ਬਟਾਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਟਾਲਾ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੁਝ ਅਹਿਮ ਫੈਸਲੇ ਲਏ ਗਏ। ਵਜ਼ਾਰਤ ਨੇ ਸੂਬੇ ਦੇ ਚਾਰ ਹੋਰ ਵਿਭਾਗਾਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਮਹਿਲਾ ਭਲਾਈ, ਟਰਾਂਸਪੋਰਟ, ਉਦਯੋਗ ਤੇ ਵਪਾਰ ਅਤੇ ਸਹਿਕਾਰਤਾ ਵਿਭਾਗ ਲਈ ਟਿਕਾਊ ਵਿਕਾਸ ਟੀਚੇ ਨਿਰਧਾਰਤ ਕਰਨ ਲਈ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਰੂਪ ਵਿਚ ਮਨਾਉਣ ਲਈ ਹੋ ਰਹੇ ਉਪਰਾਲਿਆਂ ਤਹਿਤ ਪਟਿਆਲਾ ਵਿਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਵੀ ਪ੍ਰਵਾਨ ਕਰ ਲਿਆ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਇਸ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਡਿਗਰੀ, ਡਿਪਲੋਮਾ ਤੇ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ। ਪੰਜਾਬ ਮੰਤਰੀ ਮੰਡਲ ਨੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਫੈਸਲਾ ਕੀਤਾ ਹੈ। ਕੈਬਨਿਟ ਨੇ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਹੋਰ ਫੈਸਲੇ ਵਿਚ ਸੈਰ ਸਪਾਟੇ ਲਈ ਬੁਨਿਆਦੀ ਢਾਂਚਾ ਨਿਵੇਸ਼ ਪ੍ਰੋਗਰਾਮ ਅਧੀਨ ਭਾਗ-1 ਵਿਚ ਲਏ ਗਏ ਉਪ ਪ੍ਰੋਜੈਕਟਾਂ ਦੀ ਲਾਗਤ ਵਿਚ ਭਿੰਨਤਾ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਦੱਸਿਆ ਕਿ ਇਹ ਫੈਸਲਾ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਵਾਲੇ ਆਈ.ਡੀ.ਆਈ.ਪੀ.ਟੀ. ਦੇ ਉਪ ਪ੍ਰੋਜੈਕਟਾਂ ਨੂੰ ਅਮਲ ਵਿਚ ਲਿਆਉਣ ਲਈ ਸੋਧੀ ਹੋਈ ਤਜਵੀਜ਼ ਮੁਤਾਬਕ ਲਿਆ ਗਿਆ ਹੈ।
ਇਕ ਹੋਰ ਫੈਸਲੇ ਵਿਚ ਵੱਖ-ਵੱਖ ਉਦਯੋਗਿਕ ਨੀਤੀਆਂ ਅਧੀਨ ਪ੍ਰਵਾਨ ਕੀਤੇ ਪੂੰਜੀ ਉਪਦਾਨ ਲਈ ਸੂਬੇ ਦੀ ਦੇਣਦਾਰੀ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਸਾਲ 1978, 1987, 1989, 1992, 1996 ਅਤੇ 2003 ਦੀਆਂ ਉਦਯੋਗਿਕ ਨੀਤੀਆਂ ਅਧੀਨ ਸੂਬੇ ਵਿੱਚ ਬੰਦ ਪਏ ਸਨਅਤੀ ਯੂਨਿਟਾਂ ਨੂੰ ਪ੍ਰਵਾਨ ਕੀਤੀਆਂ ਪੂੰਜੀ ਸਬਸਿਡੀਆਂ/ ਨਿਵੇਸ਼ ਰਿਆਇਤਾਂ ਮੁਹੱਈਆ ਕਰਵਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਚ ਡਰਾਈਵਰਾਂ ਦੀਆਂ ਦੋ ਅਸਾਮੀਆਂ ਮੁੜ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸਾਲ 2017-18 ਦੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਇਕ ਆਰਡੀਨੈਂਸ ਲਿਆ ਕੇ ‘ਦਿ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਜ਼ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਰੈਗੂਲੇਸ਼ਨ ਆਫ ਐਡਮਿਸ਼ਨ, ਫਿਕਸੇਸ਼ਨ ਆਫ ਫੀਸ ਐਂਡ ਮੇਕਿੰਗ ਆਫ ਰਿਜ਼ਰਵੇਸ਼ਨ) ਐਕਟ-2006′ ਵਿਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ ਹੈ।
_____________________________
ਸੁਲਤਾਨਪੁਰ ਲੋਧੀ ਦਾ ਨਾਮ ‘ਸੁਲਤਾਨਪੁਰ ਲੋਧੀ ਸਾਹਿਬ’ ਕਰਨ ਦੀ ਮੰਗ
ਤਲਵੰਡੀ ਸਾਬੋ: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦਾ ਨਾਂ ‘ਸੁਲਤਾਨਪੁਰ ਲੋਧੀ ਸਾਹਿਬ’ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਜਾਣ ਉਤੇ ਖੁਸ਼ੀ ਪ੍ਰਗਟਾਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਨ। ਸੁਲਤਾਨਪੁਰ ਲੋਧੀ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਵੱਡਾ ਅਸਥਾਨ ਹੈ ਤੇ ਉਥੇ ਹੀ ਸ਼ਤਾਬਦੀ ਨੂੰ ਸਮਰਪਿਤ ਸਾਰੇ ਵੱਡੇ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸੁਲਤਾਨਪੁਰ ਲੋਧੀ ਦਾ ਨਾਂ ਸੁਲਤਾਨਪੁਰ ਲੋਧੀ ਸਾਹਿਬ ਰੱਖਿਆ ਜਾਵੇ। ਉਨ੍ਹਾਂ ਕਿਹਾ ਸੁਲਤਾਨਪੁਰ ਲੋਧੀ ਗੁਰੂ ਨਾਨਕ ਦੇਵ ਦੀ ਭੂਮੀ ਹੈ ਅਤੇ ਗੁਰੂ ਜੀ ਇਥੇ ਲੰਬਾ ਸਮਾਂ ਰਹੇ ਹਨ। ਇਸ ਕਰਕੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਤਿਕਾਰ ਨਾਲ ਬੁਲਾਉਣਾ ਸਾਡਾ ਫਰਜ਼ ਹੈ।
_____________________________
ਪ੍ਰਕਾਸ਼ ਪੁਰਬ: ਮੁੱਖ ਮੰਤਰੀ ਕਰਨਗੇ 550 ਸ਼ਖਸੀਅਤਾਂ ਦਾ ਸਨਮਾਨ
ਕਪੂਰਥਲਾ: ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 550 ਸਿੱਖ ਤੇ ਨਾਨਕ ਨਾਮ ਲੇਵਾ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 10 ਨਵੰਬਰ ਨੂੰ ਇਹ ਸਮਾਗਮ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਫਲਸਫੇ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਏਗਾ।
ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਸਮਾਗਮ ਸਬੰਧੀ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਸਮਾਗਮ ਦੌਰਾਨ ਉਨ੍ਹਾਂ 550 ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਨੇ ਆਪਣੇ-ਆਪਣੇ ਖੇਤਰ ਵਿਚ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵਿਸ਼ੇਸ਼ ਸਮਾਗਮ ਵਿਚ ਸ਼ਿਰਕਤ ਕਰਨ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਰੁਜ਼ਗਾਰ ਜੈਨਰੇਸ਼ਨ ਰਾਹੁਲ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ਼ ਖਰਬੰਦਾ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮਾਗਮ ਦੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਗਿਆ।
_____________________________
ਪਾਕਿ ਸਰਕਾਰ ਸ਼ਰਧਾਲੂਆਂ ਦੀ ਸ਼ਰਧਾ ਨੂੰ ਵਪਾਰ ਨਾ ਬਣਾਏ: ਬਡੂੰਗਰ
ਪਟਿਆਲਾ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਆਉਣ-ਜਾਣ ਸਬੰਧੀ ਭਾਰਤ-ਪਾਕਿ ਸਰਕਾਰਾਂ ਦਰਮਿਆਨ ਹੋਏ ਸਮਝੌਤੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਬੜੇ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਸੀ। ਸ੍ਰੀ ਬਡੂੰਗਰ ਨੇ ਕਿਹਾ ਕਿ ਸ਼ਰਧਾਲੂਆਂ ਤੋਂ 20 ਡਾਲਰ ਸਰਵਿਸ ਫੀਸ ਵਸੂਲ ਕੇ ਪਾਕਿਸਤਾਨ ਸਰਕਾਰ ਸ਼ਰਧਾਲੂਆਂ ਦੀ ਸ਼ਰਧਾ ਨੂੰ ਵਪਾਰ ਨਾ ਬਣਾਏ। ਉਨ੍ਹਾਂ ਕਿਹਾ ਕਿ 1947 ਤੋਂ ਸਿੱਖ ਨਾਮਲੇਵਾ ਸੰਗਤਾਂ ਵੱਲੋਂ ਆਪਣੇ ਵਿੱਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਲੱਖਾਂ ਅਰਦਾਸਾਂ ਕੀਤੀਆਂ ਗਈਆਂ ਹਨ ਜਿਸ ਦੀ ਬਦੌਲਤ ਹੀ ਵਿੱਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨੇ ਮੁਨਾਸਿਬ ਹੋਏ ਹਨ।