ਅੰਮ੍ਰਿਤਸਰ: ਭਾਰਤ ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਵਾਲੇ ਮਾਹੌਲ ਦੇ ਕਾਰਨ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਿਚ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਘਟ ਸਕਦੀ ਹੈ। ਪ੍ਰਕਾਸ਼ ਪੁਰਬ ਨਵੰਬਰ ਮਹੀਨੇ ਵਿਚ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਭਾਰਤ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ ਹਨ। ਇਸੇ ਤਰ੍ਹਾਂ ਪਾਕਿਸਤਾਨ ਵਿਚ ਵੀ ਗੁਰਦੁਆਰਾ ਨਨਕਾਣਾ ਸਾਹਿਬ ਵਿਚ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀ ਯੋਜਨਾ ਹੈ। ਇਸ ਵਾਸਤੇ ਪਾਕਿਸਤਾਨ ਸਰਕਾਰ ਵੱਲੋਂ ਦਸ ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸੇ ਸਬੰਧੀ ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਸੀ ਤੇ ਤਿੰਨ ਸੈਮੀਨਾਰ ਵੀ ਲਾਹੌਰ ਤੇ ਨਨਕਾਣਾ ਸਾਹਿਬ ਵਿਚ ਕਰਵਾਉਣ ਦੀ ਯੋਜਨਾ ਹੈ। ਪਰ ਇਸ ਵੇਲੇ ਕਸ਼ਮੀਰ ਵਿਚ ਧਾਰਾ-370 ਖਤਮ ਕੀਤੇ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦਾ ਪਰਛਾਵਾਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਉਤੇ ਪੈਣ ਦੀ ਸੰਭਾਵਨਾ ਹੈ।
ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਕੋਲ ਹੁਣ ਤੱਕ ਸਿਰਫ 1300 ਸ਼ਰਧਾਲੂਆਂ ਨੇ ਨਵੰਬਰ ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਪਾਸਪੋਰਟ ਦਿੱਤੇ ਹਨ। ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਸਤੇ ਦੋ ਵਾਰ ਪਾਸਪੋਰਟ ਮੰਗੇ ਜਾ ਚੁੱਕੇ ਹਨ। ਭਾਈ ਮਰਦਾਨਾ ਕੀਰਤਨ ਦਰਬਾਰ ਯਾਦਗਾਰ ਸੁਸਾਇਟੀ ਕੋਲ ਵੀ ਲਗਭਗ 400 ਸ਼ਰਧਾਲੂਆਂ ਵੱਲੋਂ ਪਾਕਿਸਤਾਨ ਜਾਣ ਵਾਸਤੇ ਪਾਸਪੋਰਟ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਸਣੇ ਸਿੱਖ ਜਥੇਬੰਦੀਆਂ ਵੱਲੋਂ ਹਰ ਵਰ੍ਹੇ ਚਾਰ ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਭੇਜੇ ਜਾਂਦੇ ਹਨ। ਇਨ੍ਹਾਂ ਵਿਚ ਵਿਸਾਖੀ ਅਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਲਗਭਗ 3-3 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾਂਦੇ ਹਨ। ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 5-5 ਸੌ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾਂਦੇ ਹਨ। ਇਸ ਵਾਰ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਹੋਣ ਕਰ ਕੇ ਵਧੇਰੇ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਦੀ ਸੰਭਾਵਨਾ ਸੀ ਪਰ ਦੋਵਾਂ ਦੇਸ਼ਾਂ ਵਿਚਾਲੇ ਬਣੇ ਤਣਾਅ ਕਾਰਨ ਇਸ ਵਾਰ ਆਮ ਨਾਲੋਂ ਵੀ ਘੱਟ ਸ਼ਰਧਾਲੂਆਂ ਵੱਲੋਂ ਉਤਸ਼ਾਹ ਦਿਖਾਇਆ ਗਿਆ ਹੈ।
ਇਸ ਸਬੰਧੀ ਭਾਈ ਮਰਦਾਨਾ ਕੀਰਤਨ ਦਰਬਾਰ ਯਾਦਗਾਰ ਸੁਸਾਇਟੀ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਆਖਿਆ ਕਿ ਭਾਵੇਂ ਪਾਕਿਸਤਾਨ ਵੱਲੋਂ ਦਸ ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਪਰ ਚੱਲ ਰਹੇ ਤਣਾਅ ਦਾ ਅਸਰ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਕੋਲ ਹੁਣ ਤੱਕ ਸਿਰਫ 400 ਸ਼ਰਧਾਲੂਆਂ ਦੇ ਹੀ ਪਾਸਪੋਰਟ ਆਏ ਹਨ। ਜਿਨ੍ਹਾਂ ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਦੀ ਇੱਛਾ ਪ੍ਰਗਟਾਈ ਹੈ, ਉਨ੍ਹਾਂ ਨੂੰ ਮੌਜੂਦਾ ਹਾਲਾਤ ਬਾਰੇ ਵੀ ਦੱਸ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਇਸ ਸਬੰਧੀ ਅੰਤਿਮ ਫੈਸਲਾ ਆਖਰੀ ਮੌਕੇ ਹਾਲਾਤ ਮੁਤਾਬਕ ਹੀ ਲਿਆ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਉਮੀਦ ਪ੍ਰਗਟਾਈ ਕਿ ਸ਼ਰਧਾਲੂਆਂ ਦੀ ਗਿਣਤੀ ਵਧ ਜਾਵੇਗੀ ਅਤੇ ਪਾਸਪੋਰਟ ਲੈਣ ਲਈ ਸਿੱਖ ਸੰਗਤ ਨੂੰ ਹੋਰ ਸਮਾਂ ਦਿੱਤਾ ਜਾ ਸਕਦਾ ਹੈ।
____________________________
ਪੰਜਾਬ ਸਰਕਾਰ ਕੌਮਾਂਤਰੀ ਪੱਧਰ ‘ਤੇ ਮਨਾਏਗੀ 550ਵਾਂ ਪ੍ਰਕਾਸ਼ ਪੁਰਬ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ‘ਤੇ ਮਨਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਵਿਸ਼ੇਸ਼ ਸਮਾਗਮ ਨਿਊ ਯਾਰਕ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਉਣ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਮਾਗਮ ‘ਚ ਦੁਨੀਆਂ ਦੀਆਂ ਅਹਿਮ ਸ਼ਖਸੀਅਤਾਂ ਤੇ ਮਸ਼ਹੂਰ ਸਿੱਖ ਹਸਤੀਆਂ ਨੂੰ ਬੁਲਾਏ ਜਾਣ ਦੇ ਨਾਲ ਇਥੇ ਗੁਰੂ ਨਾਨਕ ਦੇਵ ਬਾਰੇ ਲੇਜ਼ਰ ਸ਼ੋਅ ਕਰਵਾਏ ਜਾਣ ਦੀ ਵੀ ਯੋਜਨਾ ਹੈ। ਇਕ ਸਿੱਖ ਜਥੇਬੰਦੀ ਨੇ ਟਾਈਮਜ਼ ਸਕੁਏਅਰ ‘ਚ ਸਮਾਗਮ ਕਰਵਾਉਣ ਦੀ ਪਹਿਲਾਂ ਹੀ ਇਜਾਜ਼ਤ ਲਈ ਹੋਈ ਹੈ ਤੇ ਉਸ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਹੈ। ਟਾਈਮਜ਼ ਸਕੁਏਅਰ ‘ਚ ਸਮਾਗਮ ਕਰਵਾਉਣ ਲਈ ਸਰਕਾਰ ਨੂੰ ਕਈ ਪ੍ਰਵਾਨਗੀਆਂ ਤੇ ਵੱਡੇ ਪੱਧਰ ‘ਤੇ ਫੰਡਾਂ ਦੀ ਲੋੜ ਹੈ। ਇਸ ਲਈ ਸਰਕਾਰ ਅਕਤੂਬਰ ਮਹੀਨੇ ਕਰਵਾਏ ਜਾਣ ਵਾਲੇ ਇਸ ਸਮਾਗਮ ਲਈ ਸਪਾਂਸਰ ਭਾਲ ਰਹੀ ਹੈ। ਇਸ ਸਬੰਧੀ ਸਾਰੀ ਯੋਜਨਾ ਮੁਕੰਮਲ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸੀਨੀਅਰ ਮੰਤਰੀਆਂ ਦੇ ਇਸ ਸਮਾਗਮ ‘ਚ ਸ਼ਾਮਲ ਹੋਣ ਦੀ ਆਸ ਹੈ।
ਨਿਊ ਯਾਰਕ ਤੋਂ ਇਲਾਵਾ ਸਰਕਾਰ ਵੱਲੋਂ ਅਮਰੀਕਾ, ਬਰਤਾਨੀਆ, ਕੈਨੇਡਾ, ਇਟਲੀ, ਜਰਮਨੀ ਤੇ ਆਸਟਰੇਲੀਆ ਦੇ ਕਈ ਹੋਰਨਾਂ ਸ਼ਹਿਰਾਂ ਵਿਚ ਵੀ ਸਮਾਗਮ ਕਰਾਉਣ ਦੀ ਯੋਜਨਾ ਹੈ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਤੰਬਰ ਮਹੀਨੇ ਸੁਲਤਾਨਪੁਰ ਲੋਧੀ ‘ਚ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਤੋਂ ਇਲਾਵਾ ਕੌਮਾਂਤਰੀ ਪੱਧਰ ‘ਤੇ ਸਮਾਗਮ ਕਰਵਾਉਣ ਦਾ ਮਕਸਦ ਸਿੱਖ ਧਰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਗੁਰੂ ਨਾਨਕ ਦੇਵ ਦੇ ਭਾਈਚਾਰਕ ਸਾਂਝ ਤੇ ਮਨੁੱਖਤਾ ਦੇ ਸੁਨੇਹੇ ਦਾ ਪ੍ਰਚਾਰ ਕਰਨਾ ਹੈ।