ਮੁਹਾਲੀ: ਤਰਨ ਤਾਰਨ ਵਿਚ 26 ਸਾਲ ਪਹਿਲਾਂ ਪੰਜਾਬ ਪੁਲਿਸ ਵੱਲੋਂ ਇਕ ਪਰਿਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਮੁਕਾਉਣ ਦੇ ਬਹੁ-ਚਰਚਿਤ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿਚ ਹੋਈ। ਇਸ ਦੌਰਾਨ ਸੀ.ਬੀ.ਆਈ. ਨੇ ਤਿੰਨ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਦੇ ਦਿੱਤੀ।
ਬਚਾਅ ਪੱਖ ਦੇ ਅਹਿਮ ਗਵਾਹ ਅਤੇ ਗਰਮਖਿਆਲੀ ਆਗੂ ਕੰਵਰ ਸਿੰਘ ਧਾਮੀ ਨੇ ਸੀ.ਬੀ.ਆਈ. ਅਦਾਲਤ ਵਿਚ ਦਰਜ ਕਰਵਾਏ ਆਪਣੇ ਬਿਆਨਾਂ ਅਤੇ ਧਾਰਾ 319 ਅਧੀਨ ਵਕੀਲ ਪੁਸ਼ਪਿੰਦਰ ਸਿੰਘ ਰਾਹੀਂ ਅਰਜ਼ੀ ਦਾਇਰ ਕਰਕੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਮੁਲਜ਼ਮ ਬਣਾਉਣ ਦੀ ਗੁਹਾਰ ਲਗਾਈ ਸੀ। ਧਾਮੀ ਨੇ ਦਾਅਵਾ ਕੀਤਾ ਸੀ ਕਿ ਜਦੋਂ 1993 ਵਿਚ ਬਾਬਾ ਚਰਨ ਸਿੰਘ ਅਤੇ ਉਸ ਦੇ ਪਰਿਵਾਰ ਦੇ ਜੀਆਂ ਨੂੰ ਕਤਲ ਕੀਤਾ ਗਿਆ ਸੀ ਤਾਂ ਉਸ ਸਮੇਂ ਉਕਤ ਪੁਲਿਸ ਅਧਿਕਾਰੀ ਤਰਨ ਤਾਰਨ ਵਿਚ ਐਸ਼ਪੀ. (ਅਪਰੇਸ਼ਨ) ਦੇ ਅਹੁਦੇ ‘ਤੇ ਤਾਇਨਾਤ ਸੀ।
ਗਵਾਹ ਦਾ ਕਹਿਣਾ ਹੈ ਕਿ ਉਹ ਝੂਠੇ ਪੁਲਿਸ ਮੁਕਾਬਲੇ ਦਾ ਚਸ਼ਮਦੀਦ ਹੈ। ਇਸ ਸਬੰਧੀ ਅਦਾਲਤ ਨੇ ਸੀ.ਬੀ.ਆਈ. ਨੂੰ ਆਪਣਾ ਪੱਖ ਰੱਖਣ ਲਈ ਆਖਿਆ ਸੀ। ਸੀ.ਬੀ.ਆਈ. ਨੇ ਲਿਖਤੀ ਰੂਪ ਵਿਚ ਅਦਾਲਤ ਨੂੰ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਵਿਚ ਕਿਤੇ ਵੀ ਖੂਬੀ ਰਾਮ ਦੀ ਸ਼ੱਕੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਸੀ.ਬੀ.ਆਈ. ਵੱਲੋਂ ਆਪਣੀ ਚਾਰਜਸ਼ੀਟ ਵਿਚ ਖੂਬੀ ਰਾਮ ਨੂੰ ਨਾਮਜ਼ਦ ਕੀਤਾ ਗਿਆ ਹੈ। ਉਂਜ ਵੀ ਕਿਸੇ ਵੀ ਵਿਅਕਤੀ ਵੱਲੋਂ ਉਕਤ ਅਧਿਕਾਰੀ ਖਿਲਾਫ ਇਤਰਾਜ਼ ਨਹੀਂ ਕੀਤੇ ਗਏ ਸਨ। ਸੀ.ਬੀ.