ਸੀ.ਬੀ.ਆਈ. ਅਦਾਲਤ ਵੱਲੋਂ ਕਲੋਜ਼ਰ ਰਿਪੋਰਟ ਸਬੰਧੀ ਅਪੀਲ ਮਨਜ਼ੂਰ

ਮੋਹਾਲੀ: ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਮੋਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਸ਼ਿਕਾਇਤਕਰਤਾਵਾਂ ਦੀ ਅਪੀਲ ਮਨਜ਼ੂਰ ਕਰ ਲਈ ਹੈ। ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ (ਜ਼ਿਲ੍ਹਾ ਫਰੀਦਕੋਟ) ਅਤੇ ਇਸੇ ਪਿੰਡ ਦੇ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਆਪਣੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨਾਲ ਅੱਜ ਨਿੱਜੀ ਤੌਰ ‘ਤੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜੀ.ਐੱਸ਼ ਸੇਖੋਂ ਦੀ ਅਦਾਲਤ ਵਿਚ ਪੇਸ਼ ਹੋਏ ਅਤੇ ਪਿਛਲੇ ਦਿਨੀਂ ਸੀ.ਬੀ.ਆਈ. ਵੱਲੋਂ ਬੇਅਦਬੀ ਮਾਮਲੇ ਵਿਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਜੱਜ ਨੂੰ ਬੇਅਦਬੀ ਮਾਮਲਿਆਂ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਜਿਰ੍ਹਾ ਦੌਰਾਨ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਅਤੇ ਪੰਜਾਬ ਪੁਲੀਸ ਦੇ ਏ.ਆਈ.ਜੀ. (ਅਪਰਾਧ) ਸਰਬਜੀਤ ਸਿੰਘ ਵੀ ਮੌਜੂਦ ਸਨ। ਪੁਲਿਸ ਨੇ ਅਦਾਲਤ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸ਼ਿਕਾਇਤਕਰਤਾਵਾਂ, ਉਨ੍ਹਾਂ ਦੇ ਵਕੀਲਾਂ, ਪੁਲਿਸ ਅਧਿਕਾਰੀਆਂ ਅਤੇ ਸਰਕਾਰੀ ਵਕੀਲਾਂ ਤੋਂ ਬਿਨਾਂ ਕਿਸੇ ਨੂੰ ਅਦਾਲਤ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਅਤੇ ਅਦਾਲਤ ਦਾ ਕੋਈ ਵੀ ਨੁਮਾਇੰਦਾ ਕੁਝ ਵੀ ਦੱਸਣ ਲਈ ਤਿਆਰ ਨਹੀਂ ਸੀ।
ਅਦਾਲਤੀ ਕਾਰਵਾਈ ਮਗਰੋਂ ਬਾਹਰ ਆਏ ਸ਼ਿਕਾਇਤਕਰਤਾਵਾਂ ਦੇ ਵਕੀਲਾਂ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਜੱਜ ਨੇ ਉਨ੍ਹਾਂ ਨੂੰ ਕਲੋਜ਼ਰ ਰਿਪੋਰਟ ਦੇਣ ਦੀ ਅਪੀਲ ਮਨਜ਼ੂਰ ਕਰਦਿਆਂ ਹਦਾਇਤ ਕੀਤੀ ਹੈ ਕਿ ਕਾਨੂੰਨੀ ਤੌਰ ‘ਤੇ ਇਹ ਅਹਿਮ ਦਸਤਾਵੇਜ਼ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਜਾਵੇ। ਵਕੀਲਾਂ ਨੇ ਦੱਸਿਆ ਕਿ ਸੀ.ਬੀ.ਆਈ. ਵੱਲੋਂ ਅਦਾਲਤ ‘ਚ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਵਿਚਲੇ ਵੱਖ-ਵੱਖ ਪਹਿਲੂਆਂ ਨੂੰ ਵਾਚਣ ਤੋਂ ਬਾਅਦ ਉਸ ਰਿਪੋਰਟ ਨੂੰ ਚੁਣੌਤੀ ਦੇਣ ਬਾਰੇ ਫੈਸਲਾ ਲਿਆ ਜਾਵੇਗਾ। ਪੰਜਾਬ ਪੁਲਿਸ ਦੀ ਸਿੱਟ ਵੱਲੋਂ ਮੁਲਜ਼ਮਾਂ ਖਿਲਾਫ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ ਅਤੇ ਇਹ ਕੇਸ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਹਨ ਪਰ ਹੁਣ ਕਲੋਜ਼ਰ ਰਿਪੋਰਟ ਪੇਸ਼ ਹੋਣ ਨਾਲ ਉਨ੍ਹਾਂ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋ ਸਕਦੀ ਹੈ।
ਉਧਰ, ਪੰਜਾਬ ਸਰਕਾਰ ਵੱਲੋਂ ਸੀ.ਬੀ.ਆਈ. ਦੀ ਤਸਦੀਕਸ਼ੁਦਾ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਮੋਹਾਲੀ ਅਦਾਲਤ ਵਿਚ ਹਾਜ਼ਰ ਸਨ।
________________________
ਸ਼੍ਰੋਮਣੀ ਕਮੇਟੀ ਵੱਲੋਂ ਕਲੋਜ਼ਰ ਰਿਪੋਰਟ ਰੱਦ
ਅੰਮ੍ਰਿਤਸਰ: ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਦਿੱਤੀ ਕਲੋਜ਼ਰ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਹਨ। ਇਹ ਇਕੱਤਰਤਾ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ਸਬੰਧੀ ਸੀ.ਬੀ.ਆਈ. ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ।