ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਫਗਵਾੜਾ (ਐਸ਼ਸੀ.), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ‘ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ ਪੰਜਾਬ ਡਾ. ਐਸ਼ ਕਰੁਣਾ ਰਾਜੂ ਨੇ ਦੱਸਿਆ ਕਿ ਇਨ੍ਹਾਂ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਸਤੰਬਰ ਨਿਰਧਾਰਿਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਕਾਗਜਾਂ ਦੀ ਪੜਤਾਲ 1 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਕਾਗਜ ਵਾਪਸ ਲੈਣ ਦੀ ਆਖਰੀ ਤਰੀਕ 3 ਅਕਤੂਬਰ ਮਿਥੀ ਗਈ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਤੇ ਨਤੀਜੇ ਦਾ ਐਲਾਨ 24 ਅਕਤੂਬਰ ਨੂੰ ਕੀਤਾ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਖੇਤਰਾਂ ‘ਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਚੋਣਾਂ ‘ਚ ਚੋਣ ਲੜ ਰਿਹਾ ਉਮੀਦਵਾਰ ਵੱਧ ਤੋਂ ਵੱਧ 28 ਲੱਖ ਰੁਪਏ ਚੋਣ ਪ੍ਰਚਾਰ ‘ਤੇ ਖਰਚ ਸਕਦਾ ਹੈ। ਇਸ ਤੋਂ ਇਲਾਵਾ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਜ਼ਾਬਤੇ ਸਬੰਧੀ ਮੁੱਖ ਚੋਣ ਅਫਸਰ ਵੱਲੋਂ ਹੁਕਮ ਦੇ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਜਲਾਲਾਬਾਦ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਿਰੋਜ਼ਪੁਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਤੋਂ ਖਾਲੀ ਹੈ ਜਦਕਿ ਫਗਵਾੜਾ ਸੀਟ ਵੀ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਖਾਲੀ ਪਈ ਸੀ। ਮੁਕੇਰੀਆਂ ਤੋਂ ਵਿਧਾਇਕ ਅਤੇ ਕਾਂਗਰਸੀ ਨੇਤਾ ਰਜਨੀਸ਼ ਕੁਮਾਰ ਬੱਬੀ ਦੀ ਮੌਤ ਤੋਂ ਬਾਅਦ ਇੱਥੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ ਜਦਕਿ ਦਾਖਾ ਤੋਂ ‘ਆਪ’ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਈ ਚੋਣ ਸਹਿਮਤੀ ਮੁਤਾਬਿਕ ਭਾਜਪਾ ਫਗਵਾੜਾ ਅਤੇ ਮੁਕੇਰੀਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਦਕਿ ਸ਼੍ਰੋਮਣੀ ਅਕਾਲੀ ਦਲ ਜਲਾਲਾਬਾਦ ਅਤੇ ਦਾਖਾ ਤੋਂ ਆਪਣੇ ਉਮੀਦਵਾਰ ਉਤਾਰੇਗਾ।
_____________________________
ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ: ਕੈਪਟਨ
ਲੁਧਿਆਣਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਚੋਣ ਲੜਨ ਲਈ ਤਿਆਰ ਬਰ ਤਿਆਰ ਹੈ ਤੇ ਪਾਰਟੀ ਵੱਲੋਂ ਚੋਣ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ‘ਚ ਉਤਾਰਿਆ ਜਾਵੇਗਾ ਜਿਸ ਦਾ ਐਲਾਨ ਢੁਕਵੇਂ ਸਮੇਂ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ‘ਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹਰ ਉਪਰਾਲਾ ਕੀਤਾ ਗਿਆ ਹੈ, ਜਿਸ ਕਾਰਨ ਹਲਕਾ ਦਾਖਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ ਦੇ ਵੋਟਰ ਕਾਂਗਰਸ ਦੇ ਹੱਕ ‘ਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
_____________________________
ਜ਼ਿਮਨੀ ਚੋਣਾਂ ‘ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਚੋਣ ਕਮਿਸ਼ਨ ਨੂੰ ਪੰਜਾਬ ਵਿਚ ਨਿਰਪੱਖ ਅਤੇ ਆਜ਼ਾਦ ਚੋਣਾਂ ਯਕੀਨੀ ਬਣਾਏ ਜਾਣ ਦੀ ਅਪੀਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਜ਼ਲਾਲਤ ਤੋਂ ਬਚਣ ਲਈ ਸੂਬੇ ਦੀ ਸੱਤਾਧਿਰ ਜ਼ਿਮਨੀ ਚੋਣਾਂ ਵਿਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਸਰਕਾਰੀ ਕੰਮਾਂ ਦਾ ਮਾੜਾ ਹਾਲ ਹੈ ਅਤੇ ਲੋਕ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਸ੍ਰੀ ਬਾਦਲ ਨੇ ਦਾਅਵਾ ਕੀਤਾ ਕਿ ਕਾਂਗਰਸ ਹਾਰ ਵੱਲ ਵਧ ਰਹੀ ਹੈ ਅਤੇ ਉਸ ਵੱਲੋਂ ਆਪਣੇ ਪੂਰਨ ਸਫਾਏ ਤੋਂ ਬਚਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾਵੇਗੀ।