ਮੋਦੀ ਸਰਕਾਰ ਦੀ ਹੁਣ ਮਕਬੂਜ਼ਾ ਕਸ਼ਮੀਰ ‘ਤੇ ਅੱਖ

ਨਵੀਂ ਦਿੱਲੀ: ਜੰਮੂ ਕਸ਼ਮੀਰ ਵਿਚ ਧਾਰਾ 370 ਖਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਦੀ ਹੁਣ ਮਕਬੂਜ਼ਾ ਕਸ਼ਮੀਰ ‘ਤੇ ਅੱਖ ਹੈ। ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਨੂੰ ਪਾਕਿਸਤਾਨ ਦੇ ਕਬਜ਼ੇ ‘ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਜਨਰਲ ਰਾਵਤ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਦਫਤਰ ਵਿਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਇਕ ਬਿਆਨ ਵਿਚ ਸਾਫ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਮੁੜ ਆਪਣੇ ਕਬਜ਼ੇ ‘ਚ ਲੈ ਕੇ ਭਾਰਤ ਦਾ ਹਿੱਸਾ ਬਣਾਉਣਾ ਹੈ। ਥਲ ਸੈਨਾ ਮੁਖੀ ਨੇ ਕਿਹਾ ਕਿ ਕਿਸੇ ਵੀ ਕਾਰਵਾਈ ਦਾ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ। ਸਰਕਾਰ ਅਧੀਨ ਕੰਮ ਕਰਦੀਆਂ ਏਜੰਸੀਆਂ ਉਸ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਹੀ ਕੰਮ ਕਰਨਗੀਆਂ। ਥਲ ਸੈਨਾ ਕਿਸੇ ਵੀ ਕਾਰਵਾਈ ਲਈ ਹਮੇਸ਼ਾ ਤਿਆਰ ਰਹਿੰਦੀ ਹੈ।
ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਜਿਨ੍ਹਾਂ ਕੋਲ ਉੱਤਰ ਪੂਰਬ ਰਾਜ ਦੇ ਵਿਕਾਸ ਸਬੰਧੀ (ਡੀ.ਓ.ਐਨ.ਈ.ਆਰ.) ਸੁਤੰਤਰ ਚਾਰਜ ਵੀ ਹੈ, ਨੇ ਜੰਮੂ ਵਿਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਸੌ ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਇਕੱਲੀ ਮੇਰੀ ਜਾਂ ਮੇਰੀ ਪਾਰਟੀ ਦੀ ਵਚਨਬੱਧਤਾ ਨਹੀਂ ਹੈ, ਬਲਕਿ ਇਹ ਪੀ.ਵੀ.ਨਰਸਿਮ੍ਹਾ ਰਾਓ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ 1994 ਵਿਚ ਸਰਬਸੰਮਤੀ ਨਾਲ ਪਾਸ ਕਰਵਾਏ ਮਤੇ ਦਾ ਹਿੱਸਾ ਹੈ।
_______________________
ਕਸ਼ਮੀਰ ‘ਤੇ ਗੱਲਬਾਤ ਕਰਨ ਭਾਰਤ-ਪਾਕਿ: ਗੁਟੇਰੇਜ਼
ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਦੋਵੇਂ ਮੁਲਕ ਕਸ਼ਮੀਰ ਮੁੱਦੇ ਨੂੰ ਸੰਵਾਦ ਰਾਹੀਂ ਹੱਲ ਕਰਨ। ਯੂ.ਐਨ. ਮੁਖੀ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਦੋਵਾਂ ਮੁਲਕਾਂ ਦਰਮਿਆਨ ਵਧਦੀ ਤਲਖੀ ਤੋਂ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਯੂ.ਐਨ. ਮੁਖੀ ਦੋਵਾਂ ਮੁਲਕਾਂ ਦੇ ਆਗੂਆਂ ਦੇ ਸੰਪਰਕ ਵਿਚ ਹਨ। ਚੇਤੇ ਰਹੇ ਕਿ ਗੁਟੇਰੇਜ਼ ਨੇ ਫਰਾਂਸ ਦੇ ਸਾਹਿਲੀ ਸ਼ਹਿਰ ਬਿਆਰਿਜ਼ ਵਿਚ ਜੀ-7 ਸਿਖਰ ਵਾਰਤਾ ਤੋਂ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਵੱਖੋ-ਵੱਖਰੀਆਂ ਮੁਲਾਕਾਤਾਂ ਦੌਰਾਨ ਕਸ਼ਮੀਰ ਮੁੱਦੇ ‘ਤੇ ਗੱਲਬਾਤ ਕੀਤੀ ਸੀ।
_______________________
ਭਾਰਤ-ਪਾਕਿ ਚਾਹੁਣ ਤਾਂ ਮਦਦ ਕਰਾਂਗਾ: ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ ‘ਤੇ ਚੱਲ ਰਿਹਾ ਤਣਾਅ ਪਿਛਲੇ ਦੋ ਹਫਤਿਆਂ ਵਿਚ ਕੁਝ ਘਟਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਜੇ ਦੋਵੇਂ ਦੇਸ਼ ਚਾਹੁਣ ਤਾਂ ਉਹ ਦੋਵੇਂ ਦੱਖਣ-ਏਸ਼ਿਆਈ ਗੁਆਂਢੀ ਮੁਲਕਾਂ ਦੀ ਮਦਦ ਕਰਨ ਲਈ ਤਿਆਰ ਹਨ। ਟਰੰਪ ਨੇ ਵਾਈਟ ਹਾਊਸ ਵਿਚ ਕਿਹਾ, ‘ਜਿਵੇਂ ਤੁਹਾਨੂੰ ਪਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ ਨੂੰ ਲੈ ਕੇ ਤਣਾਅ ਹੈ। ਪਰ ਮੈਨੂੰ ਲੱਗਦਾ ਹੈ ਕਿ ਪਿਛਲੇ ਦੋ ਹਫਤਿਆਂ ਦੀ ਤੁਲਨਾ ਵਿਚ ਹੁਣ ਇਹ ਥੋੜ੍ਹਾ ਘੱਟ ਹੋਇਆ ਹੈ।’
_______________________
ਭਾਰਤ ਦੀ ਹਰ ਹਿਮਾਕਤ ਦਾ ਜਵਾਬ ਦੇਵਾਂਗੇ: ਇਮਰਾਨ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਦੀ ਹਰ ਹਿਮਾਕਤ ਦਾ ਪਾਕਿਸਤਾਨ ਵੱਲੋਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ ਇੱਟ ਸੁੱਟੇਗਾ, ਤਾਂ ਅਸੀਂ ਪੱਥਰ ਨਾਲ ਜਵਾਬ ਦੇਵਾਂਗੇ। ਮਕਬੂਜ਼ਾ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ਵਿਚ ਕਸ਼ਮੀਰ ਦੇ ਲੋਕਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਰੱਖੇ ਸਮਾਗਮ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿਚ ਕਸ਼ਮੀਰੀਆਂ ਨੂੰ ਨਿਰਾਸ਼ ਨਹੀਂ ਕਰਨਗੇ ਅਤੇ ਉਹ ਉਨ੍ਹਾਂ ਦੀ ਦੁਰਦਸ਼ਾ ਨੂੰ ਹਰ ਕੌਮਾਂਤਰੀ ਮੰਚ ‘ਤੇ ਬਿਆਨ ਕਰਨਗੇ।