ਆਈ. ਨੇ ਦਾਅਵਾ ਕੀਤਾ ਕਿ ਮੁਲਜ਼ਮ ਪੁਲਿਸ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਅਤੇ ਸਮੁੱਚੇ ਮਾਮਲੇ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਹਾਈ ਕੋਰਟ ਦੇ ਹੁਕਮਾਂ ‘ਤੇ 30 ਮਈ 1997 ਨੂੰ ਤਰਨ ਤਾਰਨ ਦੇ ਸਾਬਕਾ ਐਸ਼ਐਸ਼ਪੀ. ਮਰਹੂਮ ਅਜੀਤ ਸਿੰਘ ਸੰਧੂ, ਤਤਕਾਲੀ ਐਸ਼ਪੀ. (ਅਪਰੇਸ਼ਨ) ਖੂਬੀ ਰਾਮ, ਡੀ.ਐਸ਼ਪੀ. ਗੁਰਮੀਤ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਸਮੇਤ ਕਰੀਬ 10 ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਸੁਰਜੀਤ ਕੌਰ ਪਤਨੀ ਬਾਬਾ ਚਰਨ ਸਿੰਘ ਵਾਸੀ ਪਿੰਡ ਪੰਡੋਰੀ (ਤਰਨ ਤਾਰਨ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਸੀ।
ਸੀ.ਬੀ.ਆਈ. ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਅਪਰੈਲ 1993 ਵਿਚ ਸੀ.ਆਈ.ਏ. ਸਟਾਫ ਤਰਨ ਤਾਰਨ ਦੇ ਮੁਖੀ ਸੂਬਾ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਾਬਾ ਚਰਨ ਸਿੰਘ ਨੂੰ ਉਦੋਂ ਅਗਵਾ ਕੀਤਾ ਗਿਆ ਜਦੋਂ ਉਹ ਤਤਕਾਲੀ ਐਸ਼ਐਸ਼ਪੀ. ਅਜੀਤ ਸਿੰਘ ਸੰਧੂ ਕੋਲ ਆਤਮ ਸਮਰਪਣ ਕਰਨ ਜਾ ਰਹੇ ਸਨ। ਬਾਅਦ ਵਿਚ ਐਸ਼ਐਸ਼ਪੀ. ਅਜੀਤ ਸਿੰਘ ਸੰਧੂ, ਡੀ.ਐਸ਼ਪੀ. ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਨੇ ਮਹੰਤ ਸੇਵਾਦਾਸ ਸਿੰਘ, ਜਗਬੀਰ ਸਿੰਘ ਦੀ ਮੌਜੂਦਗੀ ਵਿਚ ਬਾਬਾ ਚਰਨ ਸਿੰਘ ਤੋਂ ਪੁੱਛਗਿੱਛ ਕੀਤੀ ਸੀ। ਜਾਂਚ ਵਿਚ ਪਤਾ ਲੱਗਾ ਕਿ ਬਾਬਾ ਚਰਨ ਸਿੰਘ ਨੂੰ ਡੀ.ਐਸ਼ਪੀ. ਕਸ਼ਮੀਰ ਸਿੰਘ ਗਿੱਲ ਜੁਲਾਈ 1993 ਵਿਚ ਬੜੌਦਾ ਲੈ ਗਿਆ ਅਤੇ ਬਾਬੇ ਦੇ ਖਾਤੇ ‘ਚੋਂ 4.17 ਲੱਖ ਰੁਪਏ ਕਢਵਾਏ ਗਏ। 1993 ਵਿਚ ਬਾਬਾ ਚਰਨ ਸਿੰਘ ਸਮੇਤ ਉਸ ਦੇ ਤਿੰਨ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਸਾਲੇ ਗੁਰਮੀਤ ਸਿੰਘ, ਉਸ ਦੇ ਬੇਟੇ ਬਲਵਿੰਦਰ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ।