ਪ੍ਰਕਾਸ਼ ਪੁਰਬ ਸਮਾਗਮ: ਅਕਾਲੀਆਂ ਦੀਆਂ ਸਰਗਰਮੀਆਂ ਤੋਂ ਕੈਪਟਨ ਸਰਕਾਰ ਔਖੀ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਲੈ ਕੇ ਟਕਰਾਅ ਦਾ ਮਾਹੌਲ ਬਣਦਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰਨ ਲਈ ਜ਼ੋਰ ਪਾਉਣ ਦੇ ਨਾਲ-ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਦਿਲਚਸਪੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ।

ਸ੍ਰੀਮਤੀ ਬਾਦਲ ਦੀਆਂ ਗਤੀਵਿਧੀਆਂ ਕਾਰਨ ਸਰਕਾਰ ਹਰਕਤ ਵਿਚ ਆ ਗਈ ਹੈ। ਦਰਅਸਲ, ਸੂਬੇ ਵਿਚ ਕਾਂਗਰਸ ਸਰਕਾਰ ਹੋਣ ਕਾਰਨ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੁੱਕਰੇ ਲੱਗਿਆ ਮਹਿਸੂਸ ਕਰ ਰਿਹਾ ਹੈ। ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਨੂੰ ਸਫੈਦ ਰੰਗ ‘ਚ ਰੰਗਣ ਦੀ ਸੇਵਾ ਸ਼ੁਰੂ ਕੀਤੀ ਹੈ। ਪੰਜਾਬ ਦੀ ਸੱਤਾ ਵਿਚੋਂ ਲਾਂਭੇ ਹੋਣ ਅਤੇ ਬੇਅਦਬੀ ਕਾਂਡ ਦੇ ਦੋਸ਼ਾਂ ‘ਚ ਘਿਰਨ ਮਗਰੋਂ ਅਕਾਲੀ ਦਲ ਸਿਆਸੀ ਤੌਰ ਉਤੇ ਸੰਕਟ ਵਿਚ ਹੀ ਘਿਰਿਆ ਦਿਖਾਈ ਦੇ ਰਿਹਾ ਹੈ। ਧਾਰਮਿਕ ਸਮਾਗਮਾਂ ਦੀਆਂ ਗਤੀਵਿਧੀਆਂ ਦੌਰਾਨ ਅਕਾਲੀ ਦਲ ਨੇ ਇਕ ਤਰ੍ਹਾਂ ਨਾਲ ਸੰਕਟ ਟਾਲਣ ਦਾ ਮੌਕਾ ਲੱਭਿਆ ਹੈ।
ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਨੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਡਿਵੀਜ਼ਨ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਜ਼ੁਬਾਨੀ ਤੌਰ ‘ਤੇ ਰਿਪੋਰਟ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਜਲੰਧਰ ‘ਚ ਤਾਇਨਾਤ ਇਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ਉਤੇ ਹਰਸਿਮਰਤ ਬਾਦਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ‘ਚ ਲਿਆ ਦਿੱਤਾ ਗਿਆ ਹੈ। ਮੁੱਖ ਸਕੱਤਰ ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕੋਈ ਹਦਾਇਤ ਨਹੀਂ ਦਿੱਤੀ ਗਈ ਕਿ ਪ੍ਰਕਾਸ਼ ਪੁਰਬ ਸਬੰਧੀ ਹਰਸਿਮਰਤ ਕੌਰ ਬਾਦਲ ਨੂੰ ਕੋਈ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਲਈ ਰਾਜ ਸਰਕਾਰ ਕੇਂਦਰ ਦੇ ਅਜਿਹੇ ਵਿਭਾਗ ਨਾਲ ਹੀ ਤਾਲਮੇਲ ਕਰ ਸਕਦੀ ਹੈ ਜਿਸ ਵਿਭਾਗ ਦੀ ਜ਼ਿੰਮੇਵਾਰੀ ਅਧਿਕਾਰਤ ਤੌਰ ਉਤੇ ਕੇਂਦਰ ਸਰਕਾਰ ਨੇ ਲਾਈ ਹੋਵੇ। ਮਹੱਤਵਪੂਰਨ ਤੱਥ ਇਹ ਹੈ ਕਿ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੰਮ-ਕਾਰ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੀ ਕੋਈ ਵੱਡੀ ਭੂਮਿਕਾ ਦਿਖਾਈ ਨਹੀਂ ਦੇ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ‘ਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਕੁਝ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸੀਨੀਅਰ ਆਗੂਆਂ ਵੱਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ ਕਿ ਸਿੱਖਾਂ ਦੇ ਧਾਰਮਿਕ ਸਮਾਗਮਾਂ ਦੀ ਅਗਵਾਈ ਹਮੇਸ਼ਾ ਸ਼੍ਰੋਮਣੀ ਕਮੇਟੀ ਕਰਦੀ ਆਈ ਹੈ। ਇਸ ਲਈ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅਗਵਾਈ ਵੀ ਸ਼੍ਰੋਮਣੀ ਕਮੇਟੀ ਨੂੰ ਹੀ ਕਰਨੀ ਚਾਹੀਦੀ ਹੈ। ਅਕਾਲੀਆਂ ਵੱਲੋਂ ਇਹ ਵੀ ਦਲੀਲ ਦਿੱਤੀ ਜਾ ਰਹੀ ਹੈ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ਉਤੇ ਮਨਾਉਣ ਲਈ ਕਿਹਾ ਹੈ। ਇਸ ਲਈ ਜੇਕਰ ਕਾਂਗਰਸ ਸਰਕਾਰ ਵੱਖਰੇ ਤੌਰ ‘ਤੇ ਸਮਾਗਮ ਕਰਦੀ ਹੈ ਤਾਂ ਅਕਾਲ ਤਖਤ ਦੇ ਜਥੇਦਾਰ ਦੇ ਹੁਕਮਾਂ ਦੀ ਅਵੱਗਿਆ ਹੋਵੇਗੀ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸ਼੍ਰੋਮਣੀ ਕਮੇਟੀ ਨੂੰ ਹੀ ਸਮਾਗਮ ਦੀ ਅਗਵਾਈ ਕਰਨੀ ਚਾਹੀਦੀ ਹੈ ਪਰ ਜਦੋਂ ਸਮਾਗਮ ਬਾਹਰ ਹੋਵੇ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
_______________________________
ਪ੍ਰਕਾਸ਼ ਪੁਰਬ ਸਮਾਗਮ ਤੋਂ ਦੂਰ ਰੱਖੇ ਜਾਣ ਬੇਅਦਬੀ ਦੇ ਕਸੂਰਵਾਰ: ਮੰਡ
ਬਠਿੰਡਾ: ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਜਾਣ ਵਾਲੀ ਸਾਂਝੀ ਸਟੇਜ ‘ਤੇ ਬੇਅਦਬੀ ਕਾਂਡ ਅਤੇ ਸ੍ਰੀ ਦਰਬਾਰ ਸਾਹਿਬ ਉੱਪਰ 1984 ਵਿਚ ਹੋਏ ਹਮਲੇ ਦੇ ਦੋਸ਼ੀਆਂ ਨੂੰ ਨਾ ਬੈਠਣ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਗੰਭੀਰ ਮਸਲੇ ‘ਤੇ ਜਵਾਬ ਦੇਣ ਲਈ ਇਕ ਹਫਤੇ ਦਾ ਸਮਾਂ ਦਿੱਤਾ ਅਤੇ ਉਸ ਮਗਰੋਂ ਖਾਲਸਾ ਪੰਥ ਦੀ ਰਾਇ ਨਾਲ ਵੱਖਰਾ ਫੈਸਲਾ ਲੈਣ ਦਾ ਐਲਾਨ ਵੀ ਕੀਤਾ। ਭਾਈ ਮੰਡ ਨੇ ਦਾਅਵਾ ਕੀਤਾ ਕਿ ਉਹ ਸਮਾਗਮਾਂ ਦੌਰਾਨ ਸਮੂਹ ਸਿੱਖਾਂ ਦੇ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਉੱਪਰ ਖੁਸ਼ ਹਨ ਪਰ ਕਸੂਰਵਾਰਾਂ ਨੂੰ ਸਟੇਜ ‘ਤੇ ਬਿਠਾਉਣ ਜਾਂ ਬੋਲਣ ਨਾ ਦੇਣ ਦਾ ਫੈਸਲਾ ਕਰਕੇ ਸ਼੍ਰੋਮਣੀ ਕਮੇਟੀ ਇਸ ਵਿਚ ਹੋਰ ਵੱਡਾ ਯੋਗਦਾਨ ਪਾ ਸਕਦੀ ਹੈ। ਭਾਈ ਮੰਡ ਨੇ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੱਖੀ ਗਈ ਡਾਲਰਾਂ ਵਾਲੀ ਫੀਸ ਰੱਦ ਕਰਨ ਦੀ ਮੰਗ ਕੀਤੀ।