਸਤਾਨ ਵਿਚ ਕਰਾਉਣ ਦੀ ਯੋਜਨਾ ਹੈ, ਜਿਨ੍ਹਾਂ ਵਿਚੋਂ ਇਕ ਕੌਮਾਂਤਰੀ ਸੈਮੀਨਾਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ , ਦੂਜਾ ਪੰਜਾਬ ਯੂਨੀਵਰਸਿਟੀ ਲਾਹੌਰ ਅਤੇ ਤੀਜਾ ਗੌਰਮਿੰਟ ਕਾਲਜ ਯੂਨੀਵਰਸਿਟੀ ਲਾਹੌਰ (ਜੀ.ਸੀ. ਯੂਨੀਵਰਸਿਟੀ) ਵਿਖੇ ਹੋਵੇਗਾ। ਉਨ੍ਹਾਂ ਇਸ ਸਬੰਧੀ ਵਿਦਵਾਨਾਂ ਨਾਲ ਵੀ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਪੀ.ਜੀ.ਪੀ.ਸੀ. ਵੱਲੋਂ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਲਗਭਗ ਇਕ ਲੱਖ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸ਼ਰਧਾਲੂਆਂ ਵਾਸਤੇ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਹੋਵੇਗਾ। ਰਿਹਾਇਸ਼ ਵਾਸਤੇ ਸਰਾਵਾਂ, ਸਕੂਲਾਂ-ਕਾਲਜਾਂ ਦੀਆਂ ਇਮਾਰਤਾਂ ਅਤੇ ਟੈਂਟ ਸਿਟੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਲਾਹੌਰ ਤੋਂ ਨਨਕਾਣਾ ਸਾਹਿਬ ਜਾਂਦੇ ਰਸਤੇ ਨੂੰ ਮੁਲਤਾਨ ਹਾਈਵੇਅ ਨਾਲ ਜੋੜ ਦਿੱਤਾ ਹੈ ਅਤੇ ਹੁਣ ਇਸ ਦੀ ਦੂਰੀ ਲਾਹੌਰ ਤੋਂ ਸਿਰਫ 45 ਮਿੰਟ ਦੀ ਰਹਿ ਗਈ ਹੈ। ਰਸਤੇ ਵਿਚ ਗੇਟ ਬਣਾਏ ਗਏ ਹਨ, ਜਿਨ੍ਹਾਂ ਉਤੇ ਗੁਰਮੁਖੀ ਵਿਚ ‘ਜੀ ਆਇਆਂ’ ਲਿਖਿਆ ਹੋਇਆ ਹੈ। ਇਸੇ ਤਰ੍ਹਾਂ ਮਾਰਗਾਂ ‘ਤੇ ਪੰਜਾਬੀ ਵਿਚ ਸਾਈਨ ਬੋਰਡ ਲਾਏ ਗਏ ਹਨ। ਲਾਹੌਰ ਦੇ ਸ਼ਾਹੀ ਕਿਲੇ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਥਾਪਤੀ ਨੂੰ ਵੀ ਸ਼੍ਰੋਮਣੀ ਕਮੇਟੀ ਨੇ ਇਕ ਵੱਡੀ ਪ੍ਰਾਪਤੀ ਦੱਸਿਆ ਹੈ।
ਮੁੱਖ ਸਕੱਤਰ ਨੇ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਲਾਂਘਾ ਦੀ ਤਿਆਰੀ ਵੀ ਜ਼ੋਰਾਂ ਨਾਲ ਚੱਲ ਰਹੀ ਹੈ, ਜਿਸ ਨੂੰ ਨਵੰਬਰ ਮਹੀਨੇ ਵਿਚ ਖੋਲ੍ਹਣ ਦੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਪੀ.ਜੀ.ਪੀ.ਸੀ. ਪ੍ਰਧਾਨ ਤਾਰਾ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੀ ਪੇਸ਼ਕਸ਼ ਨੂੰ ਵੱਡਾ ਮਾਣ ਸਨਮਾਨ ਦਿੱਤਾ ਹੈ।