ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਡੀਜੀਪੀ ਸੁਮੇਧ ਸਿੰਘ ਸੈਣੀ ਖੁਦ ਹੀ ਆਪਣਾ ਗੁਣਗਾਨ ਕਰਨ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੈਣੀ ਨਿਰਪੱਖ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਕਰਵਾਉਣ ਵਿਚ ਅਸਫ਼ਲ ਰਹਿਣ ‘ਤੇ ਮੁਆਫ਼ੀ ਮੰਗੇ। ਉਨ੍ਹਾਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੁਲਿਸ ਦੀ ਕਹਾਣੀ ‘ਤੇ ਸਖਤ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਸੱਚ ਨੂੰ ਛੁਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਵਿਚ ਹੋਈ ਹਿੰਸਾ ਸਬੰਧੀ ਅਖ਼ਬਾਰਾਂ ਦੀਆਂ ਖ਼ਬਰਾਂ ਨੇ ਸੈਣੀ ਦੇ ਦਾਅਵਿਆਂ ਨੂੰ ਗਲਤ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਸੈਣੀ ਆਪਣੇ ਸਿਆਸੀ ਆਕਾਵਾਂ ਦੇ ਕਹਿਣ ‘ਤੇ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾਅਵਾ ਕਰ ਰਹੀ ਹੈ ਕਿ ਸ਼ ਸੋਢੀ ਨੇ ਖੁਦ ਨੂੰ ਜ਼ਖਮੀ ਕਰਕੇ ਇਸ ਘਟਨਾ ਲਈ ਚੱਲਿਆ ਹੋਇਆ ਕਾਰਤੂਸ ਇਸਤੇਮਾਲ ਕੀਤਾ ਜਦਕਿ ਖਾਲੀ ਕਾਰਤੂਸ ਸਰੀਰ ਵਿਚ ਜਾ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਰਾਣਾ ਸੋਢੀ ਇਕ ਕੌਮਾਂਤਰੀ ਸ਼ੂਟਰ ਹਨ ਜਿਸ ਕਾਰਨ ਉਹ ਅਜਿਹੀ ਝੂਠੀ ਕਹਾਣੀ ਨਹੀਂ ਬਣਾ ਸਕਦਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਿਰੁੱਧ ਝੂਠੀ ਸ਼ਿਕਾਇਤ ਦਰਜ ਕਰਵਾਉਣ ਦੇ ਦੋਸ਼ ਤਹਿਤ ਕੇਸ ਦਰਜ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਇਕ ਸਹਿਯੋਗੀ ਵਿਰੁੱਧ ਵੀ ਕੇਸ ਦਰਜ ਕੀਤਾ ਜਾ ਰਿਹਾ ਹੈ।
ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਹਰਸਹਾਏ ਹਲਕੇ ਦੇ ਵਿਧਾਇਕ ਰਾਣਾ ਸੋਢੀ ਤੇ ਉਨ੍ਹਾਂ ਦੇ ਇਕ ਸਹਿਯੋਗੀ ਵੱਲੋਂ ਫਾਇਰਿੰਗ ਕਰਨ ਤੇ ਬੰਦੂਕ ਦੀ ਨੋਕ ਉਤੇ ਧਮਕਾਏ ਜਾਣ ਦੇ ਦੋਸ਼ਾਂ ਨੂੰ ਗਲਤ ਪਾਇਆ ਹੈ। ਹੁਣ ਪੁਲਿਸ ਵੱਲੋਂ ਗਲਤ ਜਾਣਕਾਰੀ ਦੇਣ ਦੇ ਦੋਸ਼ ਤਹਿਤ ਵਿਧਾਇਕ ਤੇ ਉਸ ਦੇ ਸਹਿਯੋਗੀ ਵਿਰੁੱਧ ਆਈਪੀਸੀ ਦੀ ਧਾਰਾ 182 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਚੋਣ ਪ੍ਰਕਿਰਿਆ ਦੌਰਾਨ ਕੁਝ ਵਿਅਕਤੀਆਂ ਨੇ ਉਸ ਉਪਰ ਪਿਸਤੌਲ ਤਾਣ ਕੇ ਮਾਰਨ ਦਾ ਯਤਨ ਕੀਤਾ ਸੀ। ਇਸੇ ਦੌਰਾਨ ਰਾਣਾ ਸੋਢੀ ਦੇ ਸਹਿਯੋਗੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਗੋਲੀ ਮਾਰੀ ਗਈ ਹੈ ਪਰ ਫੌਰੈਸਿਕ ਰਿਪੋਰਟ ਅਨੁਸਾਰ ਉਸ ਦੇ ਕੋਈ ਗੋਲੀ ਨਹੀਂ ਲੱਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਕੇਸ ਦਰਜ ਕੀਤਾ ਜਾ ਰਿਹਾ ਹੈ।
Leave a Reply