ਸ਼ਹੀਦੀ ਜੋੜ ਮੇਲ: ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ

ਫਤਹਿਗੜ੍ਹ ਸਾਹਿਬ/ਚਮਕੌਰ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਫਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਵਿਚ ਸਮਾਪਤ ਹੋ ਗਏ। ਫਤਹਿਗੜ੍ਹ ਸਾਹਿਬ ਵਿਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ, ਨਗਰ ਕੀਰਤਨ ਦੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਚ ਪੁੱਜਣ ਉਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸੀਤ ਲਹਿਰ ਦੇ ਬਾਵਜੂਦ ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ‘ਚ ਸੰਗਤ ਨੇ ਨਤਮਸਤਕ ਹੋ ਕੇ ਸ਼ਹਾਦਤ ਨੂੰ ਯਾਦ ਕੀਤਾ ਹੈ।

ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਨੌਂ ਵਜੇ ਆਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਣੇ ਵੱਡੀ ਗਿਣਤੀ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਪੁੱਜੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਚ ਸ਼ਹੀਦੀ ਸਭਾ ਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਰਘਬੀਰ ਸਿੰਘ ਨੇ ਕੀਤੀ ਜਦੋਂਕਿ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਉਤੇ ਚਾਨਣਾ ਪਾਇਆ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਲੰਗਰ ਵੀ ਲਗਾਏ ਗਏ। ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ‘ਚ ਪੁੱਜੇ ਸ਼ਰਧਾਲੂ ਕੜਾਕੇ ਦੀ ਠੰਢ ‘ਚ ਸ਼ਰਧਾਲੂ ਨੰਗੇ ਪੈਰੀਂ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਉਮੜ ਪਏ।
ਪਾਲਕੀ ਸਾਹਿਬ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਆਕਾਸ਼ ਵੀ ਗੂੰਜ ਰਿਹਾ ਸੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਸਮੇਂ ਸਜਾਏ ਗਏ ਗੁਰਮਤਿ ਸਮਾਗਮ ‘ਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਵੈਰਾਗਮਈ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਤੇ ਸ੍ਰੀ ਸੋਹਿਲਾ ਸਾਹਿਬ ਦੀ ਪਾਵਨ ਬਾਣੀ ਦੇ ਸੰਗਤੀ ਰੂਪ ‘ਚ ਜਾਪ ਕਰਨ ਉਪਰੰਤ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।
__________________________________________________
ਜਥੇਦਾਰ ਨੇ ਸਿੱਖ ਇਤਿਹਾਸ ਬਾਰੇ ਖਬਰਦਾਰ ਕੀਤਾ
ਫਤਹਿਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ‘ਚ ਸਿੱਖ ਇਤਿਹਾਸ ਅਤੇ ਰਵਾਇਤਾਂ ਸਬੰਧੀ ਪਾਏ ਜਾ ਰਹੇ ਸ਼ੰਕਿਆਂ ਤੋਂ ਸਿੱਖ ਕੌਮ ਸੁਚੇਤ ਰਹੇ। ਜਥੇਦਾਰ ਨੇ ਕਿਹਾ ਕਿ ਕੌਮ ‘ਚ ਭੁਲੇਖੇ ਪੈਦਾ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਰਮ ‘ਚ ਸ਼ਰਧਾ ਦਾ ਵੱਡਾ ਮਹੱਤਵ ਹੈ ਅਤੇ ਤਰਕ ਦੀ ਥਾਂ ਵਿਵੇਕ ਸਿੱਖ ਚਿੰਤਨ ਦਾ ਅਹਿਮ ਅੰਗ ਹੈ।
________________________________________________
‘ਜਿੰਦਾਂ ਨਿੱਕੀਆਂ’ ਸ਼ੋਅ ਦੀ ਵਿਲੱਖਣ ਪੇਸ਼ਕਾਰੀ
ਫਤਹਿਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਜੁੜੀ ਸ਼ਹੀਦੀ ਸਭਾ ਦੌਰਾਨ ਇਥੇ ਆਮ ਖਾਸ ਬਾਗ ਵਿਚ ਸਾਈਟ ਐਂਡ ਸਾਊਂਡ ਸ਼ੋਅ ‘ਜਿੰਦਾਂ ਨਿੱਕੀਆਂ’ ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤਾਂ ਨੂੰ ਭਾਵੁਕ ਕੀਤਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਆਰਟ ਥੀਏਟਰ ਦੇ ਸਹਿਯੋਗ ਨਾਲ ਮਰਹੂਮ ਡਾ. ਹਰਚਰਨ ਸਿੰਘ ਲਾਟਾ ਦੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਉਪਰ ਲਿਖੇ ਨਾਟਕ ‘ਤੇ ਆਧਾਰਤ, ਪ੍ਰਸਿੱਧ ਨਿਰਮਾਤਾ ਤੇ ਨਿਰਦੇਸ਼ਕ ਹਰਬਖ਼ਸ਼ ਸਿੰਘ ਲਾਟਾ ਦੀ ਨਿਰਦੇਸ਼ਨਾਂ ਹੇਠ ਇਸ ਮਹਾਂ ਨਾਟਕ ‘ਜਿੰਦਾਂ ਨਿੱਕੀਆਂ’ ਦੇ ਸਾਈਟ ਐਂਡ ਸਾਊਂਡ ਸ਼ੋਅ ਦੀ ਫਤਹਿਗੜ੍ਹ ਸਾਹਿਬ ਦੇ ਆਮ ਖਾਸ ਬਾਗ ਵਿਚ ਪਹਿਲੀ ਵਾਰ ਪੇਸ਼ਕਾਰੀ ਕਰਵਾਈ ਗਈ ਹੈ।