ਕੈਪਟਨ ਵੱਲੋਂ ਨਿਵੇਸ਼ਕਾਂ ਨੂੰ ਪੰਜਾਬ ਵਿਚ ਖੁੱਲ੍ਹ ਕੇ ਨਿਵੇਸ਼ ਕਰਨ ਦਾ ਸੱਦਾ

ਮੁਹਾਲੀ: ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਵੀ ਚੀਜ਼ ਦੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਉਣਗੇ। ਉਨ੍ਹਾਂ ਸਨਅਤੀ ਘਰਾਣਿਆਂ ਨੂੰ ਭਰੋਸਾ ਦਿੱਤਾ ਕਿ ਨਿਵੇਸ਼ ਲਈ ਹਰ ਹਾਲ ਸ਼ਾਂਤ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਖੇਤੀਬਾੜੀ ਤੋਂ ਸਨਅਤਾਂ ਵੱਲ ਲਿਜਾਣ ਲਈ ਦਹਾਕਿਆਂ ਪੁਰਾਣੀਆਂ ਨੀਤੀਆਂ ਵਿਚ ਸੁਧਾਰ ਲਿਆਂਦਾ ਹੈ। ਬੱਚਿਆਂ ਨੂੰ ਚੰਗੇ ਵਸੀਲਿਆਂ ਦੀ ਖੋਜ ਲਈ ਦੂਰ ਜਾਣ ਦੀ ਬਜਾਏ ਇਥੇ ਹੀ ਸਾਜ਼ਗਾਰ ਮਾਹੌਲ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 50 ਸਾਲ ਪੁਰਾਣੀਆਂ ਨੀਤੀਆਂ ਨਾਲ ਨਹੀਂ ਚੱਲਿਆ ਜਾ ਸਕਦਾ। ਪੰਜਾਬ ‘ਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਨੂੰ ਪ੍ਰਗਤੀ ਦੇ ਰਾਹ ਤੋਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ। ਕੈਪਟਨ ਨੇ ਕਿਹਾ ਕਿ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਸ਼ਲ ਕਾਮਿਆਂ ਦੀ ਸੂਬੇ ਵਿਚ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਉਦਯੋਗਾਂ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕਈ ਵੱਡੇ ਕਦਮ ਚੁੱਕੇ ਹਨ। ਛੋਟੇ, ਲਘੂ ਤੇ ਦਰਮਿਆਨੇ ਉੱਦਮੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਐਚ.ਡੀ.ਐਫ਼ਸੀ. ਬੈਂਕ ਨਾਲ ਐਮ.ਓ.ਯੂ. ਸਹੀਬੱਧ ਹੋਇਆ ਹੈ। ਇਸ ਤਹਿਤ 1100 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ ਹਨ। ਇਸੇ ਤਰ੍ਹਾਂ ਪੰਜਾਬ ਰਾਈਟ ਟੂ ਬਿਜ਼ਨਸ ਆਰਡੀਨੈਂਸ ਅਤੇ ਸਟੇਟ ਗਰਾਊਂਡ ਵਾਟਰ ਅਥਾਰਿਟੀ ਦੀ ਸਥਾਪਨਾ ਨੂੰ ਸਹਿਮਤੀ ਦਿੱਤੀ ਗਈ ਹੈ। ਇੰਡਸਟਰੀ ਡਿਸਪਿਊਟ ਐਕਟ 1947, ਫੈਕਟਰੀਜ਼ ਐਕਟ 1948, ਕੰਟਰੈਕਟ ਲੇਬਰ ਰੈਗੂਲੇਸ਼ਨ ਐਂਡ ਅਬੋਲੇਸ਼ਨ ਐਕਟ 1970 ਵਿਚ ਸੋਧਾਂ ਕੀਤੀਆਂ ਗਈਆਂ ਹਨ। ਭਵਿੱਖ ਵਿਚ ਹੋਰ ਵੀ ਅਜਿਹੇ ਸੁਧਾਰ ਜਾਰੀ ਰਹਿਣਗੇ। ਜ਼ਮੀਨ ਦੀ ਉਪਲੱਬਧਤਾ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼ 1964 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਫੂਡ ਪ੍ਰੋਸੈਸਿੰਗ, ਮੈਨੂਫੈਕਚਰਿੰਗ, ਲਾਈਟ ਇੰਜੀਨੀਅਰਿੰਗ, ਪੈਟਰੋਕੈਮੀਕਲ ਤੇ ਫਰਮਾਸਿਊਟੀਕਲ ਸੈਕਟਰ ਵਿਚ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਨਅਤਾਂ ਲਈ ਬਿਜਲੀ ਦੀ ਮੰਗ 26 ਫੀਸਦੀ ਵਧੀ ਹੈ ਜਿਹੜੀ ਕਿ ਸੂਬੇ ਵਿਚ ਸਨਅਤੀ ਵਿਕਾਸ ਦੇ ਵਾਧੇ ਦਾ ਸਬੂਤ ਹੈ।
________________________________________
ਜਾਪਾਨੀ ਕੰਪਨੀਆਂ ਵੱਲੋਂ ਕੈਪਟਨ ਨੂੰ ਭਰੋਸਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਨੂੰ ਰਾਜਪੁਰਾ ਅਤੇ ਬਠਿੰਡਾ ਵਿਚ ਉਸਾਰੇ ਜਾਣ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿਚ ਨਿਵੇਸ਼ ਲਈ ਉਤਸ਼ਾਹਿਤ ਕਰਨ। ਸ੍ਰੀ ਸੁਜ਼ੂਕੀ ਨੇ ਮੁਹਾਲੀ ਵਿਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸ਼ਿਰਕਤ ਕਰਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਨਿਵੇਸ਼ ਨੂੰ ਲੈ ਕੇ ਹੋਈ ਇਸ ਮਿਲਣੀ ਦੌਰਾਨ ਕੈਪਟਨ ਨੇ ਜਾਪਾਨੀ ਰਾਜਦੂਤ ਨੂੰ ਦੱਸਿਆ ਕਿ ਰਾਜਪੁਰਾ, ਮੁਹਾਲੀ ਦੇ ਬਿਲਕੁਲ ਨੇੜੇ ਸਥਿਤ ਹੈ ਜਿਸ ਨਾਲ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਨੂੰ ਲੋੜੀਂਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਹਤਰੀਨ ਸੜਕੀ ਤੇ ਹਵਾਈ ਆਵਾਜਾਈ ਵੀ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਰਾਜਪੁਰਾ ਥਰਮਲ ਪਲਾਂਟ ਰਾਹੀਂ ਉਦਯੋਗਿਕ ਪਾਰਕ ਵਿਚ ਕੰਪਨੀ ਦੇ ਯੂਨਿਟ ਸਥਾਪਤ ਕਰਨ ਲਈ ਨਿਵੇਸ਼ਕਾਂ ਦੀਆਂ ਬਿਜਲੀ ਲੋੜਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ। ਜਾਪਾਨੀ ਰਾਜਦੂਤ ਨੇ ਪੰਜਾਬ ਵਿਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਕਾਇਮ ਕਰਨ ਸਬੰਧੀ ਸਰਕਾਰ ਵੱਲੋਂ ਦਿੱਤੇ ਭਰੋਸੇ ਦੀ ਸਿਫਤ ਕਰਦਿਆਂ ਕਿਹਾ ਕਿ ਵੱਖ-ਵੱਖ ਕੰਪਨੀਆਂ ਨਿਵੇਸ਼ ਲਈ ਅੱਗੇ ਆਉਣਗੀਆਂ।