ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਲਈ ਸ਼ਰਤਾਂ ਹੋਰ ਨਰਮ ਕੀਤੀਆਂ

ਇਸਲਾਮਾਬਾਦ: ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਆਉਣ ਵਾਲਿਆਂ ਨੂੰ ਹੁਣ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਤੇ ਉਹ ਸਿਰਫ ਵੈਧ ਸ਼ਨਾਖਤੀ ਦਸਤਾਵੇਜ਼ (ਆਈ.ਡੀ.) ਦਿਖਾ ਕੇ ਦਰਸ਼ਨਾਂ ਲਈ ਆ ਸਕਦੇ ਹਨ।

ਇਸ ਤੋਂ ਇਲਾਵਾ ਦਸ ਦਿਨ ਪਹਿਲਾਂ ਰਜਿਸਟਰੇਸ਼ਨ ਦੀ ਸ਼ਰਤ ਵੀ ਪਾਕਿਸਤਾਨ ਸਰਕਾਰ ਵੱਲੋਂ ਹਟਾ ਲਈ ਗਈ ਹੈ। ਇਕ ਟਵੀਟ ਵਿਚ ਖਾਨ ਨੇ ਐਲਾਨ ਕੀਤਾ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਲੇ ਦਿਨ, 9 ਨਵੰਬਰ ਨੂੰ ਗੁਰਦੁਆਰਾ ਸਾਹਿਬ ਪੁੱਜਣ ਵਾਲੇ ਸ਼ਰਧਾਲੂਆਂ ਤੇ ਪ੍ਰਕਾਸ਼ ਪੁਰਬ ਵਾਲੇ ਦਿਨ (12 ਨਵੰਬਰ) ਆਉਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਫੀਸ ਵੀ ਨਹੀਂ ਲਈ ਜਾਵੇਗੀ। ਹਾਲਾਂਕਿ ਨੌਂ ਤੇ 12 ਨਵੰਬਰ ਨੂੰ ਛੱਡ ਕੇ ਸ਼ਰਧਾਲੂਆਂ ਨੂੰ ਭਵਿੱਖ ਵਿਚ 20 ਡਾਲਰ ਫੀਸ ਦੇਣੀ ਪਵੇਗੀ। ਜਦਕਿ ਭਾਰਤ ਨੇ ਪਾਕਿ ਨੂੰ ਇਹ ਫੀਸ ਨਾ ਲੈਣ ਲਈ ਕਿਹਾ ਸੀ। ਦੱਸਣਯੋਗ ਹੈ ਕਿ ਜਿਥੇ ਕਸ਼ਮੀਰ ਮੁੱਦੇ ਉਤੇ ਦੋਵਾਂ ਮੁਲਕਾਂ ਵਿਚਾਲੇ ਤਣਾਅ ਹੈ, ਉਥੇ ਪਿਛਲੇ ਹਫਤੇ ਕਾਫੀ ਲੰਮੀ ਗੱਲਬਾਤ ਤੋਂ ਬਾਅਦ ਕਰਤਾਰਪੁਰ ਲਾਂਘੇ ਸਬੰਧੀ ਦੋਵਾਂ ਮੁਲਕਾਂ ਨੇ ਸਮਝੌਤਾ ਸਹੀਬੱਧ ਕੀਤਾ ਸੀ। ਇਸ ਮੌਕੇ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਦੇ ਜਾਣ ਬਾਰੇ ਸਹਿਮਤੀ ਬਣੀ ਸੀ। ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਸੀ ਕਿ ਖਾਸ ਮੌਕਿਆਂ ਉਤੇ ਗਿਣਤੀ ਵਧਾਈ ਵੀ ਜਾ ਸਕਦੀ ਹੈ।
ਉਧਰ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪਰਵਾਸੀ ਭਾਰਤੀ ਪੀਟਰ ਵਿਰਦੀ ਦੇ ਯਤਨਾਂ ਸਦਕਾ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ 10 ਦਿਨ ਪਹਿਲਾਂ ਅਰਜ਼ੀ ਦੇਣ ਦੀਆਂ ਸ਼ਰਤਾਂ ਹਟਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੀਟਰ ਵਿਰਦੀ ਨੂੰ ਦਾਖਲਾ ਫੀਸ ਘਟਾਉਣ ਲਈ ਵੀ ਯਤਨ ਕਰਨੇ ਚਾਹੀਦੇ ਹਨ। ਜਿਵੇਂ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਸ਼ਰਤਾਂ ਹਟਾਈਆਂ ਹਨ, ਕੇਂਦਰ ਸਰਕਾਰ ਨੂੰ ਵੀ ਸ਼ਰਤਾਂ ਹਟਾਉਣੀਆਂ ਚਾਹੀਦੀਆਂ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਤੋਂ ਦਰਸ਼ਨ ਕਰ ਸਕਣ।
______________________________________
ਕਰਤਾਰਪੁਰ ਸੰਗਤ ਦੇ ਸਵਾਗਤ ਲਈ ਤਿਆਰ: ਇਮਰਾਨ
ਇਸਲਾਮਾਬਾਦ: ਕਰਤਾਰਪੁਰ ਕੰਪਲੈਕਸ ਅਤੇ ਗੁਰਦੁਆਰਾ ਦਰਬਾਰ ਸਾਹਿਬ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਉਣ ਵਾਲੀ ਸੰਗਤ ਦੇ ਸਵਾਗਤ ਲਈ ਕਰਤਾਰਪੁਰ ਸਾਹਿਬ ਨੇ ਪਲਕਾਂ ਵਿਛਾ ਦਿੱਤੀਆਂ ਹਨ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ,”ਕਰਤਾਰਪੁਰ ਸਾਹਿਬ ਸਿੱਖ ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੈ।” ਇਕ ਹੋਰ ਟਵੀਟ ‘ਚ ਉਨ੍ਹਾਂ ਲਾਂਘੇ ਦੀ ਉਸਾਰੀ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਆਪਣੀ ਸਰਕਾਰ ਨੂੰ ਵਧਾਈ ਦਿੱਤੀ ਹੈ।
____________________________________________
ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਉਤੇ ਵਿਭਾਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।
ਇਸ ਫੈਸਲੇ ਤਹਿਤ 5 ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸ਼ਡੀ.ਐਮਜ਼ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ।
ਚੰਨੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਸੈਰ -ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ ਇਕ ਟੋਲ ਫਰੀ ਹੈਲਪ ਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ। 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-0550 ਨੰਬਰ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਟੋਲ ਫਰੀ ਨੰਬਰ ਚੌਵੀ ਘੰਟੇ ਚਾਲੂ ਹੈ।