ਡਾ. ਮਨਮੋਹਨ ਸਿੰਘ ਵੱਲੋਂ ਪਹਿਲੇ ਜਥੇ ‘ਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ।

ਵੱਖੋ-ਵੱਖਰੀਆਂ ਮਿਲਣੀਆਂ ਵਿਚ ਮੁੱਖ ਮੰਤਰੀ ਨੇ ਦੋਵਾਂ ਸ਼ਖਸੀਅਤਾਂ ਨੂੰ ਸੱਦਾ ਪੱਤਰ ਸੌਂਪਦਿਆਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਦੌਰਾਨ ਹੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਰਤਾਰਪੁਰ ਜਾਣ ਵਾਲੇ ਪਹਿਲੇ ਜਥੇ ਵਿਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਇਸ ਦੌਰਾਨ ਹੀ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਅਸਬੰਧੀ ਸਮਾਗਮ ਲਈ ਪਾਕਿਸਤਾਨ ਨਹੀਂ ਜਾਣਗੇ। ਉਹ ਉਦੋਂ ਤੱਕ ਪਾਕਿਸਤਾਨ ਨਹੀਂ ਜਾਣਗੇ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰਲੇ ਅਤਿਵਾਦ ਨੂੰ ਨਹੀਂ ਰੋਕਦਾ। ਮਨਮੋਹਨ ਸਿੰਘ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਹੋਣ ਵਾਲੇ ਸਮਾਰੋਹ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦਾ ਸੱਦਾ ਪ੍ਰਵਾਨ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਨ੍ਹਾਂ (ਮਨਮੋਹਨ ਸਿੰਘ) ਦੀ ਕੋਈ ਇਸ ਤਰ੍ਹਾਂ ਦੀ ਯੋਜਨਾ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਸ਼ਾਮਲ ਹੋਣ ਦੇ ਸੱਦਾ ਪੱਤਰ ਸਵੀਕਾਰ ਕਰ ਲਏ ਹਨ ਅਤੇ ਉਨ੍ਹਾਂ ਦੇ ਦੌਰੇ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਪਾਕਿਸਤਾਨ ਵਾਲੇ ਪਾਸਿਉਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਪ੍ਰੋਗਰਾਮ ਨੂੰ ਤੈਅ ਕਰਨ ਤੋਂ ਬਾਅਦ ਦਿੱਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਸਮਾਗਮਾਂ ਦੀ ਰੂਪ ਰੇਖਾ ਵੀ ਵੇਰਵੇ ਸਹਿਤ ਸਾਂਝੀ ਕੀਤੀ ਗਈ ਅਤੇ ਅਪੀਲ ਕੀਤੀ ਕਿ ਉਹ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ ‘ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਸਮਾਗਮ ਅਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿਚ ਜ਼ਰੂਰ ਸ਼ਾਮਲ ਹੋਣ। ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜਥੇ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਇਹ ਜਥਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 9 ਨਵੰਬਰ ਨੂੰ ਜਾਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲਈ ਹੈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬੇਨਤੀ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਹੁਣ ਪਾਕਿਸਤਾਨ) ਜਾਣ ਵਾਲੇ ਵਿਸ਼ੇਸ਼ ਸਰਵ ਪਾਰਟੀ ਜਥੇ ਨੂੰ ਰਾਜਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ ‘ਤੇ ਦਖਲ ਦੇਣ। ਉਨ੍ਹਾਂ ਬੇਨਤੀ ਕੀਤੀ ਕਿ 30 ਅਕਤੂਬਰ ਤੋਂ 3 ਨਵੰਬਰ 2019 ਤੱਕ 21 ਵਿਅਕਤੀਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਅੰਮ੍ਰਿਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ। ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ। ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ.ਐਸ਼ ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ
_________________________________________
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਲਾਜ਼ਮੀ
ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਵੇਂ ਕਿ ਵੀਜ਼ੇ ਦੀ ਲੋੜ ਨਹੀਂ ਹੈ ਪਰ ਦਰਸ਼ਨਾਂ ਲਈ ਜਾਣ ਵਾਸਤੇ ਇਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਮਿਲੀ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਪਾਸਪੋਰਟ ਦੀ ਥਾਂ ਹੋਰ ਕੋਈ ਸਰਕਾਰੀ ਦਸਤਾਵੇਜ਼ ਜਿਵੇਂ ਕਿ ਆਧਾਰ ਆਦਿ ਨੂੰ ਵਰਤਣ ਦੀ ਆਗਿਆ ਦੇਣ।
_______________________________________
ਤੈਅ ਪ੍ਰੋਗਰਾਮ ਮੁਤਾਬਕ ਰਵਾਨਾ ਹੋਵੇਗਾ ਨਗਰ ਕੀਰਤਨ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੁੜ ਦੁਹਰਾਇਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲਾ ਕੌਮਾਂਤਰੀ ਨਗਰ ਕੀਰਤਨ ਆਪਣੇ ਤੈਅ ਪ੍ਰੋਗਰਾਮ ਮੁਤਾਬਕ 13 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਵਾਨਾ ਹੋਵੇਗਾ। ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਨਵੀਂ ਦਿੱਲੀ ਸਥਿਤ ਪਾਕਿ ਸਫਾਰਤਖਾਨੇ ਰਾਹੀਂ ਭਰੋਸਾ ਦਿਵਾਇਆ ਹੈ ਕਿ ਉਹ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਨਗਰ ਕੀਰਤਨ ਸਜਾਉਣ ਅਤੇ ਸ਼ਰਧਾਲੂਆਂ ਲਈ ਵੀਜ਼ੇ ਦਾ ਮੁੱਦਾ ਪਹਿਲਾਂ ਹੀ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਸੀ।