ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ ਨੇਪਾਲ ਸਰਕਾਰ ਵੱਲੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ ਹਨ।
ਨੇਪਾਲ ਵਿਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤ ਤੋਂ ਸਿੱਖ ਵਫਦ ਨੇ ਸ਼ਮੂਲੀਅਤ ਕੀਤੀ। ਇਸ ਵਫਦ ਵਿਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਸ਼ਾਮਲ ਸਨ।
ਰਾਜਧਾਨੀ ਕਾਠਮੰਡੂ ਵਿਚ ਭਾਰਤੀ ਸਫਾਰਤਖਾਨੇ ਵੱਲੋਂ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਨੇਪਾਲ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ। ਇਹ ਸਿੱਕੇ 2500, 1000 ਅਤੇ 100 ਰੁਪਏ ਦੇ ਹਨ। ਇਸ ਤੋਂ ਇਲਾਵਾ ਸਫਾਰਤਖਾਨੇ ਵਲੋਂ ਨੇਪਾਲ ਦੀ ਸਿੱਖ ਵਿਰਾਸਤ ਨੂੰ ਰੂਪਮਾਨ ਕਰਦੀ ਪੁਸਤਕ ਵੀ ਲੋਕ ਅਰਪਣ ਕੀਤੀ ਗਈ ਹੈ। ਸਮਾਗਮ ਵਿਚ ਨੇਪਾਲ ਦੀ ਕੌਮੀ ਬੈਂਕ ਦੇ ਗਵਰਨਰ ਚਿਰੰਜੀ ਬੀæ ਨੇਪਾਲ ਅਤੇ ਭਾਰਤੀ ਸਫੀਰ ਮਨਜੀਵ ਸਿੰਘ ਪੁਰੀ ਸ਼ਾਮਲ ਹੋਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਸਿੱਖ ਵਫਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਕੇæਪੀæ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਹ ਮੁਲਾਕਾਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਕੀਤੀ ਗਈ। ਮੁਲਾਕਾਤ ਦੌਰਾਨ ਨੇਪਾਲ ਵਿਚ ਵਸਦੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਵੀ ਚਰਚਾ ਹੋਈ। ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਨੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਦਿਆਂ ਸਮਾਗਮ ਵਿਚ ਪੁੱਜਣ ਦਾ ਭਰੋਸਾ ਦਿੱਤਾ।
_____________________
ਦੁਕਾਨਦਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦੁਕਾਨਦਾਰ ਵੱਲੋਂ ਨਿੱਜੀ ਤੌਰ ‘ਤੇ ਸੁਨਹਿਰੀ ਅਤੇ ਚਾਂਦੀ ਰੰਗੇ ਯਾਦਗਾਰੀ ਸਿੱਕੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਨਾਂ ਨੇ ਸੰਗਤ ਲਈ ਜਾਰੀ ਕੀਤਾ ਹੈ। ਇਹ ਸਿੱਕੇ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਵੱਲੋਂ ਤਿਆਰ ਕੀਤੇ ਗਏ ਹਨ। ਇਨ੍ਹਾਂ ਦੀ ਦੁਕਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਹੈ। ਇਨ੍ਹਾਂ ਸਿੱਕਿਆਂ ਦੇ ਇਕ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਦੂਜੇ ਪਾਸੇ ਗੁਰਦੁਆਰਾ ਨਾਨਕ ਝੀਰਾ ਦੇ ਗੁਰਦੁਆਰੇ ਦੀ ਤਸਵੀਰ ਉਕਰੀ ਹੋਈ ਹੈ। ਇਨ੍ਹਾਂ ਦੋਵਾਂ ਸਿੱਕਿਆਂ ਦੇ ਸੈੱਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।