ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਕਿਸੇ ਵਿਰੋਧ ਦੇ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ‘ਚ ਬਾਕੀ ਅਹੁਦਿਆਂ ਉਤੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਨਰਲ ਇਜਲਾਸ ਦੌਰਾਨ ਕੁਝ ਮੰਗਾਂ ਨੂੰ ਲੈ ਕੇ ਸੁਖਦੇਵ ਸਿੰਘ ਭੌਰ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕੁਝ ਮੈਂਬਰਾਂ ਨੇ ਬਾਈਕਾਟ ਕੀਤਾ।
ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਇਸੇ ਤਰ੍ਹਾਂ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਪਰਮਜੀਤ ਕੌਰ ਲਹਿਰਾ, ਕੁਲਦੀਪ ਕੌਰ ਟੌਹੜਾ, ਜਸਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਰਾਜਸਥਾਨ, ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਮਗਵਿੰਦਰ ਸਿੰਘ ਖਾਪੜਖੇੜੀ ਸ਼ਾਮਲ ਹਨ।
ਦੂਜੀ ਧਿਰ ਵੱਲੋਂ ਕਿਸੇ ਵੀ ਅਹੁਦੇ ਲਈ ਉਮੀਦਵਾਰ ਦੇ ਨਾਂ ਦੀ ਪੇਸ਼ਕਸ਼ ਨਹੀਂ ਕੀਤੀ ਗਈ ਜਿਸ ਕਾਰਨ ਚੋਣ ਪ੍ਰਕਿਰਿਆ ਸਿਰਫ ਅੱਧੇ ਘੰਟੇ ਵਿਚ ਹੀ ਮੁਕੰਮਲ ਹੋ ਗਈ। ਜ਼ਿਕਰਯੋਗ ਹੈ ਕਿ ਗੋਬਿੰਦ ਸਿੰਘ ਲੌਂਗੋਵਾਲ 2017 ਅਤੇ 2018 ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਨ। ਇਸ ਇਕੱਤਰਤਾ ਵਿਚ ਕੁਲ 154 ਮੈਂਬਰ ਹਾਜ਼ਰ ਸਨ ਅਤੇ 15 ਮੈਂਬਰ ਗੈਰਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚੋਂ 14 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਅਤੇ ਦੋ ਮੈਂਬਰ ਅਸਤੀਫਾ ਦੇ ਚੁੱਕੇ ਹਨ।
_____________________________________
ਸ਼੍ਰੋਮਣੀ ਕਮੇਟੀ ਨੂੰ ਮਿਲੇ ਪੜ੍ਹੇ-ਲਿਖੇ ਨਵੇਂ ਅਹੁਦੇਦਾਰ
ਅੰਮ੍ਰਿਤਸਰ: ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਇਸ ਵਾਰ ਚੁਣੇ ਗਏ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਵਧੇਰੇ ਪੜ੍ਹੇ ਲਿਖੇ ਹਨ, ਜੋ ਸਿੱਖ ਧਰਮ ਦੇ ਪ੍ਰਚਾਰ ਲਈ ਆਧੁਨਿਕ ਢੰਗ ਤਰੀਕੇ ਅਪਣਾਉਣ ਦੇ ਹੱਕ ਵਿਚ ਹਨ। 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਚਾਰ ਅਹੁਦੇਦਾਰਾਂ ਸਮੇਤ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ ਹਨ। ਇਨ੍ਹਾਂ ਵਿਚ ਲਗਭਗ ਅੱਠ ਮੈਂਬਰ ਪੋਸਟ ਗਰੈਜੂਏਟ ਤੇ ਗਰੈਜੂਏਟ ਹਨ, ਇਕ ਜੇ.ਬੀ.ਟੀ., ਦੋ ਹਾਇਰ ਸੈਕੰਡਰੀ ਅਤੇ ਤਿੰਨ ਮੈਟ੍ਰਿਕ ਪਾਸ ਹਨ। ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਮ.ਏ. ਤੱਕ ਸਿੱਖਿਆ ਹਾਸਲ ਕੀਤੀ ਹੋਈ ਹੈ। ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਐਮ.ਏ. ਪੰਜਾਬੀ ਪਾਸ ਹਨ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਬੀਏ ਭਾਗ ਦੋ ਤੱਕ ਵਿਦਿਆ ਪ੍ਰਾਪਤ ਕੀਤੀ ਹੈ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਐਲ਼ਐਲ਼ਬੀ. ਪਾਸ ਹਨ। ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਿਚ ਜਸਮੇਰ ਸਿੰਘ ਲਾਛੜੂ, ਸ਼ੇਰ ਸਿੰਘ ਮੰਡਵਾਲਾ, ਇੰਦਰਮੋਹਨ ਸਿੰਘ ਲਖਮੀਰ ਵਾਲਾ ਅਤੇ ਗੁਰਪਾਲ ਸਿੰਘ ਗੋਰਾ ਚਾਰੋ ਗਰੈਜੂਏਟ ਹਨ। ਅਮਰਜੀਤ ਸਿੰਘ ਭਲਾਈਪੁਰ ਨੇ ਜੇ.ਬੀ.ਟੀ. ਕੀਤੀ ਹੋਈ ਹੈ।
________________________________________
ਜਨਰਲ ਇਜਲਾਸ ਦਾ ਬਾਈਕਾਟ ਤੇ ਰੋਸ ਵਿਖਾਵਾ
ਅੰਮ੍ਰਿਤਸਰ: ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਹੋਣ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ ਨਿੰਦਾ ਮਤਾ ਪਾਸ ਕਰਨ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਰੋਸ ਵਿਖਾਵਾ ਕੀਤਾ ਗਿਆ। ਰੋਸ ਵਿਖਾਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਦਾ ਬਾਈਕਾਟ ਕੀਤਾ। ਬਾਈਕਾਟ ਕਰਨ ਵਾਲੇ ਮੈਂਬਰਾਂ ਵਿਚ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਬਲਵਿੰਦਰ ਸਿੰਘ ਬੈਂਸ, ਸਰਬੰਸ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਜਸਵੰਤ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਗੁਰਪ੍ਰੀਤ ਸਿੰਘ ਰੰਧਾਵਾ ਸ਼ਾਮਲ ਸਨ। ਜਿਵੇਂ ਹੀ ਜਨਰਲ ਇਜਲਾਸ ਵਿਚ ਚੋਣ ਪ੍ਰਕਿਰਿਆ ਸ਼ੁਰੂ ਹੋਈ, ਸੁਖਦੇਵ ਸਿੰਘ ਭੌਰ ਨੇ ਅਯੁੱਧਿਆ ਕੇਸ ਵਿਚ ਇਕ ਸਿੱਖ ਵਿਅਕਤੀ ਵੱਲੋਂ ਦਿੱਤੀ ਗਵਾਹੀ ਖਿਲਾਫ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੀ ਮੰਗ ਉਭਾਰੀ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਵਿਚਾਰਨ ਦਾ ਭਰੋਸਾ ਦਿੱਤਾ।