ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਵੱਲ ਪਾਏ ਚਾਲੇ

ਚੰਡੀਗੜ੍ਹ: 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਿੱਖ ਸੰਗਤ ਨੇ ਪਾਕਿਸਤਾਨ ਵੱਲ ਵਹੀਰਾਂ ਘੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਲਗਭਗ 1300 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ ਹੈ। ਇਸ ਤੋਂ ਪਹਿਲਾਂ ਦਿੱਲੀ ਤੋਂ ਸਜਾਇਆ ਗਿਆ ਨਗਰ ਕੀਰਤਨ ਪਾਕਿਸਤਾਨ ਪਹੁੰਚਿਆ। ਨਗਰ ਕੀਰਤਨ ਦਾ ਇਥੇ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਪੰਜਾਬ ਸੂਬੇ ਵਿਚ ਪੈਂਦੇ ਇਸ ਗੁਰਦੁਆਰੇ ਨੂੰ ਵਿਸ਼ੇਸ਼ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਨਗਰ ਕੀਰਤਨ ਨਾਲ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੇ ਗੁਰਦੁਆਰੇ ‘ਚ ਇਲਾਹੀ ਬਾਣੀ ਸਰਵਣ ਕਰਨ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ‘ਚ ਸ਼ਮੂਲੀਅਤ ਕੀਤੀ।

ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਉਪ ਸਕੱਤਰ ਇਮਰਾਨ ਗੌਂਡਲ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ, ਗੁਰਦੁਆਰਾ ਸੱਦਾ ਸੌਦਾ ਫਰੂਕਾਬਾਦ ਅਤੇ ਹੋਰ ਗੁਰਧਾਮਾਂ ਵਿਚ ਵੀ ਜਾਵੇਗਾ ਅਤੇ ਇਹ ਕਰਤਾਰਪੁਰ ‘ਚ ਗੁਰਦੁਆਰਾ ਦਰਬਾਰ ਸਾਹਿਬ ‘ਚ ਸਮਾਪਤ ਹੋਵੇਗਾ। ਬੋਰਡ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਲ ਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਰਹਿਣ ਦੇ ਉਚੇਚੇ ਪ੍ਰਬੰਧ ਕੀਤੇ ਹਨ। ਨਗਰ ਕੀਰਤਨ 31 ਅਕਤੂਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦਾਖਲ ਹੋਇਆ ਸੀ।
ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਨਕਾਣਾ ਸਾਹਿਬ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਅਤੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 50 ਰੁਪਏ ਦਾ ਚਾਂਦੀ ਦਾ ਸਿੱਕਾ ਜਾਰੀ ਕਰਨ ਦੇ ਫੈਸਲੇ ਨੂੰ ਵੀ ਸਲਾਹਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਪਾਕਿਸਤਾਨ ‘ਚ ਗੁਰਧਾਮ ਦੀ ਵੀਜ਼ਾ ਮੁਕਤ ਯਾਤਰਾ ਦੀ ਲੰਬੇ ਚਿਰਾਂ ਦੀ ਅਰਦਾਸ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ‘ਚ ਨਵੀਂ ਇਮਾਰਤ ਉਸਾਰਨ ਲਈ ਵੀ ਸਰਕਾਰ ਦਾ ਧੰਨਵਾਦ ਕੀਤਾ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸ਼ਾਂਤੀ ਅਤੇ ਮਾਨਵਤਾ ਦੇ ਆਲੇ-ਦੁਆਲੇ ਘੁੰਮਦੀਆਂ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਲਈ ਵੱਡਾ ਤੋਹਫਾ ਹੈ ਅਤੇ ਪਾਕਿਸਤਾਨ ਦੁਨੀਆਂ ਭਰ ਦੇ ਸਿੱਖਾਂ ਲਈ ਦੂਜਾ ਘਰ ਹੈ। ਅਟਕ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਹਿਜ਼ਾਦ ਨਦੀਮ ਬੁਖਾਰੀ ਨੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਸਿੱਖਾਂ ਲਈ ਬਹੁਪਰਤੀ ਸੁਰੱਖਿਆ ਯੋਜਨਾ ਬਣਾਈ ਗਈ ਹੈ।
___________________________
ਕੈਪਟਨ ਨੂੰ ਪਾਕਿਸਤਾਨ ਦੀ ਨੀਅਤ ਉਤੇ ਸ਼ੱਕ!
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ। ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ਉਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਇਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ਼ਆਈ. ਦੀ ਚਾਲ ਦੱਸ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ‘ਚ ‘ਚੌਧਰ ਜਮਾਉਣ’ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਵਿਚ ਖੁਦ ਨੂੰ ਦੁੱਧ-ਧੋਤੇ ਸਾਬਤ ਨਹੀਂ ਕਰ ਸਕਦੇ।