ਕਾਂਗਰਸੀਆਂ ਵੱਲੋਂ ਅਕਾਲੀਆਂ ਦੀ ਸੋਨੀਆ ਕੋਲ ਸ਼ਿਕਾਇਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਕਾਂਗਰਸੀਆਂ ‘ਤੇ ਕੀਤੇ ਹਮਲਿਆਂ ਦੀ ਨਿੰਦਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਤੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਕੋਲ ਉਠਾਇਆ ਹੈ। ਸ਼ ਬਾਜਵਾ ਨੇ ਦੋਸ਼ ਲਾਇਆ ਕਿ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸੀ ਉਮੀਦਵਾਰਾਂ ਨੂੰ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਹੈ।
ਉਨ੍ਹਾਂ ਸੱਤਾਧਾਰੀ ਪਾਰਟੀ ਵੱਲੋਂ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਨ ਬਾਰੇ ਕੀਤੀ ਜਾ ਰਹੀ ਕੋਸ਼ਿਸ਼ ਦੀ ਨਿੰਦਾ ਕਰਦਿਆਂ ਸੂਬਾ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲਅੰਦਾਜ਼ੀ ਕਰਨ ਤੇ ਅਕਾਲੀ ਦਲ ਲੀਡਰਸ਼ਿਪ ਨੂੰ ਇਸ ਧੱਕੇਸ਼ਾਹੀ ਲਈ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਨੇ ਗੁਰੂ ਹਰਸਹਾਏ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ‘ਤੇ ਉਸ ਵਕਤ ਹਮਲਾ ਕੀਤਾ ਜਦੋਂ ਉਹ ਕਾਂਗਰਸੀ ਉਮੀਦਵਾਰਾਂ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੇ ਸਨ। ਉਨ੍ਹਾਂ ਦੇ ਪੀæਏ ਨਸੀਬ ਸਿੰਘ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਬੀਤੇ ਦਿਨ ਕੋਟਕਪੂਰਾ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ‘ਤੇ ਹਮਲਾ ਕੀਤਾ ਗਿਆ ਸੀ। ਸੁਲਤਾਨਪੁਰ ਲੋਧੀ ਵਿਚ ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ‘ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ। ਸ਼ ਬਾਜਵਾ ਨੇ ਇਸ ਬਾਰੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਛਿੰਦੇ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ਦੀ ਹਕੀਕਤ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਿਰਪੱਖ ਚੋਣਾਂ ਕਰਵਾਉਣ ਦਾ ਦਾਅਵਾ ਕਰ ਰਹੇ ਹਨ ਜਦੋਂਕਿ ਦੂਸਰੇ ਪਾਸੇ ਕਾਂਗਰਸੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਵੀ ਰੋਕਿਆ ਜਾ ਰਿਹਾ ਹੈ।
_____________________________
ਕੈਪਟਨ ਨੇ ਉਠਾਏ ਪੁਲਿਸ ਦੀ ਭੂਮਿਕਾ ‘ਤੇ ਸਵਾਲ
ਚੰਡੀਗੜ੍ਹ: ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਕਾਲੀਆਂ ਵੱਲੋਂ ਕਾਂਗਰਸੀ ਵਰਕਰਾਂ ਦੀ ਕੀਤੀ ਕੁੱਟਮਾਰ ਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਯੂਥ ਕਾਂਗਰਸ ਦੇ ਇਕ ਆਗੂ ਦੀ ਤਰਨਤਾਰਨ ਵਿਚ ਹੱਤਿਆ ਕਰ ਦਿੱਤੀ ਗਈ, ਜਦਕਿ ਪਾਰਟੀ ਦੇ ਸੀਨੀਅਰ ਆਗੂ ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਗੁਰਮੀਤ ਸਿੰਘ ਸੋਢੀ ਉਪਰ ਕਾਤਲਾਨਾ ਹਮਲਾ ਕੀਤਾ ਗਿਆ। ਉਨ੍ਹਾਂ ਪੁਲਿਸ ਵੱਲੋਂ ਨਿਭਾਈ ਜਾ ਰਹੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਕੀਤੇ।

Be the first to comment

Leave a Reply

Your email address will not be published.