ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ: ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਦਰਬਾਰ ਸਾਹਿਬ ਨਤਮਸਤਕ ਹੋਏ। ਟੋਨੀ ਐਬਟ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਬਰਤਨ ਵੀ ਸਾਫ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਦਰਬਾਰ ਸਾਹਿਬ ਨਤਮਸਤਕ ਹੋਣ ਦੀ ਉਨ੍ਹਾਂ ਦੀ ਇੱਛਾ ਅੱਜ ਪੂਰੀ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਇਥੇ ਆਉਣ ‘ਤੇ ਜੋ ਸਿੱਖ ਭਾਈਚਾਰੇ ਨੇ ਮਾਣ ਸਤਿਕਾਰ ਦਿੱਤਾ ਹੈ, ਇਸ ਲਈ ਉਹ ਸਿੱਖਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਪੂਰੀ ਮਨੁੱਖਤਾ ਲਈ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਰਬਾਰ ਸਾਹਿਬ ਆ ਕੇ ਮਨ ਨੂੰ ਸ਼ਾਂਤੀ ਮਹਿਸੂਸ ਹੋਈ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਆਸਟਰੇਲੀਆ ਤੇ ਭਾਰਤ ਆਪਸ ਵਿਚ ਸਹਿਯੋਗ ਕਰਨ ਤਾਂ ਆਸਟਰੇਲੀਆ ਦੇ ਕੁਦਰਤੀ ਸਾਧਨ ਭਾਰਤ ਲਈ ਲਾਹੇਵੰਦ ਸਾਬਤ ਹੋ ਸਕਦੇ ਹਨ। ਇਥੇ ਅਕਾਲੀ ਦਲ ਦੇ ਟਰੇਡ ਐਂਡ ਇੰਡਸਟਰੀ ਵਿੰਗ ਦੇ ਆਗੂ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਵਿਚ ਮਿਲੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਨੇ ਕੁਦਰਤੀ ਸਾਧਨ, ਤਕਨਾਲੋਜੀ ਦੇ ਸਹਿਯੋਗ ਲਈ ਭਾਰਤ ਨਾਲ ਸਬੰਧ ਕਾਇਮ ਕੀਤੇ ਸਨ ਤੇ ਦੋਵਾਂ ਦੇਸ਼ਾਂ ਨੇ ਇਸ ਵਿਚ ਆਪਸੀ ਸਹਿਯੋਗ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਗਲੇ ਕੁਝ ਦਿਨਾਂ ਵਿਚ ਭਾਰਤ ਦਾ ਦੌਰਾ ਕਰ ਰਹੇ ਹਨ। ਉਮੀਦ ਹੈ ਕਿ ਇਸ ਦੌਰੇ ਨਾਲ ਦੋਵਾਂ ਮੁਲਕਾਂ ਲਈ ਚੰਗੇ ਉਪਰਾਲੇ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਬੰਧਾਂ ਨਾਲ ਭਾਰਤ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਸਟਰੇਲੀਆ ਵਿਚ ਵੀ ਵੱਖ-ਵੱਖ ਥਾਈਂ ਸਮਾਗਮ ਕਰਵਾਏ ਗਏ ਹਨ। ਉਹ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਬਹੁਤ ਮਾਣ ਅਤੇ ਸਤਿਕਾਰ ਦਿੰਦੇ ਹਨ ਕਿਉਂਕਿ ਗੁਰੂ ਸਾਹਿਬ ਦਾ ਉਪਦੇਸ਼ ਪੂਰੀ ਮਨੁੱਖਤਾ ਲਈ ਹੈ। ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਨੇ ਸ੍ਰੀ ਐਬਟ ਕੋਲ ਇੱਛਾ ਜ਼ਾਹਿਰ ਕੀਤੀ ਕਿ ਭਾਰਤੀ ਵਪਾਰੀ ਉਥੇ ਵਪਾਰ ਵਿਚ ਪੈਸਾ ਲਾਉਣ ਦੇ ਚਾਹਵਾਨ ਹਨ, ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪੰਜਾਬੀ ਬੱਚੇ ਆਸਟਰੇਲੀਆ ਜਾ ਰਹੇ ਹਨ, ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਸ੍ਰੀ ਟੋਨੀ ਐਬਟ ਨੇ ਇਸ ਉਤੇ ਹਾਂ-ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਆਸਟਰੇਲੀਆ ਭਾਰਤੀ ਵਪਾਰੀਆਂ ਨੂੰ ਜੀ ਆਇਆਂ ਕਹਿੰਦਾ ਹੈ।