ਕਰਤਾਰਪੁਰ ਲਾਂਘਾ ਫੀਸ ‘ਤੇ ਸ਼੍ਰੋਮਣੀ ਕਮੇਟੀ ਤੇ ਕੈਪਟਨ ਮਿਹਣੋ-ਮਿਹਣੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫੀਸ ਆਪਣੇ ਖਜ਼ਾਨੇ ਵਿਚੋਂ ਭਰਨ ਲਈ ਆਖਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ‘ਤੇ ਪਲਟਵਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੀਲੇ ਕਾਰਡ ਧਾਰਕਾਂ ਦੀ 20 ਅਮਰੀਕੀ ਡਾਲਰ ਦੀ ਫੀਸ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਆਪਣੇ ਫਰਜ਼ਾਂ ਤੋਂ ਭਲੀਭਾਂਤ ਜਾਣੂ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਪੀਲੇ ਕਾਰਡ ਧਾਰਕਾਂ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਲੋੜੀਂਦੀ 20 ਡਾਲਰ ਫੀਸ ਦੇ ਭੁਗਤਾਨ ਦਾ ਸਵਾਲ ਹੈ, ਇਸ ਦਾ ਭੁਗਤਾਨ ਪੰਜਾਬ ਸਰਕਾਰ ਨੂੰ ਕਰਨਾ ਚਾਹੀਦਾ ਹੈ। ਸਰਕਾਰ ਕੋਲ ਸ਼੍ਰੋਮਣੀ ਕਮੇਟੀ ਨਾਲੋਂ ਕਈ ਗੁਣਾ ਵਧੇਰੇ ਵਿੱਤੀ ਸਾਧਨ ਹਨ।
ਸ਼ਰਧਾਲੂਆਂ ਵਿਚ ਦੁਬਿਧਾ ਦੀਆਂ ਰਿਪੋਰਟਾਂ ਸਬੰਧੀ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ‘ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੋਵੇਂ ਦੇਸ਼ਾਂ ਵਿਚਕਾਰ ਸਹੀਬੰਦ ਹੋਏ ਐਮæਓæਯੂæ ਵਿਚ ਸੋਧ ਕਰਨ ਲਈ ਪਾਕਿਸਤਾਨ ਨੂੰ ਬੇਨਤੀ ਕਰਨ ਅਤੇ ਇਸ ਸਮਝੌਤੇ ਵਿਚੋਂ ਉਸ ਸ਼ਰਤ ਨੂੰ ਹਟਾ ਦੇਣ, ਜਿਹੜੀ ਕਰਤਾਰਪੁਰ ਲਾਂਘੇ ਦਾ ਇਸਤੇਮਾਲ ਕਰਨ ਵਾਲੇ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਬਣਾਉਂਦੀ ਹੈ। ਇਸ ਤੋਂ ਇਲਾਵਾ ਉਹ ਜਾਂਚ-ਪੜਤਾਲ ਅਤੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਸੌਖੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕਣ।
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਲੱਖਾਂ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਪਰ ਉਨ੍ਹਾਂ ਲਈ ਦਸਤਾਵੇਜ਼ਾਂ ਦੀ ਜਾਂਚ ਦੀ ਪੇਚੀਦਾ ਪ੍ਰਕਿਰਿਆ ਅਤੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਵੱਡਾ ਅੜਿੱਕਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਨਾ ਹੋਣ ਕਾਰਨ ਰੋਜ਼ਾਨਾ ਸਿਰਫ ਸੈਂਕੜਿਆਂ ਦੀ ਗਿਣਤੀ ਵਿਚ ਹੀ ਸ਼ਰਧਾਲੂ ਇਸ ਤੀਰਥ ਅਸਥਾਨ ਦੀ ਯਾਤਰਾ ਲਈ ਜਾ ਰਹੇ ਹਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਲੋਕ ਖਾਸ ਕਰ ਕੇ ਬਜ਼ੁਰਗ ਕੋਲ ਪਾਸਪੋਰਟ ਨਹੀਂ ਹੈ। ਸ੍ਰੀ ਬਾਦਲ ਨੇ ਇਹ ਵੀ ਬੇਨਤੀ ਕੀਤੀ ਕਿ ਸ਼ਰਧਾਲੂਆਂ ਨੂੰ ਪਛਾਣ ਪੱਤਰ ਵਜੋਂ ਪਾਸਪੋਰਟਾਂ ਦੀ ਬਜਾਇ ਆਧਾਰ ਕਾਰਡ ਵਰਗੇ ਸਬੂਤ ਲਿਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
__________________________________________
ਸ਼੍ਰੋਮਣੀ ਕਮੇਟੀ ਵੱਲੋਂ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼
ਅੰਮ੍ਰਿਤਸਰ: ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿਚ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼ ਰੱਖੀ ਹੈ।
ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾ ਰਹੇ ਹਨ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ, ਜਿਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਬਣਾਈ ਗਈ ਗੁੰਝਲਦਾਰ ਪ੍ਰਕਿਰਿਆ ਹੈ। ਫਿਲਹਾਲ ਸ਼ਰਧਾਲੂਆਂ ਨੂੰ ਇਸ ਸਬੰਧੀ ਫਾਰਮ ਭਰਨ ਵਿਚ ਵੀ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਇਸ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਜਾਣਕਾਰੀ ਪ੍ਰਾਪਤ ਕਰਨਾ ਵੀ ਔਖਾ ਹੋਇਆ ਪਿਆ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹਰ ਰੋਜ਼ ਕਰੀਬ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਣ ਦਾ ਸਮਝੌਤਾ ਹੋਇਆ ਹੈ।