ਲਾਹੌਰ: ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਨਨਕਾਣਾ ਸਾਹਿਬ ‘ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਯੂਨੀਵਰਸਿਟੀ ਦਾ ਨੀਂਹ ਪੱਥਰ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਰੱਖਿਆ। ਦਸ ਏਕੜ ਤੋਂ ਵੱਧ ਰਕਬੇ ‘ਚ ਫੈਲੀ ਇਸ ਯੂਨੀਵਰਸਿਟੀ ਦੀ ਉਸਾਰੀ ਉਤੇ 258 ਕਰੋੜ ਰੁਪਏ ਖਰਚੇ ਜਾਣਗੇ।
ਪੰਜਾਬ ਸਰਕਾਰ ਦੇ ਅਧਿਕਾਰੀ ਨੇ ਦੱਸਿਆ ਕਿ ਕਾਨੂੰਨੀ ਅਮਲ ਮੁਕੰਮਲ ਹੋਣ ਮਗਰੋਂ ਯੂਨੀਵਰਸਿਟੀ ਦੀ ਉਸਾਰੀ ਆਰੰਭ ਕਰਵਾ ਦਿੱਤੀ ਜਾਵੇਗੀ। ਉਸ ਨੇ ਕਿਹਾ ਕਿ ਪ੍ਰੋਜੈਕਟ ‘ਤੇ ਕੰਮ ਛੇਤੀ ਸ਼ੁਰੂ ਹੋ ਜਾਵੇਗਾ ਕਿਉਂਕਿ ਨਨਕਾਣਾ ਸਾਹਿਬ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਸ਼ਾਹ ਦੇ ਹਲਕੇ ‘ਚ ਪੈਂਦਾ ਹੈ। ਅਧਿਕਾਰੀ ਮੁਤਾਬਕ ਬ੍ਰਿਗੇਡੀਅਰ ਸ਼ਾਹ ਪ੍ਰਧਾਨ ਮੰਤਰੀ ਇਮਰਾਨ ਖਾਨ ਵਜ਼ਾਰਤ ‘ਚ ਤਾਕਤਵਰ ਮੰਤਰੀ ਹਨ ਅਤੇ ਉਨ੍ਹਾਂ ਦੇ ਸੱਦੇ ਉਤੇ ਹੀ ਪੰਜਾਬ ਦੇ ਮੁੱਖ ਮੰਤਰੀ ਬੁਜ਼ਦਾਰ ਨੇ ਨਨਕਾਣਾ ਸਾਹਿਬ ਆ ਕੇ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਆਪਣੇ ਸੰਬੋਧਨ ‘ਚ ਬੁਜ਼ਦਾਰ ਨੇ ਕਿਹਾ ਕਿ ਨਨਕਾਣਾ ਸਾਹਿਬ ਵਰਗੇ ਅਣਗੌਲੇ ਜ਼ਿਲ੍ਹਿਆਂ ਨੂੰ ਵਿਕਸਤ ਸ਼ਹਿਰਾਂ ਵਰਗਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਸਥਾਪਨਾ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ ਜਿਸ ਤਹਿਤ ਨਨਕਾਣਾ ਸਾਹਿਬ ਅਤੇ ਨਾਲ ਲਗਦੇ ਹੋਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਵੇਗੀ। ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਨਨਕਾਣਾ ਸਾਹਿਬ ‘ਚ ਗੁਰੂ ਨਾਨਕ ਦੇਵ ਦੇ ਨਾਮ ਉਤੇ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਸਭ ਤੋਂ ਪਹਿਲਾਂ 2003 ‘ਚ ਪਰਵੇਜ਼ ਇਲਾਹੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੇਸ਼ ਕੀਤੀ ਸੀ। ਦੋ ਸਾਲ ਪਹਿਲਾਂ ਪੀਐਮਐਲ-ਐਨ ਦੀ ਸਰਕਾਰ ਸਮੇਂ ਔਕਾਫ ਬੋਰਡ ਨੇ ਪ੍ਰੋਜੈਕਟ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਸੀ।
ਔਕਾਫ ਬੋਰਡ ਦੇ ਚੇਅਰਮੈਨ ਸਿੱਦੀਕਉਲ ਫਾਰੂਕ ਨੇ ਕਿਹਾ ਕਿ ਯੂਨੀਵਰਸਿਟੀ ਬਣਨ ਨਾਲ ਪਾਕਿਸਤਾਨ ‘ਚ ਧਾਰਮਿਕ ਸੈਰ-ਸਪਾਟੇ ਨੂੰ ਹੱਲਾਸ਼ੇਰੀ ਮਿਲੇਗੀ ਅਤੇ ਕੌਮਾਂਤਰੀ ਪੱਧਰ ‘ਤੇ ਮੁਲਕ ਦੀ ਤਸਵੀਰ ਸੁਧਰੇਗੀ। ਸੈਰ-ਸਪਾਟਾ ਵਿਕਾਸ ਨਿਗਮ ਪੰਜਾਬ ਦੇ ਇਕ ਹੋਟਲ ਦਾ ਵੀ ਮੁੱਖ ਮੰਤਰੀ ਨੇ ਨਨਕਾਣਾ ਸਾਹਿਬ ‘ਚ ਉਦਘਾਟਨ ਕੀਤਾ। ਉਨ੍ਹਾਂ ਨਨਕਾਣਾ ਸਾਹਿਬ ਜ਼ਿਲ੍ਹੇ ਵਿਚ ਸੜਕਾਂ ਦੀ ਮੁਰੰਮਤ ‘ਤੇ 15 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ।