ਸਾਂਝੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੁੱਦੇ ‘ਤੇ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮਤਭੇਦ ਉਭਰੇ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵਲੋਂ ਇਕ ਮੰਚ ਤੋਂ ਮਨਾਉਣ ਦੇ ਯਤਨ ਉਸ ਵੇਲੇ ਅਸਫਲ ਸਾਬਤ ਹੋਏ ਜਦੋਂ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਕਾਂਗਰਸ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਾ ਪੁੱਜਾ।

ਸਰਕਾਰ ਵੱਲੋਂ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਵੀ ਨਹੀਂ ਭੇਜੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਮੁੱਚੀ ਸਥਿਤੀ ਤੋਂ ਜਾਣੂ ਕਰਾਉਣ ਲਈ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜਿਆ ਹੈ। ਅਕਾਲ ਤਖਤ ਦੇ ਆਦੇਸ਼ਾਂ ‘ਤੇ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ ਸੱਦੀ ਗਈ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦਿਆਂ ਵਜੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਅਤੇ ਇਕ ਸਾਂਝੇ ਨੁਮਾਇੰਦੇ ਵਜੋਂ ਨਿਹੰਗ ਸਿੰਘ ਜਥੇਬੰਦੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਨੁਮਾਇੰਦੇ ਬਾਬਾ ਨੌਰੰਗ ਸਿੰਘ ਸਿੱਖ ਵਿਦਵਾਨ ਵਜੋਂ ਪਹੁੰਚ ਗਏ ਪਰ ਕਾਂਗਰਸ ਦਾ ਕੋਈ ਵੀ ਨੁਮਾਇੰਦਾ ਉੱਥੇ ਨਹੀਂ ਪਹੁੰਚਿਆ। ਇਸ ਕਮੇਟੀ ਵਿਚ ਕਾਂਗਰਸ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣੇ ਸਨ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਆਏ ਸਨ। ਇਸ ਸਬੰਧੀ ਪਹਿਲਾਂ ਜੁਲਾਈ ਅਤੇ ਅਗਸਤ ਮਹੀਨੇ ਵਿਚ ਦੋ ਪੱਤਰ ਭੇਜ ਕੇ ਵੀ ਅਪੀਲ ਕੀਤੀ ਜਾ ਚੁੱਕੀ ਹੈ। 14 ਅਗਸਤ ਨੂੰ ਵੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ ਜਾ ਚੁੱਕੀ ਹੈ ਪਰ ਸਰਕਾਰ ਦੇ ਨੁਮਾਇੰਦੇ ਨਾ ਆਉਣ ਕਾਰਨ ਮੀਟਿੰਗ 6 ਸਤੰਬਰ ਲਈ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਕੀਤੇ ਗਏ ਯਤਨਾਂ ਨੂੰ ਫਿਲਹਾਲ ਬੂਰ ਨਹੀਂ ਪਿਆ ਹੈ ਪਰ ਉਹ ਇਸ ਸਬੰਧੀ ਯਤਨ ਜਾਰੀ ਰੱਖਣਗੇ।
ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਆਖਿਆ ਕਿ 1999 ਤੋਂ ਲੈ ਕੇ ਹੁਣ ਤੱਕ ਚਾਰ ਸ਼ਤਾਬਦੀਆਂ ਮਨਾਈਆਂ ਗਈਆਂ ਹਨ ਅਤੇ ਸਾਰੀਆਂ ਹੀ ਸ਼੍ਰੋਮਣੀ ਕਮੇਟੀ ਵਲੋਂ ਮਨਾਈਆਂ ਗਈਆਂ ਹਨ। ਉਨ੍ਹਾਂ ਆਖਿਆ ਕਿ 1999 ਵਿਚ ਖਾਲਸਾ ਪੰਥ ਦੀ 300 ਸਾਲਾ ਸ਼ਤਾਬਦੀ ਮੌਕੇ ਉਸ ਵੇਲੇ ਦੀ ਅਕਾਲੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨੁਮਾਇੰਦੇ ਸ਼ਾਮਲ ਹੋਏ ਸਨ। ਮਗਰੋਂ 2004 ਵਿਚ ਮਨਾਈਆਂ ਦੋ ਸ਼ਤਾਬਦੀਆਂ ਵੇਲੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮਨਮੋਹਨ ਸਿੰਘ ਸਰਕਾਰ ਦੇ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਮੰਚ ‘ਤੇ ਸ਼ਾਮਲ ਹੋਏ ਸਨ। ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਸਾਂਝੀ ਤਾਲਮੇਲ ਕਮੇਟੀ ਬਣਾਉਣ ਦੇ ਯਤਨਾਂ ਅਤੇ ਮੌਜੂਦਾ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਹੈ।
_____________________________
ਕੈਪਟਨ ਵੱਲੋਂ ਸ਼੍ਰੋਮਣੀ ਕਮੇਟੀ ‘ਤੇ ਵਾਅਦੇ ਤੋਂ ਭੱਜਣ ਦੇ ਦੋਸ਼
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ ‘ਤੇ ਮਨਾਉਣ ਤੋਂ ਭੱਜ ਰਹੀ ਹੈ। ਮੁੱਖ ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ‘ਤੇ ਮਨਾਇਆ ਜਾਵੇ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਇਸ ਮਾਮਲੇ ‘ਤੇ ਖੁੱਲ੍ਹੇ ਵਿਚਾਰ ਰੱਖਣ ਲਈ ਕਿਹਾ।
_____________________________
ਕੈਪਟਨ ਦੀ ਨੀਅਤ ਉਤੇ ਸ਼ੱਕ…
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਕਰਨ ਲਈ ਯਤਨ ਨਾ ਕਰਨ ਦਾ ਠੀਕਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਸਿਰ ਭੰਨਣ ਦਾ ਜਵਾਬ ਦਿੰਦਿਆਂ ਆਖਿਆ ਕਿ ਅਸਲ ਵਿਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕਰੀਬੀ ਇਸ ਇਤਿਹਾਸਕ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਪੀਲ ਕਰਨ, ਚਿੱਠੀਆਂ ਭੇਜਣ ਅਤੇ ਨਿੱਜੀ ਤੌਰ ‘ਤੇ ਮੁਲਾਕਾਤ ਕਰਨ ਦੇ ਬਾਵਜੂਦ ਕੈਪਟਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਮੈਂਬਰਾਂ ਦੇ ਨਾਂ ਨਹੀਂ ਭੇਜੇ ਅਤੇ ਚੁੱਪੀ ਧਾਰ ਰੱਖੀ।
_____________________________
ਪੰਜਾਬ ਸਰਕਾਰ ਦੀ ਮਨਸ਼ਾ ਖੋਟੀ: ਲੌਂਗੋਵਾਲ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਿਲ ਕੇ ਇਕ ਹੀ ਮੰਚ ‘ਤੇ ਮਨਾਉਣ ਲਈ 5 ਮੈਂਬਰੀ ਤਾਲਮੇਲ ਕਮੇਟੀ ਬਣਾਉਣ ਦੇ ਜਾਰੀ ਕੀਤੇ ਆਦੇਸ਼ਾਂ ਪ੍ਰਤੀ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਦਿੱਤੇ ਜਾਣ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਤਾਲਮੇਲ ਕਮੇਟੀ ਵੱਲੋਂ ਜਥੇਦਾਰ ਨੂੰ ਅਗਲੇ ਆਦੇਸ਼ ਲਈ ਪੱਤਰ ਲਿਖਿਆ ਗਿਆ ਹੈ। ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ ਮੁੱਖ ਦਫਤਰ ਵਿਖੇ ਹੋਈ, ਜਿਸ ‘ਚ ਸ਼੍ਰੋਮਣੀ ਕਮੇਟੀ ਤਰਫੋਂ ਸ਼ਾਮਲ ਕੀਤੇ ਗਏ ਤਿੰਨ ਮੈਂਬਰ ਤੋਤਾ ਸਿੰਘ ਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨੌਰੰਗ ਸਿੰਘ ਸ਼ਾਮਲ ਹੋਏ, ਪਰ ਪੰਜਾਬ ਸਰਕਾਰ ਨੇ ਆਪਣੇ 2 ਪ੍ਰਤੀਨਿਧ ਨਹੀਂ ਭੇਜੇ। ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਮਨਸ਼ਾ ਖੋਟੀ ਹੈ ਤੇ ਉਹ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਆਪਣੀ ਚੌਧਰ ਜਮਾਉਣਾ ਚਾਹੁੰਦੀ ਹੈ।