ਅੰਮ੍ਰਿਤਸਰ: ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਇਕ ਮੰਚ ਉਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ ਨੇ ਸੱਦਾ ਦਿੱਤਾ ਕਿ ਇਕਜੁੱਟ ਹੋ ਕੇ ਇਕ ਹੋਰ ਗੁਰਦੁਆਰਾ ਸੁਧਾਰ ਲਹਿਰ ਚਲਾਈ ਜਾਵੇ ਜਿਸ ਤਹਿਤ ਬਾਦਲ ਪਰਿਵਾਰ ਕੋਲੋਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਆਜ਼ਾਦ ਕਰਵਾਇਆ ਜਾਵੇ।
ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਦੇ ਵਿਹੜੇ ਵਿਚ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਆਗੂ ਮੰਚ ਉਤੇ ਪੁੱਜੇ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ 1920 ਦੇ ਮੁਖੀ ਰਵੀਇੰਦਰ ਸਿੰਘ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਮੁਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਅਕਾਲੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਫੈਡਰੇਸ਼ਨ ਦੇ ਸਾਬਕਾ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਬਾਦਲ ਪਰਿਵਾਰ ਨਾਲ ਸਬੰਧਤ ਹਰਸੁਖਇੰਦਰ ਸਿੰਘ ਬੱਬੀ ਬਾਦਲ, ਚੀਫ ਖਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਅਤੇ ਹੋਰ ਫੈਡਰੇਸ਼ਨਾਂ ਤੇ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਾਰਟੀ ਵਿਚ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ ਜਿਸ ਨਾਲ ਪਾਰਟੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬਚਾਉਣ ਲਈ ਪਾਰਟੀ ਨੂੰ ਬਾਦਲਾਂ ਤੋਂ ਮੁਕਤ ਕਰਨ ਦੀ ਲੋੜ ਹੈ। ਆਪਣੇ ਆਪ ਨੂੰ ਅਕਾਲੀ ਆਗੂ ਆਖਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਉਹ ਪੁਰਾਤਨ ਪਾਰਟੀ ਨਹੀਂ ਰਹੀ, ਇਸ ਵਿਚ ਸੁਧਾਰ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾਉਣ ਦੀ ਲੋੜ ਹੈ। ਇਸ ਵੇਲੇ ਸਿੱਖ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ ਮੁੜ ਬਹਾਲ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿਚ ਕੋਈ ਚੋਣ ਨਹੀਂ ਲੜਨਗੇ ਅਤੇ ਆਪਣਾ ਸਮੁੱਚਾ ਸਮਾਂ ਪਾਰਟੀ ਦੀ ਮੁੜ ਸੁਰਜੀਤੀ ਤੇ ਮਜ਼ਬੂਤੀ ਨੂੰ ਸਮਰਪਿਤ ਕਰਨਗੇ।
ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮੂਹ ਧੜਿਆਂ ਨੂੰ ਇਕਜੁੱਟ ਹੋਣ ਅਤੇ ਗੁਰਦੁਆਰਿਆਂ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਛੁਡਾਉਣ ਦਾ ਹੋਕਾ ਦਿੱਤਾ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਖਿਆ ਕਿ ਦਿੱਲੀ ਦੇ ਲੋਕ ਬਾਦਲਾਂ ਤੋਂ ਤੰਗ ਹਨ। ਪਿਛਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਪ੍ਰਚਾਰ ਵੇਲੇ ਬਾਦਲ ਦੀ ਫੋਟੋ ਤੱਕ ਹਟਾਉਣੀ ਪਈ ਸੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਦੋਸ਼ ਲਾਇਆ ਕਿ ਇਸ ਵੇਲੇ ਸਿੱਖ ਸੰਸਥਾਵਾਂ ਅਤੇ ਇਨ੍ਹਾਂ ਦੇ ਟਰੱਸਟ ਬਾਦਲ ਦੇ ਕਬਜ਼ੇ ਹੇਠ ਹਨ ਜਿਨ੍ਹਾਂ ਦੀ ਨਿੱਜੀ ਹਿੱਤਾਂ ਲਈ ਦੁਰਵਰਤੋਂ ਹੋ ਰਹੀ ਹੈ।
ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਸਮੂਹ ਧੜਿਆਂ ਅਤੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਮੰਚ ਉਤੇ ਇਕੱਠੇ ਹੋਣ ਤਾਂ ਜੋ ਬਾਦਲਾਂ ਨੂੰ ਭਾਂਜ ਦਿੱਤੀ ਜਾ ਸਕੇ।
___________________________________
ਬਾਦਲ ਵਿਰੋਧੀਆਂ ਵੱਲੋਂ ਅੱਠ ਮਤੇ ਪਾਸ
ਅੰਮ੍ਰਿਤਸਰ: ਕਾਨਫਰੰਸ ‘ਚ 8 ਮਤਿਆਂ ਵਾਲੀਆਂ ਕਾਪੀਆਂ ਪੱਤਰਕਾਰਾਂ ਨੂੰ ਵੰਡੀਆਂ ਗਈਆਂ, ਜਿਸ ‘ਚ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕਰਨ, ਅਕਾਲ ਤਖਤ ਤੋਂ ਰਾਮ ਰਹੀਮ ਨੂੰ ਮੁਆਫੀ ਦੇਣ, ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੀ ਨਿਖੇਧੀ ਕੀਤੀ ਗਈ ਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਉਤੇ ਕੈਪਟਨ ਸਰਕਾਰ ਨੂੰ ਬਰਾਬਰ ਦਾ ਜ਼ਿੰਮੇਵਾਰ ਦੱਸਿਆ ਗਿਆ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ, ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੇ ਆਧਾਰਿਤ ਰਾਜਾਂ ਨੂੰ ਸ਼ਕਤੀਆਂ ਦੇਣ, ਚੰਡੀਗੜ੍ਹ ਤੇ ਹੋਰ ਪੰਜਾਬੀ ਬੋਲਦੇ ਇਲਾਕੇ ਹਾਸਲ ਕਰਨ ਲਈ ਸੰਘਰਸ਼ ਵਿੱਢਣ, ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੀ ਨਿੰਦਾ ਕਰਦੇ ਹੋਏ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ ਬਿੰਨ ਲਾਗੂ ਕਰਨ, ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਬੀਜਾਂ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ (ਬ) ਨੂੰ ਗੈਰ ਪੰਥਕ ਪਾਰਟੀ ਦਾ ਨਾਂ ਦਿੱਤਾ ਗਿਆ। ਸਮਾਜਿਕ ਬੁਰਾਈਆਂ ਨਸ਼ਿਆਂ, ਰਿਸ਼ਵਤਖੋਰੀ, ਦਾਜ ਦੀ ਲਾਹਨਤ, ਪਤਿਤਪੁਣੇ ਤੇ ਭਰੂਣ ਹੱਤਿਆ ਨੂੰ ਜੜ੍ਹੋਂ ਪੁੱਟਣ, ਸਿੱਖ ਵਿਰਸੇ ਨੂੰ ਸੰਭਾਲਣ ਲਈ ਪ੍ਰੋਗਰਾਮ ਉਲੀਕਣ ਮਤੇ ਪੇਸ਼ ਕੀਤੇ ਗਏ।